ਅਮਨ ਅਰੋੜਾ ਦਾ ਭਾਜਪਾ 'ਤੇ ਤਿੱਖਾ ਹਮਲਾ, ਕਿਹਾ - ''ਪਰਾਲੀ ਦੇ ਮਾਮਲੇ 'ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਹਨ BJP ਆਗੂ''

ਆਮ ਆਦਮੀ ਪਾਰਟੀ (AAP) ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਭਾਜਪਾ ਨੂੰ ਚੁਣੌਤੀ ਦਿੰਦਿਆਂ ਸਵਾਲ ਕੀਤਾ ਕਿ ਪੰਜਾਬ ਵਿੱਚ ਸਾੜੀ ਜਾਣ ਵਾਲੀ ਪਰਾਲੀ ਦਾ ਧੂੰਆਂ ਮਹਿਜ਼ 20 ਮਿੰਟਾਂ ਵਿੱਚ ਦਿੱਲੀ ਕਿਵੇਂ ਪਹੁੰਚ ਸਕਦਾ ਹੈ? ਉਨ੍ਹਾਂ ਪੰਜਾਬ ਦੇ ਕਿਸਾਨਾਂ ਵਿਰੁੱਧ ਭਾਜਪਾ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਤੇ ਸਵਾਲ ਚੁੱਕੇ।

ਅਮਨ ਅਰੋੜਾ ਨੇ ਕਿਹਾ ਕਿ 9 ਨਵੰਬਰ ਨੂੰ ਦਿੱਲੀ ਦੇ PM2.5 ਪ੍ਰਦੂਸ਼ਣ ਵਿੱਚ ਪਰਾਲੀ ਦੇ ਧੂੰਏਂ ਦਾ ਯੋਗਦਾਨ ਸਿਰਫ਼ 5 ਫ਼ੀਸਦੀ ਸੀ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਭਗ 95 ਫ਼ੀਸਦੀ ਦੀ ਕਮੀ ਆਈ ਹੈ। 'ਆਪ' ਪੰਜਾਬ ਦੇ ਪ੍ਰਧਾਨ ਨੇ ਇਸ ਵੱਡੀ ਕਾਮਯਾਬੀ ਦਾ ਸਿਹਰਾ ਕਿਸਾਨਾਂ ਦੇ ਸਹਿਯੋਗ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 1.62 ਲੱਖ ਤੋਂ ਵੱਧ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

aman arora

ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਮੰਗੇ BJP -ਅਮਨ ਅਰੋੜਾ

ਅਮਨ ਅਰੋੜਾ ਨੇ ਭਾਜਪਾ ਤੋਂ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ। ਅਮਨ ਅਰੋੜਾ ਨੇ ਭਾਜਪਾ ਆਗੂ ਕਪਿਲ ਮਿਸ਼ਰਾ ਅਤੇ ਮਨਜਿੰਦਰ ਸਿੰਘ ਸਿਰਸਾ ਦੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਹੁਣ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ 2020 ਦੇ ਮੁਕਾਬਲੇ ਲਗਭਗ 95 ਫ਼ੀਸਦੀ ਘੱਟ ਦਰਜ ਕੀਤੀ ਗਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਯਤਨਾਂ ਦੀ ਸ਼ਲਾਘਾ ਕਰਨ ਦੀ ਬਜਾਏ ਭਾਜਪਾ ਜਾਣਬੁੱਝ ਕੇ ਉਨ੍ਹਾਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਹੀ ਹੈ, ਜਿਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਨੂੰ ਵੀ ਜਨਤਕ ਤੌਰ 'ਤੇ ਆਪਣਾ ਪੱਖ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ।

ਦਿੱਲੀ ਦੇ ਪ੍ਰਦੂਸ਼ਣ ਵਿੱਚ ਪਰਾਲੀ ਦੇ ਧੂੰਏਂ ਦਾ ਯੋਗਦਾਨ ਸਿਰਫ਼ 5 ਫ਼ੀਸਦੀ

SAFAR (ਸਿਸਟਮ ਆਫ਼ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ) ਅਤੇ ਇੰਡੀਅਨ ਇੰਸਟੀਚਿਊਟ ਆਫ਼ ਟ੍ਰੋਪਿਕਲ ਮੀਟੀਓਰੋਲੋਜੀ (IITM) ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ 8 ਨਵੰਬਰ ਨੂੰ ਦਿੱਲੀ ਦੇ PM2.5 ਪ੍ਰਦੂਸ਼ਣ ਵਿੱਚ ਪਰਾਲੀ ਦੇ ਧੂੰਏਂ ਦਾ ਯੋਗਦਾਨ 7.8 ਫ਼ੀਸਦੀ ਸੀ, ਜੋ 9 ਨਵੰਬਰ ਨੂੰ ਘਟ ਕੇ ਸਿਰਫ਼ 5 ਫ਼ੀਸਦੀ ਰਹਿ ਗਿਆ।

ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਦੋ ਦਿਨਾਂ ਨੂੰ ਛੱਡ ਕੇ ਔਸਤਨ ਪਰਾਲੀ ਦੇ ਧੂੰਏਂ ਦਾ ਯੋਗਦਾਨ 4 ਤੋਂ 5 ਫ਼ੀਸਦੀ ਦੇ ਵਿਚਕਾਰ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਲੀ ਦਾ ਬੱਕਰਾ ਕਿਉਂ ਬਣਾਇਆ ਜਾ ਰਿਹਾ ਹੈ?

ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀਆਂ 1.62 ਲੱਖ ਤੋਂ ਵੱਧ ਮਸ਼ੀਨਾਂ -ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਕਿਸਾਨਾਂ, ਪੰਚਾਇਤਾਂ, ਕਿਸਾਨ ਉਤਪਾਦਕ ਸੰਗਠਨਾਂ (FPOs) ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਬਸਿਡੀ 'ਤੇ 1.62 ਲੱਖ ਤੋਂ ਵੱਧ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਖੇਤਾਂ ਵਿੱਚ ਲਗਭਗ 1.14 ਕਰੋੜ ਟਨ ਅਤੇ ਖੇਤਾਂ ਤੋਂ ਬਾਹਰ 78 ਲੱਖ ਟਨ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ ਕੰਮ ਕਰ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ , "ਅਸੀਂ ਸਿਰਫ਼ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਨਹੀਂ ਕਹਿ ਰਹੇ, ਸਗੋਂ ਉਨ੍ਹਾਂ ਨੂੰ ਇਸ ਦੇ ਵਿਗਿਆਨਕ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ, ਬੁਨਿਆਦੀ ਢਾਂਚਾ ਅਤੇ ਬਦਲ ਵੀ ਮੁਹੱਈਆ ਕਰਵਾ ਰਹੇ ਹਾਂ।"

ਪਰਾਲੀ ਤੋਂ ਬਿਜਲੀ ਅਤੇ ਬਾਇਓਗੈਸ ਬਣਾਉਣ ਲਈ ਵੀ ਕੀਤੇ ਜਾ ਰਹੇ ਯਤਨ

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਰਾਹੀਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਪਰਾਲੀ ਨਾਲ ਚੱਲਣ ਵਾਲੇ 83 ਉਦਯੋਗਿਕ ਬਾਇਲਰ ਕੰਮ ਕਰ ਰਹੇ ਹਨ, ਜਦਕਿ 16 ਹੋਰ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਪਰਾਲੀ ਤੋਂ ਪੈਲੇਟ ਬਣਾਉਣ ਵਾਲੇ 78 ਪ੍ਰੋਜੈਕਟ ਚਾਲੂ ਹਨ ਅਤੇ 69 ਹੋਰ ਵੱਖ-ਵੱਖ ਪੜਾਵਾਂ 'ਤੇ ਹਨ। ਇਸ ਤੋਂ ਇਲਾਵਾ 11 ਬਾਇਓਮਾਸ ਪਾਵਰ ਪਲਾਂਟ ਅਤੇ 9 ਕੰਪਰੈੱਸਡ ਬਾਇਓਗੈਸ (CBG) ਪਲਾਂਟ ਵੀ ਕੰਮ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ 44 ਹੋਰ CBG ਪ੍ਰੋਜੈਕਟਾਂ ਲਈ ਲੈਟਰ ਆਫ਼ ਇੰਟੈਂਟ (LOI) ਜਾਰੀ ਕੀਤੇ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਦਰਸਾਉਂਦੇ ਹਨ ਕਿ ਪੰਜਾਬ ਕਿਵੇਂ ਖੇਤੀਬਾੜੀ ਦੀ ਰਹਿੰਦ-ਖੂੰਹਦ ਨੂੰ ਆਰਥਿਕ ਤੌਰ 'ਤੇ ਲਾਭਦਾਇਕ ਸਰੋਤ ਵਿੱਚ ਬਦਲ ਰਿਹਾ ਹੈ। ਸਰਕਾਰ ਕਿਸਾਨਾਂ, ਉਦਯੋਗਾਂ ਅਤੇ ਵਾਤਾਵਰਣ ਦੇ ਹਿੱਤ ਵਿੱਚ ਇੱਕ ਟਿਕਾਊ ਪ੍ਰਣਾਲੀ ਤਿਆਰ ਕਰ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+