ED-CBI ਦੀ ਕਥਿਤ ਦੁਰਵਰਤੋਂ ਖ਼ਿਲਾਫ਼ ਪੰਜਾਬ 'ਚ AAP ਦਾ ਪ੍ਰਦਰਸ਼ਨ, PM ਮੋਦੀ ਦੇ ਪੁਤਲੇ ਫੂਕੇ, ਕੇਂਦਰੀ ਏਜੰਸੀਆਂ ’ਤੇ ਚੁੱਕੇ ਸਵਾਲ
ਪੰਜਾਬ ਵਿੱਚ ED ਅਤੇ CBI ਦੀ ਕਾਰਵਾਈ ਦੇ ਖਿਲਾਫ਼ ਅੱਜ ਆਮ ਆਦਮੀ ਪਾਰਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। AAP ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
AAP ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਤੌਰ 'ਤੇ ਸਿਆਸੀ ਦੁਰਵਰਤੋਂ ਕਰਦਿਆਂ ਪੰਜਾਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਵਿਰੋਧੀ ਸਰਕਾਰਾਂ 'ਤੇ ਦਬਾਅ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਬਦਨਾਮ ਕਰਨ ਲਈ ਇਨ੍ਹਾਂ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।

ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਨੀਵਾਂ ਦਿਖਾਉਣ ਲਈ CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਪਰ ਜਾਂਚ ਏਜੰਸੀ ਦੇ ਹੱਥ ਕੁਝ ਨਹੀਂ ਲੱਗਿਆ। ਡਾ. ਬਲਬੀਰ ਸਿੰਘ ਨੇ ਸਵਾਲ ਚੁੱਕਦਿਆਂ ਕਿਹਾ ਕਿ ਹਰਿਆਣਾ ਵਿੱਚ ਹੋਏ ਕਥਿਤ 650 ਕਰੋੜ ਰੁਪਏ ਦੇ ਘਪਲੇ ਨੂੰ ਲੈ ਕੇ ਜਾਂਚ ਏਜੰਸੀਆਂ ਚੁੱਪ ਕਿਉਂ ਹਨ।
ਮੀਤ ਹੇਅਰ ਬੋਲੇ- ED ਤੇ CBI ਨੂੰ ਪਾਰਟੀ ਵਿੰਗ ਵਾਂਗ ਵਰਤ ਰਹੀ BJP
ਬਰਨਾਲਾ ਵਿੱਚ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਤੋਂ ਠੀਕ ਪਹਿਲਾਂ ਵਿਰੋਧੀਆਂ ਨੂੰ ਦਬਾਉਣ ਲਈ ਭਾਜਪਾ, ED ਅਤੇ CBI ਨੂੰ ਆਪਣੀ ਪਾਰਟੀ ਵਿੰਗ ਵਾਂਗ ਵਰਤ ਰਹੀ ਹੈ।
ਮੀਤ ਹੇਅਰ ਨੇ ਕਿਹਾ ਕਿ ਭਾਜਪਾ ਕੋਲ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਵੋਟ ਜਾਂਚ ਏਜੰਸੀਆਂ ਨੂੰ ਨਹੀਂ, ਸਗੋਂ ਪੰਜਾਬ ਦੀ ਜਨਤਾ ਨੇ ਦੇਣੀ ਹੈ ਅਤੇ ਪੰਜਾਬੀ ਕਿਸੇ ਵੀ ਦਬਾਅ ਜਾਂ ਧੱਕੇਸ਼ਾਹੀ ਅੱਗੇ ਨਹੀਂ ਝੁਕਣਗੇ।
AAP ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਦੇ ਰਾਹ 'ਤੇ ਲਗਾਤਾਰ ਕੰਮ ਕਰਦੀ ਰਹੇਗੀ ਅਤੇ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਵਰਗੇ ਕਥਿਤ ਸਿਆਸੀ ਹਥਕੰਡਿਆਂ ਤੋਂ ਡਰਨ ਵਾਲੀ ਨਹੀਂ ਹੈ।


Click it and Unblock the Notifications
