'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਜੁੜੀਆਂ ਆਂਗਣਵਾੜੀ ਵਰਕਰਸ , ‘ਨਸ਼ਾ ਮੁਕਤੀ ਮਿੱਤਰ’ ਵੱਜੋਂ ਦੇਣਗੀਆਂ ਆਪਣੀਆਂ ਸੇਵਾਵਾਂ।
ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਮੁਹਿੰਮ ਨਾਲ 'ਨਸ਼ਾ ਮੁਕਤੀ ਮਿੱਤਰ' ਵਜੋਂ ਜੋੜਿਆ ਜਾ ਰਿਹਾ ਹੈ। ਇਹ ਆਂਗਣਵਾੜੀ ਵਰਕਰ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ 20 ਆਂਗਣਵਾੜੀ ਵਰਕਰਾਂ ਨੂੰ 'ਨਸ਼ਾ ਮੁਕਤੀ ਮਿੱਤਰ' ਵਜੋਂ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਨ੍ਹਾਂ ਵਰਕਰਾਂ ਨੂੰ ਸਨਮਾਨਿਤ ਕੀਤਾ।

ਆਂਗਣਵਾੜੀ ਵਰਕਰਾਂ ਦਾ ਬੱਚਿਆਂ ਅਤੇ ਪਰਿਵਾਰਾਂ ਨਾਲ ਨਿਯਮਤ ਸੰਪਰਕ ਹੁੰਦਾ ਹੈ। ਇਸ ਕਾਰਨ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ, ਸ਼ੁਰੂਆਤੀ ਪੱਧਰ 'ਤੇ ਨਸ਼ੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਛਾਣਨ ਅਤੇ ਲੋੜਵੰਦਾਂ ਨੂੰ ਸਰਕਾਰ ਦੀ ਨਸ਼ਾ ਛੁਡਾਊ ਤੇ ਪੁਨਰਵਾਸ ਪ੍ਰਣਾਲੀ ਨਾਲ ਜੋੜਨ ਲਈ ਕਮਿਊਨਿਟੀ ਪੱਧਰ 'ਤੇ ਮਹੱਤਵਪੂਰਨ ਭੂਮਿਕਾ ਦਿੱਤੀ ਜਾ ਰਹੀ ਹੈ।
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ 'ਤੇ ਜ਼ੋਰ
ਮਲੋਟ ਸਮਾਗਮ ਦੌਰਾਨ ਨਸ਼ਿਆਂ ਤੋਂ ਬਚਾਅ ਲਈ ਖੇਡਾਂ ਨੂੰ ਵੀ ਅਹਿਮ ਸਾਧਨ ਵਜੋਂ ਉਭਾਰਿਆ ਗਿਆ। ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਨਾਲ ਸਬੰਧਤ 100 ਤੋਂ ਵੱਧ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ।
ਅਧਿਆਪਕਾਂ ਤੇ ਮਾਪਿਆਂ ਨੂੰ ਵੀ ਮੁਹਿੰਮ ਨਾਲ ਜੁੜਨ ਦੀ ਅਪੀਲ
ਡਾ. ਬਲਜੀਤ ਕੌਰ ਨੇ ਅਧਿਆਪਕਾਂ, ਮਾਪਿਆਂ, ਯੂਥ ਕਲੱਬਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਵੀ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਦੋਸਤ ਨਸ਼ੇ ਵੱਲ ਵਧ ਰਿਹਾ ਹੈ ਤਾਂ ਉਸ ਤੋਂ ਦੂਰੀ ਬਣਾਉਣ ਦੀ ਬਜਾਏ ਉਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਇਲਾਜ ਤੇ ਮਦਦ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।


Click it and Unblock the Notifications
