ਦੁਨੀਆ ਦੇ ਕਿਸੇ ਵੀ ਕੋਨੇ 'ਚ ਲੁਕ ਜਾਣ ਗੈਂਗਸਟਰ, ਵਾਪਸ ਲਿਆ ਕੇ ਕਰਾਂਗੇ ਕਾਰਵਾਈ: ਹਰਪਾਲ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਆਈ ਵਾਲੀ ਪੰਜਾਬ ਸਰਕਾਰ ਗੈਂਗਸਟਰਾਂ ਪ੍ਰਤੀ ਜ਼ੀਰੋ ਟਾਲਰੇੰਸ ਨੀਤੀ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਵਿਦੇਸ਼ਾਂ ਤੋਂ 17 ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਂਦਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਗੈਂਗਸਟਰਾਂ ਤੇ ਵਾਰ' ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ 1.61 ਲੱਖ ਛਾਪੇਮਾਰੀਆਂ ਕੀਤੀਆਂ ਹਨ ਅਤੇ 2,162 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ਤਹਿਤ ਤਾਜ਼ਾ ਸਫ਼ਲਤਾ 7 ਨਵੰਬਰ 2026 ਨੂੰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਭਾਰਤ ਵਾਪਸ ਲਿਆਉਣਾ ਹੈ। ਉਸ 'ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਉਸ ਖ਼ਿਲਾਫ਼ 30 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਸਰਕਾਰ ਨੇ ਪੰਜਾਬ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਹਰ ਗੈਂਗਸਟਰ ਅਤੇ ਅਪਰਾਧੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਭਾਵੇਂ ਉਹ ਕਿਸੇ ਵੀ ਦੇਸ਼ ਵਿੱਚ ਬੈਠ ਕੇ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੋਵੇ।
ਕਈ ਦੇਸ਼ਾਂ ਤੋਂ ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਈ ਪੰਜਾਬ ਪੁਲਿਸ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਦੇਸ਼ਾਂ ਤੋਂ ਕਈ ਗੈਂਗਸਟਰਾਂ ਨੂੰ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚ ਹਾਂਗਕਾਂਗ ਤੋਂ ਰਮਨਜੀਤ ਸਿੰਘ ਰੋਮੀ, ਮਾਲਦੀਵ ਤੋਂ ਅੰਮ੍ਰਿਤ ਸਿੰਘ, ਜਰਮਨੀ ਤੋਂ ਪ੍ਰਭਪ੍ਰੀਤ ਸਿੰਘ, ਯੂਏਈ ਤੋਂ ਪਰਮਿੰਦਰ ਸਿੰਘ ਪਿੰਡੀ, ਇੰਡੋਨੇਸ਼ੀਆ ਤੋਂ ਸੱਜਣ ਮਹੇਸ਼ ਅਤੇ ਸੁਖਦੇਵ ਕੁਮਾਰ ਮਨੀਸ਼ ਬੈਦੀ, ਮਲੇਸ਼ੀਆ ਤੋਂ ਅਜੈ ਸਿੰਘ, ਪਵਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਅਤੇ ਕੈਨੇਡਾ ਤੋਂ ਕਰਮਬੀਰ ਸਿੰਘ ਦਿਓਲ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਦਰਸਾਉਂਦੀਆਂ ਹਨ ਕਿ ਪੰਜਾਬ ਪੁਲਿਸ ਅਪਰਾਧੀਆਂ ਨੂੰ ਦੁਨੀਆ ਦੇ ਕਿਸੇ ਵੀ ਹਿੱਸੇ ਤੋਂ ਲੱਭ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੇ ਸਮਰੱਥ ਹੈ।
ਇਥੋਪੀਆ ਤੋਂ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਲਿਆਂਦਾ ਵਾਪਸ
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 7 ਨਵੰਬਰ 2026 ਨੂੰ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਭਾਰਤ ਵਾਪਸ ਲਿਆਂਦਾ। ਅਫਰੀਦੀ 'ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਉਹ ਇੱਕ ਗੈਂਗ ਚਲਾਉਂਦਾ ਸੀ। ਉਸ ਖ਼ਿਲਾਫ਼ 30 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਉਨ੍ਹਾਂ ਦੱਸਿਆ ਕਿ ਅਫਰੀਦੀ ਨੇ ਉੱਤਰ ਪ੍ਰਦੇਸ਼ ਵਿੱਚ ਜਾਅਲੀ ਪਾਸਪੋਰਟ ਬਣਵਾਇਆ ਸੀ। ਇਸ ਤੋਂ ਬਾਅਦ ਉਹ ਯੂਏਈ ਗਿਆ ਅਤੇ ਉੱਥੋਂ ਇਥੋਪੀਆ ਪਹੁੰਚ ਗਿਆ। ਪੰਜਾਬ ਪੁਲਿਸ ਨੇ ਉਸ ਨੂੰ ਡਿਪੋਰਟ ਕਰਵਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਅਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਚੀਮਾ ਨੇ ਦੋਸ਼ ਲਾਇਆ ਕਿ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਪੰਜਾਬ ਵਿੱਚ ਦਰਜ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ। ਇਨ੍ਹਾਂ ਵਿੱਚ ਸਰਪੰਚ ਰਾਜਵਿੰਦਰ ਸਿੰਘ, 12 ਸਾਲਾ ਗੁਰਸੇਵਕ ਸਿੰਘ, ਵਿੱਕੀ ਚੁੱਘ, ਜਸਵੰਤ ਸਿੰਘ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੇ ਕਤਲ ਦੇ ਮਾਮਲੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹੈ।
ਭਾਜਪਾ ਅਤੇ ਅਕਾਲੀ-ਕਾਂਗਰਸ ਸਰਕਾਰਾਂ 'ਤੇ ਸਾਧੇ ਨਿਸ਼ਾਨੇ
ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਉੱਤਰ ਪ੍ਰਦੇਸ਼, ਜਿੱਥੇ ਭਾਜਪਾ ਦੀ ਸਰਕਾਰ ਹੈ, ਉੱਥੇ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਜਾਅਲੀ ਪਾਸਪੋਰਟ ਕਿਵੇਂ ਬਣਵਾਉਣ ਵਿੱਚ ਸਫ਼ਲ ਹੋ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਅਜਿਹੇ ਅਪਰਾਧੀ ਉਸ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਕਿਵੇਂ ਸਰਗਰਮ ਰਹਿੰਦੇ ਹਨ।ਉਨ੍ਹਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਉਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਚੀਮਾ ਨੇ ਕਿਹਾ ਕਿ ਇਹ ਗੈਂਗਸਟਰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੈਦਾ ਹੋਏ ਅਤੇ ਕਾਂਗਰਸ ਦੇ ਰਾਜ ਦੌਰਾਨ ਵਧਦੇ-ਫੁੱਲਦੇ ਰਹੇ। ਹੁਣ ਭਗਵੰਤ ਮਾਨ ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਅਦਾਲਤਾਂ ਵਿੱਚ ਮਜ਼ਬੂਤ ਸਬੂਤ ਪੇਸ਼ ਕਰੇਗੀ, ਤਾਂ ਜੋ ਉਨ੍ਹਾਂ ਨੂੰ ਬਣਦੀ ਸਜ਼ਾ ਦਿਵਾਈ ਜਾ ਸਕੇ।


Click it and Unblock the Notifications
