ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਰਹਿਮ ਦੀ ਅਪੀਲ ’ਤੇ ਫ਼ੈਸਲੇ ਦੀ ਮੰਗ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ੍ਹ ਪਟਿਆਲਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ 'ਤੇ ਜਲਦ ਫ਼ੈਸਲਾ ਲੈਣ ਦੀ ਮੁੜ ਤੋਂ ਮੰਗ ਕੀਤੀ ਹੈ।
ਪੱਤਰ ਵਿੱਚ ਰਾਜੋਆਣਾ ਨੇ ਲਿਖਿਆ ਹੈ ਕਿ ਪਿਛਲੇ 31 ਸਾਲਾਂ ਤੋਂ ਉਹ ਜੇਲ੍ਹ ਵਿੱਚ ਬੰਦ ਹਨ ਅਤੇ ਕਰੀਬ 20 ਸਾਲਾਂ ਤੋਂ ਫਾਂਸੀ ਦੀ ਚੱਕੀ ਵਿੱਚ ਰਹਿ ਕੇ ਅੰਤਿਮ ਫ਼ੈਸਲੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਦਾਲਤ ਵਿੱਚ ਆਪਣੇ ਵੱਲੋਂ ਕੀਤੇ ਕੰਮ ਨੂੰ ਕਦੇ ਨਹੀਂ ਲੁਕਾਇਆ ਅਤੇ ਹੱਸ ਕੇ ਫਾਂਸੀ ਦੀ ਸਜ਼ਾ ਕਬੂਲ ਕੀਤੀ ਸੀ।

ਦੱਸ ਦਈਏ ਕਿ 31 ਜੁਲਾਈ 2007 ਨੂੰ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਸੀ। ਇਸ ਤੋਂ ਬਾਅਦ ਮਾਰਚ 2012 ਵਿੱਚ ਚੰਡੀਗੜ੍ਹ ਦੀ ਸੈਸ਼ਨ ਕੋਰਟ ਨੇ ਡੈਥ ਵਾਰੰਟ ਜਾਰੀ ਕਰਦਿਆਂ 31 ਮਾਰਚ 2012 ਨੂੰ ਫਾਂਸੀ ਦੇਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਰਹਿਮ ਦੀ ਅਪੀਲ ਕੀਤੀ ਗਈ। ਇਸ ਦੌਰਾਨ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਸੀ ।
ਰਾਜੋਆਣਾ ਨੇ ਪੱਤਰ ਵਿੱਚ ਅਫ਼ਸੋਸ ਜਤਾਇਆ ਕਿ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਵਾਰ-ਵਾਰ ਹੁਕਮ ਦਿੱਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਰਹਿਮ ਦੀ ਅਪੀਲ 'ਤੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਪਿਛਲੇ 15 ਸਾਲਾਂ ਤੋਂ ਉਨ੍ਹਾਂ ਦੇ ਫੈਸਲੇ ਨੂੰ ਸਿਰਫ਼ ਲਟਕਾਇਆ ਜਾ ਰਿਹਾ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਫ਼ੈਸਲੇ ਨੂੰ ਹੁਣ ਹੋਰ ਦੇਰੀ ਕੀਤੇ ਬਿਨਾਂ ਸੁਣਾਇਆ ਜਾਵੇ।


Click it and Unblock the Notifications
