ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਪਲੈਕਸ ਕਰਾਇਆ ਗਿਆ ਖਾਲੀ, ਜਾਂਚ ਜਾਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇੱਕ ਵਾਰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ੁੱਕਰਵਾਰ ਸਵੇਰੇ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਸਾਵਧਾਨੀ ਵਜੋਂ ਹਾਈਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ।
ਮੌਕੇ 'ਤੇ PCR ਵਾਹਨ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਪਹੁੰਚ ਗਈਆਂ। ਇਸ ਤੋਂ ਬਾਅਦ ਬੰਬ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਨੇ ਪੂਰੇ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਹਾਈਕੋਰਟ ਕੰਪਲੈਕਸ ਵਿੱਚ ਸੰਦਿਗਧ ਵਸਤੂਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪਹਿਲਾਂ ਵੀ ਕਈ ਸਰਕਾਰੀ ਥਾਵਾਂ ਨੂੰ ਮਿਲ ਚੁੱਕੀਆਂ ਧਮਕੀਆਂ
ਇਹ ਧਮਕੀ ਕਿਸਨੇ ਦਿੱਤੀ ਹੈ ਇਸ ਵਾਰੇ ਫਿਲਹਾਲ ਹੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ,ਪਰ ਸੁਰੱਖਿਆ ਏਜੰਸੀਆਂ ਲਗਾਤਾਰ ਇਸ ਧਮਕੀ ਦੇ ਸੋਰਸ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ , ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲੀਆਂ ਹਨ ਅਤੇ ਹਰ ਵਾਰ ਇਹ ਸਿਰਫ ਫੋਕੀਆਂ ਧਮਕੀਆਂ ਹੀ ਨਿਕਲੀਆਂ ਹਨ।
ਚੰਡੀਗੜ੍ਹ ਵਿੱਚ ਇਸ ਤੋਂ ਪਹਿਲਾਂ ਵੀ ਸਕੂਲਾਂ, ਪਾਸਪੋਰਟ ਦਫ਼ਤਰ ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਕੱਤਰੇਤ ਅਤੇ ਸੈਕਟਰ-43 ਬੱਸ ਸਟੈਂਡ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸੀ, ਪਰ ਜਾਂਚ ਦੌਰਾਨ ਕੋਈ ਸੰਦਿਗਧ ਵਸਤੂ ਨਹੀਂ ਮਿਲੀ ਸੀ।
ਫਿਲਹਾਲ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਪੂਰੇ ਹਾਈਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਸਾਵਧਾਨੀ ਦੇ ਤੌਰ 'ਤੇ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।


Click it and Unblock the Notifications
