AAP ਨੇ ਖਿੱਚੀ ਚੋਣਾਂ ਦੀ ਤਿਆਰੀ, 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, CM ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ
ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ। ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਸੈਂਬਲੀ ਹਲਕਾ ਧੂਰੀ ਤੋਂ ਚੋਣ ਲੜਨਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਤੋਂ ਚੋਣ ਮੈਦਾਨ 'ਚ ਉੱਤਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਧੂਰੀ ਤੋਂ ਉਮੀਦਵਾਰ ਬਣਾਏ ਜਾਣ ਨਾਲ ਉਨ੍ਹਾਂ ਸਿਆਸੀ ਚਰਚਾਵਾਂ ਨੂੰ ਬਰੇਕ ਲੱਗ ਗਈ ਹੈ ਜਿਨ੍ਹਾਂ 'ਚ ਮੁੱਖ ਮੰਤਰੀ ਵੱਲੋਂ ਹਲਕਾ ਬਦਲੇ ਜਾਣ ਦੀ ਗੱਲ ਕਹੀ ਜਾ ਰਹੀ ਸੀ। ਨਵੀਂ ਸੂਚੀ 'ਚ ਮੌਜੂਦਾ 40 ਪਾਰਟੀ ਵਿਧਾਇਕਾਂ ਨੂੰ ਮੁੜ ਉਮੀਦਵਾਰ ਬਣਾਇਆ ਹੈ ਜਿਨ੍ਹਾਂ 'ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੁੜ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ ਹੈ।

4 ਮੌਜੂਦਾ ਮਹਿਲਾ ਵਿਧਾਇਕਾਂ ਨੂੰ ਵੀ ਮਿਲੀ ਟਿਕਟ
AAP ਦੀ ਪਹਿਲੀ ਲਿਸਟ ਵਿੱਚ ਚਾਰ ਮੌਜੂਦਾ ਮਹਿਲਾ ਵਿਧਾਇਕਾਂ ਨੂੰ ਵੀ ਮੁੜ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ਜਿਸ 'ਚ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ,ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਬਲਾਚੌਰ ਤੋਂ ਸੰਤੋਸ਼ ਕਟਾਰੀਆ ਅਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਦਾ ਨਾਮ ਸ਼ਾਮਲ ਹੈ। ਨਵੀਂ ਸੂਚੀ ਮਾਝੇ ਦੀਆਂ ਪੰਜ ਸੀਟਾਂ, ਦੁਆਬੇ ਦੀਆਂ 8 ਅੱਠ ਸੀਟਾਂ ਅਤੇ ਮਾਲਵੇ ਦੀਆਂ 27 ਸੀਟਾਂ ਤੋਂ ਉਮੀਦਵਾਰ ਐਲਾਨੇ ਗਏ ਹਨ।
ਦੱਸ ਦਈਏ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ ਜਿਸ 'ਚ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ 'ਤੇ ਮੋਹਰ ਲਗਾਈ ਗਈ। ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹਾਜ਼ਰ ਸਨ। ਲੰਘੇ ਕੱਲ੍ਹ ਪਾਰਟੀ ਨੇ 117 ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਮੰਥਨ ਕੀਤਾ ਸੀ।
ਲੋਕਾਂ ਦੇ ਸਰਵੇਖਣ ਤੋਂ ਬਾਅਦ ਮਿਲੀ ਟਿਕਟ
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ ਲੋਕ ਸਰਵੇਖਣ ਨੂੰ ਅਧਾਰ ਬਣਾਇਆ ਗਿਆ। ਜਿਸ ਉਮੀਦਵਾਰ ਨੂੰ ਹਲਕੇ ਦੇ ਲੋਕਾਂ ਨੇ ਹਮਾਇਤ ਕੀਤੀ ਹੈ, ਉਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਐਲਾਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਚਿਹਰੇ ਵੀ ਚੋਣ ਮੈਦਾਨ 'ਚ ਉਤਾਰੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਐਲਾਨੇ ਉਮੀਦਵਾਰਾਂ ਨੂੰ ਲੋਕਾਂ 'ਚ ਅਗੇਤਾ ਜਾਣ ਦਾ ਮੌਕਾ ਮਿਲੇਗਾ ਜਦੋਂ ਕਿ ਕਾਂਗਰਸ ਬਗ਼ਾਵਤ ਦੇ ਡਰੋਂ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਲੇਟ ਹੋ ਜਾਂਦੀ ਹੈ।


Click it and Unblock the Notifications
