ਅਮਰਜੀਤ ਸਿੰਘ ਚਾਵਲਾ ਮਾਮਲਾ: ਬਲਤੇਜ ਪੰਨੂ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਤੋਂ ਪੁੱਛੇ ਤਿੱਖੇ ਸਵਾਲ
ਅਮਰਜੀਤ ਸਿੰਘ ਚਾਵਲਾ ਵਾਲੇ ਮਸਲੇ 'ਤੇ ''ਆਪ'' ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਸਣੇ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਬਲਤੇਜ ਪੰਨੂ ਨੇ ਪੁੱਛਿਆ ਕਿ ਸੁਖਬੀਰ ਬਾਦਲ ਇਸ ਮਸਲੇ 'ਤੇ ਕਿਉਂ ਕੁੱਝ ਨਹੀਂ ਬੋਲ ਰਹੇ।
ਬਲਤੇਜ ਪੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਸਟੋਡੀਅਨ ਸੁਖਬੀਰ ਬਾਦਲ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਕਸਟੋਡੀਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹਨ। ਫਿਰ ਹੁਣ ਤੱਕ ਇਸ ਮਸਲੇ 'ਤੇ ਆਖ਼ਿਰ ਉਹ ਚੁੱਪ ਕਿਉਂ ਹਨ। ਬਲਤੇਜ ਪੰਨੂ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਹਮੇਸ਼ਾ ਔਰਤਾਂ ਦੇ ਹੱਕ ਦੀ ਗੱਲ ਕਰਦੇ ਰਹਿੰਦੇ ਹਨ ਫਿਰ ਇਸ ਮਾਮਲੇ 'ਚ ਉਸ ਔਰਤ ਨਾਲ ਆਖਿਰ ਕਿਉਂ ਨਹੀਂ ਖੜ੍ਹੇ।

ਪੰਨੂ ਨੇ ਬੀਬੀ ਬਾਦਲ ਨੂੰ ਸਵਾਲ ਕਰਦਿਆਂ ਪੁੱਛਿਆ ਕਿ -ਕੀ ਹੁਣ ਬੀਬੀ ਬਾਦਲ ਉਸ ਔਰਤ ਦੇ ਹੱਕ ਲਈ ਅਮਰਜੀਤ ਸਿੰਘ ਚਾਵਲਾ ਦੇ ਘਰ ਦੇ ਬਾਹਰ ਧਰਨਾ ਦੇਣਗੇ ? ਪੰਨੂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਕੀਤਾ ਕਿ ਅਮਰਜੀਤ ਚਾਵਲਾ ਅਤੇ ਮਲਕੀਤ ਸਿੰਘ ਵਾਰੇ ਬੋਰਡ ਲਾ ਕੇ ਸੰਗਤ ਨੂੰ ਆਖਿਰ ਕਦੋਂ ਤੱਕ ਦੱਸਣਗੇ ?
ਦੱਸ ਦਈਏ ਕਿ ਬਲਤੇਜ ਪੰਨੂ ਦੀ ਇਸ ਵੀਡੀਓ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਗਈ , ਜਿਸਦੇ ਵਿੱਚ ਉਨ੍ਹਾਂ ਦੱਸਿਆ ਕਿ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਸੇਵਾਵਾਂ ਤੋਂ ਤੁਰੰਤ ਮੁਕਤ ਕੀਤਾ ਗਿਆ ਹੈ ਨਾਲ ਹੀ ਅਮਰਜੀਤ ਸਿੰਘ ਚਾਵਲਾ ਦਾ ਅਸਤੀਫ਼ਾ ਵੀ ਮਨਜ਼ੂਰ ਕਰ ਲਿਆ ਗਿਆ ਹੈ।
ਇਸ ਤੋਂ ਅਲਾਵਾ ਧਾਮੀ ਨੇ ਮੀਡੀਆ ਅਤੇ ਪ੍ਰਚਾਰਕਾਂ ਨੂੰ ਮਰਿਆਦਾ ਕਾਇਮ ਰੱਖਣ ਦੀ ਅਪੀਲ ਵੀ ਕੀਤੀ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਪੂਰੇ ਮਾਮਲੇ ਵਿੱਚ ਕਿਸੇ ਵੀ ਪੱਧਰ 'ਤੇ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਲਿਆਉਣ ਲਈ 4 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਇਸਤੋਂ ਅਲਾਵਾ ਉਨ੍ਹਾਂ ਨੇ ਪੁਲਿਸ ਨੂੰ ਨਿਰਪੱਖ ਜਾਂਚ ਕਰਨ ਦੀ ਹਦਾਇਤ ਵੀ ਕੀਤੀ ਹੈ।


Click it and Unblock the Notifications
