1984 ਸਿੱਖ ਕਤਲੇਆਮ: ਮਨਜਿੰਦਰ ਸਿੰਘ ਸਿਰਸਾ ਪਹੁੰਚੇ ਦਿੱਲੀ ਹਾਈ ਕੋਰਟ, ਕਾਂਗਰਸੀ ਆਗੂ ਕਮਲ ਨਾਥ ਦੀ ਭੂਮਿਕਾ ਦੀ ਮੁੜ ਜਾਂਚ ਦੀ ਮੰਗ
ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਗੁਰਦੁਆਰਾ ਰਕਾਬ ਗੰਜ ਸਾਹਿਬ ਹਮਲੇ ਦੇ ਮਾਮਲੇ ਵਿੱਚ ਖੁਦ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਾਂਗਰਸੀ ਆਗੂ ਕਮਲ ਨਾਥ ਦੀ ਕਥਿਤ ਭੂਮਿਕਾ ਦੀ ਮੁੜ ਜਾਂਚ ਕਰਵਾਉਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਤੈਅ ਕੀਤੀ ਹੈ। ਇਹ ਪਟੀਸ਼ਨ ਦਿੱਲੀ ਦੇ ਸੰਸਦ ਮਾਰਗ ਥਾਣੇ ਵਿੱਚ ਦਰਜ FIR ਨੰਬਰ 601/1984 ਨਾਲ ਸਬੰਧਤ ਹੈ। 1 ਨਵੰਬਰ 1984 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ 'ਤੇ ਭੀੜ ਵੱਲੋਂ ਹਮਲਾ ਕੀਤਾ ਗਿਆ ਸੀ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਦੌਰਾਨ ਦੋ ਸਿੱਖਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ।

ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੜ ਜਾਂਚ ਕਰਵਾਉਣ ਲਈ ਉਨ੍ਹਾਂ ਨੇ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਹਨ, ਸ਼ੁਰੂ ਵਿੱਚ SIT ਨੇ ਇਹ ਕਹਿ ਕੇ ਜਾਂਚ ਕਰਨ ਵਿੱਚ ਅਸਮਰੱਥਾ ਜਤਾਈ ਸੀ ਕਿ ਜਿਸ ਮਾਮਲੇ ਦਾ ਅਦਾਲਤ ਵਿੱਚ ਪਹਿਲਾਂ ਹੀ ਫੈਸਲਾ ਹੋ ਚੁੱਕਾ ਹੈ, ਉਹ ਉਸ ਦੀ ਜਾਂਚ ਨਹੀਂ ਕਰ ਸਕਦੀ। ਇਸ ਤੋਂ ਬਾਅਦ ਉਨ੍ਹਾਂ ਨੇ ਗ੍ਰਹਿ ਮੰਤਰਾਲੇ ਕੋਲ ਮਾਮਲਾ ਚੁੱਕਿਆ, ਜਿਸ ਤੋਂ ਬਾਅਦ SIT ਦੀ ਜਾਂਚ ਦਾ ਦਾਇਰਾ ਵਧਾਇਆ ਗਿਆ।
ਇੰਨਸਾਫ਼ ਮਿਲਣ ਤੱਕ ਜਾਰੀ ਰਹੇਗੀ ਲੜਾਈ - ਸਿਰਸਾ
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਇਹ ਲੜਾਈ ਸਿਰਫ਼ ਇੱਕ ਕੇਸ ਦੀ ਨਹੀਂ, ਸਗੋਂ ਉਨ੍ਹਾਂ ਸਿੱਖ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਸਿਆਸੀ ਤਾਕਤ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਕਰ ਸਕਦੀ।" ਉਨ੍ਹਾਂ ਕਿਹਾ ਕਿ ਸਮਾਂ ਬੀਤ ਜਾਣ ਨਾਲ ਸਿੱਖ ਪਰਿਵਾਰਾਂ ਦਾ ਦਰਦ ਖ਼ਤਮ ਨਹੀਂ ਹੋ ਸਕਦਾ। ਉਹ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣਗੇ ਅਤੇ ਕਾਨੂੰਨ ਅਨੁਸਾਰ ਹਰ ਸੰਭਵ ਕਦਮ ਚੁੱਕਣਗੇ।
ਦੁਬਾਰਾ ਹੋਵੇ ਜਾਂਚ - ਸਿਰਸਾ
ਇਸ ਮਾਮਲੇ ਵਿੱਚ ਗਵਾਹ ਮੁਖਤਿਆਰ ਸਿੰਘ, ਜੋ ਨਾਨਾਵਤੀ ਕਮਿਸ਼ਨ ਸਾਹਮਣੇ ਵੀ ਆਪਣੀ ਗਵਾਹੀ ਦੇ ਚੁੱਕੇ ਸਨ, ਨੇ ਬਾਅਦ ਵਿੱਚ SIT ਸਾਹਮਣੇ ਵੀ ਆਪਣਾ ਬਿਆਨ ਦਰਜ ਕਰਵਾਇਆ। ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ 2018, 2019 ਅਤੇ 2021 ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਕੋਲ ਆਪਣੀਆਂ ਮੰਗਾਂ ਰੱਖੀਆਂ ਸਨ। ਉਨ੍ਹਾਂ ਦੀ ਮੰਗ ਹੈ ਕਿ ਪੁਰਾਣੇ ਗਵਾਹਾਂ ਦੇ ਬਿਆਨਾਂ ਅਤੇ ਪਹਿਲਾਂ ਬਣੇ ਕਮਿਸ਼ਨਾਂ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦੀ ਦੁਬਾਰਾ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ।
ਸਿਰਸਾ ਨੇ ਗਾਂਧੀ ਪਰਿਵਾਰ ਨੂੰ ਵੀ ਕੀਤੇ ਸਵਾਲ
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਪਾਰਟੀ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਗੰਭੀਰ ਦੋਸ਼ਾਂ ਦੇ ਬਾਵਜੂਦ ਕਮਲ ਨਾਥ ਨੂੰ ਪਾਰਟੀ ਵੱਲੋਂ ਵੱਡੇ ਅਹੁਦੇ ਦਿੱਤੇ ਜਾਂਦੇ ਰਹੇ ਹਨ। ਉਹ ਕੇਂਦਰ ਵਿੱਚ ਮੰਤਰੀ ਰਹੇ ਅਤੇ ਬਾਅਦ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਬਣੇ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਇਨ੍ਹਾਂ ਗੰਭੀਰ ਦੋਸ਼ਾਂ ਦੇ ਬਾਵਜੂਦ ਕਮਲ ਨਾਥ ਦਾ ਸਾਥ ਕਿਉਂ ਦਿੰਦਾ ਆ ਰਿਹਾ ਹੈ। ਕਾਂਗਰਸ ਨੂੰ ਸਿੱਖ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।


Click it and Unblock the Notifications
