'1984 ਨਹੀਂ ਭੁੱਲਿਆ ਪੰਜਾਬ', 'ਸਿੱਖਾਂ ਨਾਲ ਧੱਕਾ ਕਰਨ ਵਾਲੀ ਕਾਂਗਰਸ ਕਿਸ ਮੂੰਹ ਨਾਲ ਮੰਗਦੀ ਵੋਟ?- ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਭਾਰੀ ਸਚਿਨ ਪਾਇਲਟ ਨੂੰ ਤਿੱਖੇ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਬਲਤੇਜ ਪੰਨੂ ਨੇ ਇੱਕ ਬਿਆਨ ਜਾਰੀ ਕਰਦਿਆਂ ਕਾਂਗਰਸ ਅਤੇ ਸਚਿਨ ਪਾਇਲਟ ਨੂੰ ਪੰਜਾਬ ਨਾਲ ਜੁੜੇ ਕਈ ਸਿਆਸੀ ਅਤੇ ਇਤਿਹਾਸਕ ਮੁੱਦਿਆਂ 'ਤੇ ਜਵਾਬ ਦੇਣ ਲਈ ਕਿਹਾ ਹੈ।
ਬਲਤੇਜ ਪੰਨੂ ਨੇ ਆਪਣੇ ਬਿਆਨ ਵਿੱਚ ਖ਼ਾਸ ਤੌਰ 'ਤੇ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁੱਕਿਆ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਪੰਜਾਬੀਆਂ ਅਤੇ ਸਿੱਖਾਂ ਨਾਲ ਕਾਂਗਰਸ ਦੇ ਰਾਜ ਦੌਰਾਨ ਧੱਕਾ ਹੋਇਆ ਅਤੇ ਜਿਨ੍ਹਾਂ 'ਤੇ ਜ਼ੁਲਮ ਢਾਹੇ ਜਾਣ ਦੇ ਦੋਸ਼ ਲੱਗਦੇ ਰਹੇ ਹਨ, ਉਸ ਪਿਛੋਕੜ ਦੇ ਬਾਵਜੂਦ ਕਾਂਗਰਸ ਅੱਜ ਪੰਜਾਬ ਦੇ ਲੋਕਾਂ ਤੋਂ ਕਿਸ ਮੂੰਹ ਨਾਲ ਵੋਟਾਂ ਮੰਗ ਰਹੀ ਹੈ।

ਕਮਲਨਾਥ ਤੇ ਸੱਜਣ ਕੁਮਾਰ ਦਾ ਵੀ ਕੀਤਾ ਜ਼ਿਕਰ
ਬਲਤੇਜ ਪੰਨੂ ਨੇ ਆਪਣੇ ਬਿਆਨ ਵਿੱਚ ਕਾਂਗਰਸੀ ਆਗੂਆਂ ਕਮਲਨਾਥ ਅਤੇ ਸੱਜਣ ਕੁਮਾਰ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ 1984 ਦੇ ਦੌਰ ਨਾਲ ਜੁੜੇ ਵਿਵਾਦਾਂ ਅਤੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਜਿਨ੍ਹਾਂ ਕਾਂਗਰਸੀ ਆਗੂਆਂ ਦੀ ਭੂਮਿਕਾ ਨੂੰ ਲੈ ਕੇ ਲਗਾਤਾਰ ਸਵਾਲ ਉੱਠਦੇ ਰਹੇ ਹਨ, ਕਾਂਗਰਸ ਉਨ੍ਹਾਂ ਬਾਰੇ ਆਪਣਾ ਰੁਖ਼ ਸਪੱਸ਼ਟ ਕਿਉਂ ਨਹੀਂ ਕਰਦੀ।
ਪੰਨੂ ਨੇ ਕਿਹਾ ਕਿ ਜੇਕਰ ਕਾਂਗਰਸ ਪੰਜਾਬ ਵਿੱਚ ਮੁੜ ਲੋਕਾਂ ਦਾ ਭਰੋਸਾ ਜਿੱਤਣਾ ਚਾਹੁੰਦੀ ਹੈ ਤਾਂ ਉਸ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਪੰਜਾਬ ਦੀ ਜਨਤਾ ਦੇ ਸਾਹਮਣੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਤਿਹਾਸ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਭੁੱਲੇ ਨਹੀਂ ਹਨ ਅਤੇ ਸਿਆਸੀ ਪਾਰਟੀਆਂ ਤੋਂ ਜਵਾਬਦੇਹੀ ਦੀ ਉਮੀਦ ਰੱਖਦੇ ਹਨ।
'ਸਚਿਨ ਪਾਇਲਟ ਪੰਜਾਬ ਆਉਣ, ਪਰ ਸਵਾਲਾਂ ਦੇ ਜਵਾਬ ਵੀ ਦੇਣ'
ਬਲਤੇਜ ਪੰਨੂ ਨੇ ਕਿਹਾ ਕਿ ਸਚਿਨ ਪਾਇਲਟ ਦਾ ਪੰਜਾਬ ਆਉਣ 'ਤੇ ਸੁਆਗਤ ਹੈ, ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਨਾਲ ਜੁੜੇ ਇਨ੍ਹਾਂ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆ ਕੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਮੰਗਣ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ 1984 ਦੇ ਸਿੱਖ ਕਤਲੇਆਮ ਅਤੇ ਉਸ ਨਾਲ ਜੁੜੇ ਮਾਮਲਿਆਂ ਬਾਰੇ ਪਾਰਟੀ ਦੀ ਮੌਜੂਦਾ ਸਥਿਤੀ ਕੀ ਹੈ। ਪੰਨੂ ਨੇ ਸਚਿਨ ਪਾਇਲਟ ਨੂੰ ਇਨ੍ਹਾਂ ਮੁੱਦਿਆਂ 'ਤੇ ਸਪੱਸ਼ਟ ਜਵਾਬ ਦੇਣ ਦੀ ਚੁਣੌਤੀ ਦਿੱਤੀ।


Click it and Unblock the Notifications
