MLA ਗਿਆਸਪੁਰਾ ਤਨਖ਼ਾਹੀਆ ਕਰਾਰ, ਸਿੱਖਾਂ ਨੂੰ ਮੇਲ-ਜੋਲ ਨਾ ਰੱਖਣ ਦੇ ਦਿੱਤੇ ਗਏ ਹੁਕਮ, ਜਾਣੋ ਪੂਰਾ ਮਾਮਲਾ
ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੇ ਹੁਕਮ ਵੀ ਦਿੱਤੇ ਗਏ ਹਨ। ਇਹ ਫ਼ੈਸਲਾ ਸ਼ੁੱਕਰਵਾਰ, 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਲਿਆ ਗਿਆ।
12 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ 'ਤੇ ਜਾਤੀ ਵਿਤਕਰੇ ਦਾ ਦੋਸ਼ ਲਾਉਣ ਤੋਂ ਬਾਅਦ ਅੱਜ ਵਿਧਾਇਕ ਗਿਆਸਪੁਰਾ ਨੂੰ (ਆਪ) ਪਾਰਟੀ ਦੇ ਵਫ਼ਦ ਸਮੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੱਦਿਆ ਗਿਆ ਸੀ। ਜਿੱਥੇ ਮੀਟਿੰਗ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ, ਗਿਆਸਪੁਰਾ 'ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ 'ਤੇ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਇਹ ਸਜ਼ਾ ਲਾਈ ਗਈ ਹੈ।

ਆਪ ਵਿਧਾਇਕਾਂ ਨੇ ਮੰਨਿਆ ਇਹ ਗਿਆਸਪੁਰਾ ਦੀ ਨਿਜ਼ੀ ਸੋਚ
ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਵਿਧਾਇਕਾਂ ਦੇ ਵਫ਼ਦ ਨੇ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤੀ ਦਾ ਮੁੱਦਾ ਬਣਾਇਆ ਸੀ, ਜਦਕਿ ਉਸ ਦਿਨ ਅਜਿਹੀ ਕੋਈ ਗੱਲ ਨਹੀਂ ਹੋਈ ਸੀ। ਹੁਕਮ ਵਿੱਚ ਕਿਹਾ ਗਿਆ ਹੈ ਕਿ ਗਿਆਸਪੁਰਾ ਨੇ ਨਿੱਜੀ ਸਿਆਸੀ ਲਾਹੇ ਲਈ ਸਿੱਖ ਸਿਧਾਂਤਾਂ ਦੇ ਉਲਟ ਕੰਮ ਕੀਤਾ। ਉਨ੍ਹਾਂ ਦੇ ਬਿਆਨਾਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਹ ਹੈ ਪੂਰਾ ਮਾਮਲਾ
10 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇੱਕ ਵਫ਼ਦ 12 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚਿਆ ਸੀ। ਵਫ਼ਦ ਦਾ ਉਦੇਸ਼ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰਨਾ ਸੀ। ਉਸ ਦਿਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜਿਸ ਤੋਂ ਬਾਅਦ ਗਿਆਸਪੁਰਾ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਹੋਣ ਕਾਰਨ ਅੰਦਰ ਜਾਣ ਤੋਂ ਰੋਕਿਆ ਗਿਆ ਹੈ।
ਦੂਜੇ ਪਾਸੇ, ਸਕੱਤਰੇਤ ਵੱਲੋਂ ਇਸ ਦੋਸ਼ ਨੂੰ ਗ਼ਲਤ ਦੱਸਿਆ ਗਿਆ ਸੀ। ਉੱਥੋਂ ਕਿਹਾ ਗਿਆ ਸੀ ਕਿ ਗਿਆਸਪੁਰਾ ਨੂੰ ਪਹਿਲਾਂ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਾਰਨ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਸਪੁਰਾ ਵੱਲੋਂ ਦਿੱਤੇ ਗਏ ਬਿਆਨ ਬਾਰੇ ਸਪੱਸ਼ਟੀਕਰਨ ਲੈਣ ਲਈ ਵਫ਼ਦ ਵਿੱਚ ਸ਼ਾਮਲ ਸਾਰੇ 'ਆਪ' ਵਿਧਾਇਕਾਂ ਅਤੇ ਆਗੂਆਂ ਨੂੰ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਸੀ।
16 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦਾ ਵਫ਼ਦ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋਇਆ। ਪੇਸ਼ੀ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਜਾਤੀ ਵਿਤਕਰੇ ਸਬੰਧੀ ਦਿੱਤੇ ਗਏ ਬਿਆਨ ਤੋਂ ਦੂਰੀ ਬਣਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਬਿਆਨ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਮੁਤਾਬਕ, ਇਹ ਗਿਆਸਪੁਰਾ ਦਾ ਨਿੱਜੀ ਵਿਚਾਰ ਸੀ।
ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੇ ਹੁਕਮ ਜਾਰੀ ਕੀਤੇ ਗਏ।


Click it and Unblock the Notifications
