ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: PM ਮੋਦੀ ਨਾਲ ਜੁੜੇ ਮਾਣਹਾਨੀ ਕੇਸ ਦੀ ਸੁਣਵਾਈ 'ਤੇ ਲੱਗੀ ਰੋਕ
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਿਵਾਦਿਤ ਟਿੱਪਣੀ ਨਾਲ ਜੁੜੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਰਾਹੁਲ ਗਾਂਧੀ ਖ਼ਿਲਾਫ਼ ਚੱਲ ਰਹੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਹੈ।
ਅਦਾਲਤ ਨੇ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਅੰਤਰਿਮ ਰੋਕ ਲਗਾਈ ਹੈ। ਹੇਠਲੀ ਅਦਾਲਤ ਨੇ ਇਸ ਮਾਮਲੇ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਸ਼ਿਕਾਇਤਕਰਤਾ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਹੈ। ਇਸ ਦੌਰਾਨ ਹੇਠਲੀ ਅਦਾਲਤ ਵਿੱਚ ਅੱਗੇ ਦੀ ਕਾਰਵਾਈ ਮੁਲਤਵੀ ਰਹੇਗੀ।'

ਕੀ ਹੈ ਪੂਰਾ ਮਾਮਲਾ?
ਦਰਅਸਲ, ਇਹ ਮਾਮਲਾ ਸਾਲ 2018 ਵਿੱਚ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨਾਲ ਸਬੰਧਤ ਹੈ। ਦੋਸ਼ਾਂ ਮੁਤਾਬਕ, ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਰਾਹੁਲ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਕਾਫ਼ੀ ਹਲਚਲ ਵੀ ਦੇਖਣ ਨੂੰ ਮਿਲੀ ਸੀ।
ਇਸ ਤੋਂ ਬਾਅਦ ਭਾਜਪਾ ਦੇ ਵਰਕਰ ਮਹੇਸ਼ ਸ਼੍ਰੀਮਾਲ ਨੇ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਸ਼ਿਕਾਇਤ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਸੀ। ਸ਼ਿਕਾਇਤਕਰਤਾ ਦਾ ਤਰਕ ਸੀ ਕਿ ਇਹ ਟਿੱਪਣੀਆਂ ਪ੍ਰਧਾਨ ਮੰਤਰੀ ਦੇ ਨਾਲ-ਨਾਲ ਸੱਤਾਧਾਰੀ ਪਾਰਟੀ ਅਤੇ ਇਸ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਸਨ, ਜਿਸ ਨਾਲ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਅਨੁਸਾਰ, ਮੋਦੀ ਨੂੰ "ਚੋਰਾਂ ਦਾ ਸਰਦਾਰ" ਕਹਿਣ ਦਾ ਅਸਲ ਮਤਲਬ ਭਾਜਪਾ ਦੇ ਸਾਰੇ ਮੈਂਬਰਾਂ ਨੂੰ "ਚੋਰ" ਕਹਿਣਾ ਸੀ। ਇਸ ਕਾਰਨ ਪਾਰਟੀ ਦੇ ਵਰਕਰਾਂ ਨੂੰ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਦਾ ਅਧਿਕਾਰ ਮਿਲ ਗਿਆ।


Click it and Unblock the Notifications
