CEC ਗਿਆਨੇਸ਼ ਕੁਮਾਰ ਨੂੰ ਸਸਪੈਂਡ ਕਰਨ ਤੋਂ SC ਦਾ ਇਨਕਾਰ, ਮਾਮਲੇ 'ਚ ਕੇਂਦਰ ਤੇ ਚੋਣ ਕਮਿਸ਼ਨ ਨੂੰ ਵੀ ਨੋਟਿਸ ਜਾਰੀ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਸਸਪੈਂਡ ਕਰਨ ਤੋਂ ਸੁਪਰੀਮ ਕੋਰਟ ਨੇ ਸਾਫ਼ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸੂਰਿਆਕਾਂਤ ਨੇ ਕਿਹਾ ਹੈ ਕਿ ਸਿਰਫ਼ ਨਿਊਜ਼ ਰਿਪੋਰਟ ਦੇ ਆਧਾਰ 'ਤੇ ਫੈਸਲਾ ਨਹੀਂ ਲਿਆ ਜਾ ਸਕਦਾ।
CEC ਗਿਆਨੇਸ਼ ਕੁਮਾਰ ਖਿਲਾਫ਼ ਲੱਗੇ ਇਲਜ਼ਾਮਾਂ ਵਿਚਾਲੇ ਸੁਪਰੀਮ ਕੋਰਟ 'ਚ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਕਰਦਿਆਂ CJI ਸੁਰਿਆਕਾਂਤ ਨੇ ਇਹ ਗੱਲ ਕਹੀ ਹੈ। ਇਸ ਪੂਰੇ ਮਾਮਲੇ 'ਚ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਚੋਣ ਕਮਿਸ਼ਨ ਤੋਂ ਵੀ ਜਵਾਬ ਮੰਗਿਆ ਹੈ। ਦੱਸ ਦਈਏ ਕਿ CEC 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਵਿੱਚ ਬਾਕੀ ਦੋ ਚੋਣ ਕਮਿਸ਼ਨਰਾਂ ਦੀ ਸਹਿਮਤੀ ਤੋਂ ਬਿਨਾਂ ਕਥਿਤ ਤੌਰ 'ਤੇ ਇਕਪਾਸੜ ਫੈਸਲੇ ਲਏ।

ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਇਸ ਪਟੀਸ਼ਨ 'ਤੇ ਕੇਂਦਰ ਸਰਕਾਰ, ਭਾਰਤ ਦੇ ਚੋਣ ਕਮਿਸ਼ਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ, ਡਿਪਟੀ ਇਲੈਕਸ਼ਨ ਕਮਿਸ਼ਨਰ ਮਨੀਸ਼ ਗਰਗ ਅਤੇ ਡੀਜੀ (ਆਈਟੀ) ਸੀਮਾ ਖੰਨਾ ਨੂੰ ਨੋਟਿਸ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਚੋਣ ਕਮਿਸ਼ਨ ਦਾ ਜਵਾਬ ਦੇਖਣ ਤੋਂ ਬਾਅਦ ਅਦਾਲਤ ਨੂੰ ਲੱਗਦਾ ਹੈ ਕਿ ਮੁੱਖ ਚੋਣ ਕਮਿਸ਼ਨਰ ਨੇ ਲੋੜੀਂਦੀ ਸਹਿਮਤੀ ਤੋਂ ਬਿਨਾਂ ਕੁਝ ਫੈਸਲੇ ਲਏ ਸਨ, ਤਾਂ ਉਨ੍ਹਾਂ ਫੈਸਲਿਆਂ 'ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਜਾਂ ਉਨ੍ਹਾਂ ਨੂੰ ਵਾਪਸ ਲਿਆ ਜਾ ਸਕਦਾ ਹੈ।
ਪਟੀਸ਼ਨ ਵਿੱਚ ਕੀਤੀ ਗਈ ਸੀ ਇਹ ਮੰਗ-
ਇਸ ਸਬੰਧੀ ਦਾਇਰ ਪਟੀਸ਼ਨ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਅੰਦਰ ਸਾਂਝੇ ਤੌਰ 'ਤੇ ਫੈਸਲੇ ਲੈਣ ਦੀ ਪ੍ਰਕਿਰਿਆ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਪਟੀਸ਼ਨ ਵਿੱਚ 'ਕਵੋ ਵਾਰੰਟੋ' ਰਿਟ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮੁੱਖ ਚੋਣ ਕਮਿਸ਼ਨਰ ਨੇ ਕਥਿਤ ਤੌਰ 'ਤੇ ਚੋਣ ਕਮਿਸ਼ਨ ਦੇ ਨਾਮ 'ਤੇ ਫੈਸਲੇ ਕਿਸ ਅਧਿਕਾਰ ਤਹਿਤ ਲਏ।
ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਸੰਵਿਧਾਨ ਦੇ ਆਰਟੀਕਲ 324 ਤਹਿਤ ਚੋਣਾਂ ਦੀ ਨਿਗਰਾਨੀ, ਦਿਸ਼ਾ-ਨਿਰਦੇਸ਼ ਅਤੇ ਨਿਯੰਤਰਣ ਦਾ ਅਧਿਕਾਰ ਕਿਸੇ ਇੱਕ ਮੁੱਖ ਚੋਣ ਕਮਿਸ਼ਨਰ ਨੂੰ ਨਹੀਂ, ਸਗੋਂ ਪੂਰੇ ਚੋਣ ਕਮਿਸ਼ਨ ਨੂੰ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਸ਼ਰਤਾਂ ਅਤੇ ਕਾਰਜਕਾਲ ਨਾਲ ਸਬੰਧਤ 2023 ਦੇ ਕਾਨੂੰਨ ਦੀ ਧਾਰਾ 18 ਦਾ ਵੀ ਹਵਾਲਾ ਦਿੱਤਾ ਗਿਆ।


Click it and Unblock the Notifications
