ਅਕਾਲੀ-ਭਾਜਪਾ ਗੱਠਜੋੜ 'ਤੇ ਦਿੱਲੀ 'ਚ ਮੋਹਰ? ਪੰਜਾਬ ਭਾਜਪਾ 'ਚ ਪਈਆਂ ਦੋਫਾੜਾਂ, ਗਰੇਵਾਲ ਨੇ ਖੋਲ੍ਹਿਆ ਮੋਰਚਾ!

ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦਾ ਫਾਰਮੂਲਾ ਦਿੱਲੀ ਵਿੱਚ ਲਗਭਗ ਤੈਅ ਹੋ ਚੁੱਕਾ ਹੈ। ਗੱਠਜੋੜ ਦਾ ਰਸਮੀ ਐਲਾਨ ਹੋਣ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ 17 ਨਵੰਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ।

harjit grewal

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਨਾਲ ਸੰਭਾਵਿਤ ਗੱਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਅੰਦਰ ਹੀ ਵੱਖੋ-ਵੱਖਰੇ ਵਿਚਾਰ ਸਾਹਮਣੇ ਆਉਣ ਲੱਗੇ ਹਨ। ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਆਗੂ ਅਕਾਲੀ ਦਲ ਨਾਲ ਮੁੜ ਹੱਥ ਮਿਲਾਉਣ ਦੇ ਹੱਕ ਵਿੱਚ ਨਹੀਂ ਹਨ, ਸਗੋਂ ਉਹ ਭਾਜਪਾ ਨੂੰ ਪੰਜਾਬ ਵਿੱਚ ਇਕੱਲਿਆਂ ਚੋਣ ਲੜਾਉਣਾ ਚਾਹੁੰਦੇ ਹਨ।

ਗਰੇਵਾਲ ਨੇ ਗੱਠਜੋੜ ਨੂੰ ਲੈ ਕੇ ਕਹੀਆਂ ਦੋ ਅਹਿਮ ਗੱਲਾਂ

ਪਹਿਲੀ ਗੱਲ: ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਜਪਾ ਦੇ ਟਕਸਾਲੀ ਆਗੂ ਨਹੀਂ ਚਾਹੁੰਦੇ ਕਿ ਪਾਰਟੀ ਮੁੜ ਅਕਾਲੀ ਦਲ ਨਾਲ ਗੱਠਜੋੜ ਕਰੇ। ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਨੂੰ ਆਪਣੇ ਦਮ 'ਤੇ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ ਅਤੇ ਪੰਜਾਬ ਵਿੱਚ ਆਪਣੀ ਰਾਸ਼ਟਰਵਾਦੀ ਸੋਚ ਨੂੰ ਮਜ਼ਬੂਤੀ ਨਾਲ ਸਥਾਪਿਤ ਕਰਨਾ ਚਾਹੀਦਾ ਹੈ।

ਦੂਜੀ ਗੱਲ: ਗਰੇਵਾਲ ਨੇ ਕਿਹਾ ਕਿ ਜਿਹੜੇ ਆਗੂ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਉਹੀ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੈ ਅਤੇ ਸਥਾਨਕ ਆਗੂਆਂ ਦਾ ਇਸ ਫੈਸਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਦਿੱਲੀ ਵਿੱਚ ਸੀਟਾਂ ਦੀ ਵੰਡ ਦਾ ਫਾਰਮੂਲਾ ਵੀ ਤੈਅ?

ਪਾਰਟੀ ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਸ਼ੁੱਕਰਵਾਰ 13 ਨਵੰਬਰ ਦੀ ਦੇਰ ਰਾਤ ਸੁਖਬੀਰ ਸਿੰਘ ਬਾਦਲ ਦੀ ਦਿੱਲੀ ਵਿੱਚ ਭਾਜਪਾ ਦੇ ਸਿਖਰਲੇ ਆਗੂਆਂ ਨਾਲ ਗੱਠਜੋੜ ਨੂੰ ਲੈ ਕੇ ਅਹਿਮ ਗੱਲਬਾਤ ਹੋਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਹੀ ਭਾਜਪਾ ਵੱਲੋਂ ਪੰਜਾਬ ਚੋਣ ਇੰਚਾਰਜ ਸੀ.ਆਰ. ਪਾਟਿਲ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।

ਕੌਣ ਹਨ ਹਰਜੀਤ ਸਿੰਘ ਗਰੇਵਾਲ?

ਹਰਜੀਤ ਸਿੰਘ ਗਰੇਵਾਲ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਇਸ ਸਮੇਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਗਰੇਵਾਲ ਦੇ ਇਸ ਬਿਆਨ ਨਾਲ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵਿਤ ਗੱਠਜੋੜ 'ਤੇ ਸ਼ਾਇਦ ਕੋਈ ਵੱਡਾ ਅਸਰ ਨਾ ਪਵੇ, ਪਰ ਇਸ ਨਾਲ ਭਾਜਪਾ ਦੇ ਟਕਸਾਲੀ ਆਗੂਆਂ ਅਤੇ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਵਿਚਾਲੇ ਦੂਰੀਆਂ ਵਧ ਸਕਦੀਆਂ ਹਨ।

ਗਰੇਵਾਲ ਨੇ ਆਪਣੇ ਬਿਆਨ ਰਾਹੀਂ ਸਿੱਧੇ ਤੌਰ 'ਤੇ ਉਨ੍ਹਾਂ ਆਗੂਆਂ ਨੂੰ ਨਿਸ਼ਾਨੇ 'ਤੇ ਲਿਆ ਹੈ, ਜਿਹੜੇ ਕਾਂਗਰਸ ਜਾਂ ਹੋਰ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਸਮੇਤ ਕਈ ਆਗੂ ਪਹਿਲਾਂ ਵੀ ਅਕਾਲੀ ਦਲ ਨਾਲ ਗੱਠਜੋੜ ਕਰਨ ਦੀ ਵਕਾਲਤ ਕਰਦੇ ਰਹੇ ਹਨ।

ਹੁਣ ਦੇਖਣਾ ਹੋਵੇਗਾ ਕਿ ਭਾਜਪਾ ਹਾਈਕਮਾਨ ਪੰਜਾਬ ਦੇ ਟਕਸਾਲੀ ਆਗੂਆਂ ਦੀ ਰਾਏ ਨੂੰ ਕਿੰਨੀ ਅਹਿਮੀਅਤ ਦਿੰਦੀ ਹੈ ਜਾਂ ਫਿਰ ਅਕਾਲੀ ਦਲ ਨਾਲ ਮੁੜ ਸਿਆਸੀ ਸਾਂਝ ਪਾਉਣ ਦਾ ਫੈਸਲਾ ਕਰਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+