ਪੰਜਾਬ ਚੋਣਾਂ ਲਈ BJP ਦੀ 16 ਮੈਂਬਰੀ ਚੋਣ ਕਮੇਟੀ ਦਾ ਗਠਨ : ਜਾਖੜ, ਬਿੱਟੂ ਸਣੇ ਪ੍ਰਨੀਤ ਕੌਰ ਨੂੰ ਅਹਿਮ ਜ਼ਿੰਮੇਵਾਰੀ, ਕੈਪਟਨ ਬਾਹਰ
BJP ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਇਲੈਕਸ਼ਨ ਲਈ ਭਾਜਪਾ ਨੇ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਹੈ।
ਪਾਰਟੀ ਦੇ ਟਕਸਾਲੀ ਆਗੂਆਂ ਦੇ ਨਾਲ-ਨਾਲ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵੱਡੇ ਚਿਹਰਿਆਂ ਨੂੰ ਵੀ ਇਸ ਕਮੇਟੀ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਐਲਾਨ ਕਰਦਿਆਂ ਦੱਸਿਆ ਕਿ ਕਮੇਟੀ ਵਿੱਚ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਕੌਮੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਸੂਬਾ ਜਨਰਲ ਸਕੱਤਰ (ਸੰਗਠਨ) ਮੰਤਰੀ ਸ੍ਰੀਨਿਵਾਸੁਲੂ ਸ਼ਾਮਲ ਹਨ।

ਪਾਰਟੀ ਵਿੱਚ ਇਕਜੁੱਟਤਾ ਦਾ ਸੁਨੇਹਾ ਦਿੰਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨਾਂ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਸੂਬਾ ਚੋਣ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕਮੇਟੀ ਵਿੱਚ ਕੋਈ ਥਾਂ ਨਹੀਂ ਮਿਲੀ ਹੈ। ਜੋ ਕਿ ਮੁੜ ਤੋਂ ਚਰਚਾ ਦਾ ਵਿਸ਼ਾ ਬਣ ਗਈ ਹੈ ਕਿਉਂਕਿ ਬੀਤੇ ਦਿਨੀਂ ਕੈਪਟਨ ਸ਼ਰੇਆਮ ਇਹ ਕਹਿ ਚੁੱਕੇ ਹਨ ਕਿ ਬੀਜੇਪੀ 'ਚ ਆ ਕੇ ਉਨ੍ਹਾਂ ਨੂੰ ਕੋਈ ਅਹਿਮੀਅਤ ਨਹੀਂ ਮਿਲੀ ਹੈ।
ਕਮੇਟੀ ਵਿੱਚ 'ਵਿਸ਼ੇਸ਼ ਸੱਦੇ ਗਏ ਮੈਂਬਰਾਂ' ਵਜੋਂ ਕੌਮੀ ਜਨਰਲ ਸਕੱਤਰ ਤੇ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ, ਸੂਬਾ ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਸਹਿ-ਇੰਚਾਰਜ ਤੇ ਰਾਜ ਸਭਾ ਮੈਂਬਰ ਡਾ. ਅਲਕਾ ਗੁਰਜਰ ਨੂੰ ਰੱਖਿਆ ਗਿਆ ਹੈ।ਵੀਂ ਬਣੀ ਚੋਣ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰੇ ਆਗੂ ਪੂਰੀ ਲਗਨ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਕਮੇਟੀ ਅਤੇ ਚਾਰਜਸ਼ੀਟ ਕਮੇਟੀ ਦਾ ਵੀ ਗਠਨ ਕੀਤਾ ਜਾ ਚੁੱਕਾ ਹੈ।


Click it and Unblock the Notifications
