ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾ- CM ਮਾਨ ਦੀ PM ਮੋਦੀ ਨੂੰ ਅਪੀਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਦੀ ਉਡੀਕ ਕਰ ਰਹੀ ਹੈ।
ਸੰਗਤ ਵੱਲੋਂ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ ਕਿ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਕਰਨ ਦਾ ਸੁਭਾਗ ਮੁੜ ਪ੍ਰਾਪਤ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਵੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਇੱਛਾਵਾਂ ਦਾ ਸਤਿਕਾਰ ਕਰਦਿਆਂ ਲਾਂਘਾ ਜਲਦ ਤੋਂ ਜਲਦ ਖੋਲ੍ਹਣ ਦਾ ਐਲਾਨ ਕੀਤਾ ਜਾਵੇ।

ਸਿੱਖ ਸੰਗਤਾਂ ਰੋਜ਼ ਕਰਦੀਆਂ ਹਨ ਅਰਦਾਸ -CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਜੇਕਰ ਵਾਹਗਾ ਸਰਹੱਦ ਨਹੀਂ ਖੋਲ੍ਹੀ ਜਾ ਸਕਦੀ ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੀ ਖੋਲ੍ਹ ਦਿੱਤਾ ਜਾਵੇ। ਸੰਗਤ ਸਵੇਰੇ ਦਰਸ਼ਨਾਂ ਲਈ ਜਾ ਕੇ ਉਸੇ ਦਿਨ ਵਾਪਸ ਪਰਤ ਸਕਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 16 ਸਾਲ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਤੀਤ ਕੀਤੇ ਸਨ। ਉੱਥੇ ਗੁਰੂ ਸਾਹਿਬ ਨੇ ਖੇਤੀਬਾੜੀ ਕਰਦਿਆਂ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਕੋਲ ਬਲਦਾਂ ਦੀ ਜੋੜੀ ਵੀ ਸੀ ਅਤੇ ਉਹ ਖ਼ੁਦ ਖੇਤੀਬਾੜੀ ਕਰਦੇ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਤ ਦੀਆਂ ਅਰਦਾਸਾਂ ਵਿੱਚ ਵਿਛੜੇ ਗੁਰਧਾਮਾਂ ਦੀ ਸੇਵਾ-ਸੰਭਾਲ ਕਰਨ ਦਾ ਮੌਕਾ ਮਿਲਣ ਦੀ ਅਰਦਾਸ ਵੀ ਸ਼ਾਮਲ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਅਤੇ ਉੱਥੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।


Click it and Unblock the Notifications
