ਅਰਵਿੰਦ ਕੇਜਰੀਵਾਲ ਨੇ CEC ਗਿਆਨੇਸ਼ ਕੁਮਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, SIR ਰੱਦ ਕਰਨ ਸਮੇਤ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਦੀ ਕੀਤੀ
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਚਲਾਉਣ ਦੀ ਮੰਗ ਵੀ ਕੀਤੀ।
ਕੇਜਰੀਵਾਲ ਨੇ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਚੋਣਾਂ ਨੂੰ ਰੱਦ ਕਰਕੇ ਮੁੜ ਕਰਵਾਉਣ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਵੋਟਰ ਸੂਚੀਆਂ ਵਿੱਚ ਕੀਤੀਆਂ ਗਈਆਂ ਸਾਰੀਆਂ ਤਬਦੀਲੀਆਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਦੇ ਇਹ ਬਿਆਨ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਛਪੀ ਉਸ ਰਿਪੋਰਟ ਤੋਂ ਬਾਅਦ ਆਏ ਹਨ, ਜਿਸ ਵਿੱਚ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵੱਲੋਂ ਕੁਝ ਫ਼ੈਸਲਿਆਂ ਅਤੇ ਕਾਰਵਾਈਆਂ 'ਤੇ ਇਤਰਾਜ਼ ਦਰਜ ਕਰਨ ਦੀ ਗੱਲ ਸਾਹਮਣੇ ਆਈ ਹੈ।

ਰਿਪੋਰਟ ਮੁਤਾਬਕ ਦੋਵੇਂ ਚੋਣ ਕਮਿਸ਼ਨਰਾਂ ਨੇ ਪਿਛਲੇ 10 ਮਹੀਨਿਆਂ ਵਿੱਚ ਘੱਟੋ-ਘੱਟ 14 ਵਾਰ ਰਸਮੀ ਇਤਰਾਜ਼ ਦਰਜ ਕੀਤੇ। ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਤੋਂ ਇਲਾਵਾ ਦੋ ਚੋਣ ਕਮਿਸ਼ਨਰ ਹੁੰਦੇ ਹਨ ਅਤੇ ਫ਼ੈਸਲੇ ਸਹਿਮਤੀ ਜਾਂ ਬਹੁਮਤ ਨਾਲ ਲਏ ਜਾਂਦੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਗਿਆਨੇਸ਼ ਕੁਮਾਰ ਕਥਿਤ ਤੌਰ 'ਤੇ ਇਕੱਲੇ ਹੀ ਚੋਣ ਕਮਿਸ਼ਨ ਚਲਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਆਪਣੇ ਪੱਧਰ 'ਤੇ ਹੁਕਮ ਜਾਰੀ ਕਰ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਦੋਵੇਂ ਚੋਣ ਕਮਿਸ਼ਨਰਾਂ ਨੇ ਕਈ ਵਾਰ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਹਾ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਿਨਾਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਜਿਹੇ ਹੁਕਮਾਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਦੀ ਸਮੀਖਿਆ ਦੀ ਮੰਗ ਕੀਤੀ।
13 ਕਰੋੜ ਤੋਂ ਵੱਧ ਨਾਮ ਹਟਾਉਣ ਦਾ ਦਾਅਵਾ
ਕੇਜਰੀਵਾਲ ਨੇ Special Intensive Revision (SIR) ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦਾਅਵਾ ਹੈ ਕਿ SIR ਤਹਿਤ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਡਰਾਫਟ ਵੋਟਰ ਸੂਚੀਆਂ ਵਿੱਚੋਂ 13 ਕਰੋੜ ਤੋਂ ਵੱਧ ਨਾਮ ਹਟਾਏ ਗਏ ਹਨ। The Indian Express ਦੀ ਰਿਪੋਰਟ ਮੁਤਾਬਕ SIR ਦੀ ਪ੍ਰਕਿਰਿਆ, ਜੋ ਜੂਨ 2025 ਵਿੱਚ ਬਿਹਾਰ ਤੋਂ ਸ਼ੁਰੂ ਹੋਈ ਸੀ, ਤਹਿਤ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਡਰਾਫਟ ਵੋਟਰ ਸੂਚੀਆਂ ਵਿੱਚੋਂ 13 ਕਰੋੜ ਤੋਂ ਵੱਧ ਨਾਮ ਹਟਾਏ ਜਾਣ ਦੀ ਗੱਲ ਸਾਹਮਣੇ ਆਈ ਹੈ।
ਕੇਜਰੀਵਾਲ ਨੇ ਪੂਰੀ SIR ਪ੍ਰਕਿਰਿਆ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੋਟਰ ਸੂਚੀਆਂ ਵਿੱਚ ਕੀਤੀਆਂ ਸਾਰੀਆਂ ਤਬਦੀਲੀਆਂ ਰੱਦ ਕਰਕੇ ਤਿੰਨ ਸਾਲ ਪੁਰਾਣੀ ਵੋਟਰ ਸੂਚੀ ਬਹਾਲ ਕੀਤੀ ਜਾਣੀ ਚਾਹੀਦੀ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਕਥਿਤ 'ਵੋਟ ਚੋਰੀ' ਰਾਹੀਂ ਚੋਣਾਂ ਜਿੱਤਣ ਦੇ ਦੋਸ਼ ਲਗਾਏ।
ਉਨ੍ਹਾਂ ਨੇ ਗਿਆਨੇਸ਼ ਕੁਮਾਰ ਨੂੰ ਇਨ੍ਹਾਂ ਦੋਸ਼ਾਂ ਲਈ ਜ਼ਿੰਮੇਵਾਰ ਦੱਸਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ਵਿੱਚ ਦਿੱਲੀ, ਬਿਹਾਰ, ਮਹਾਰਾਸ਼ਟਰ, ਪੱਛਮੀ ਬੰਗਾਲ, ਹਰਿਆਣਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹੋਈਆਂ ਚੋਣਾਂ ਨੂੰ ਰੱਦ ਕਰਕੇ ਮੁੜ ਚੋਣਾਂ ਕਰਵਾਉਣ ਦੀ ਮੰਗ ਵੀ ਰੱਖੀ।


Click it and Unblock the Notifications
