ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ, ਪ੍ਰੋ.ਚੰਦੂਮਾਜਰਾ ਨੇ ਛੱਡਿਆ ਅਕਾਲੀ ਦਲ,ਗਿਆਨੀ ਹਰਪ੍ਰੀਤ ਸਿੰਘ ਨਾਲ ਨਹੀਂ ਬਣੀ ਗੱਲ!
ਅਕਾਲੀ ਦਲ ਪੁਨਰਸੁਰਜੀਤ ਨੂੰ ਅੱਜ ਉਸ ਵਕ਼ਤ ਵੱਡ ਝਟਕਾ ਲੱਗਾ ਜਦੋਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ ਅਕਾਲੀ ਅਤੇ ਪੰਥਕ ਜਥੇਬੰਦੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
ਇਸਦੇ ਨਾਲ ਹੀ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਨੁਮਾਇੰਦਗੀ ਕਰਨ ਵਾਲੀ ਜਮਾਤ ਹੈ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ, ਪਰ ਮੌਜੂਦਾ ਹਾਲਾਤ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪ੍ਰਭਾਵਸ਼ਾਲੀ ਭੂਮਿਕਾ ਨਾ ਨਿਭਾ ਸਕਣ ਦਾ ਉਨ੍ਹਾਂ ਨੂੰ ਦੁੱਖ ਹੈ।

ਦੋਵਾਂ ਧਿਰਾਂ ਦੀ ਸੋਚ ਅਤੇ ਕਾਰਜਸ਼ੈਲੀ ਵਿੱਚ ਤਾਲਮੇਲ ਨਹੀਂ
ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਥਕ ਏਕਤਾ ਲਈ ਸਾਰੇ ਧੜਿਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਸੀ। ਪਰ ਇਸ ਅਪੀਲ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ 'ਤੇ ਦਿੱਤੇ ਗਏ ਪ੍ਰਤੀਕਰਮ ਤੋਂ ਸਪੱਸ਼ਟ ਹੋ ਗਿਆ ਸੀ ਕਿ ਦੋਵਾਂ ਧਿਰਾਂ ਦੀ ਸੋਚ, ਵਿਚਾਰਧਾਰਾ ਅਤੇ ਕੰਮ ਕਰਨ ਦੇ ਤਰੀਕੇ ਵਿੱਚ ਤਾਲਮੇਲ ਨਹੀਂ ਹੈ। ਇਸੇ ਕਾਰਨ ਉਨ੍ਹਾਂ ਨੇ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ।
ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਜਥੇਬੰਦੀ ਤੋਂ ਵੱਖ ਹੋਣ ਦੇ ਬਾਵਜੂਦ ਪੰਜਾਬ, ਪੰਥ, ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।
ਮੁੜ ਅਕਾਲੀ ਦਲ ਬਾਦਲ 'ਚ ਹੋ ਸਕਦੇ ਸ਼ਾਮਿਲ!
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡਣ ਤੋਂ ਬਾਅਦ ਹੁਣ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਜਲਦ ਹੀ ਉਹ ਬਾਦਲਾਂ ਦੇ ਨਾਲ ਮੁੜ ਤੋਂ ਰਲ਼ ਸਕਦੇ ਹਨ। ਬੀਤੇ ਕਈ ਦਿਨਾਂ ਤੋਂ ਅਕਾਲੀਆਂ ਦੇ BJP ਨਾਲ ਗਠਜੋੜ ਨੂੰ ਲੈ ਕੇ ਐਲਾਨ ਹੋਣ ਦੀਆਂ ਚਰਚਾਵਾਂ ਵੀ ਸਿਖਰਾਂ 'ਤੇ ਹੈ ਅਜਿਹੇ 'ਚ ਚੰਦੂਮਾਜਰਾ ਦਾ ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਛੱਡਣਾ ਕਿਤੇ ਨਾ ਕਿਤੇ ਕਈ ਸਵਾਲ ਖੜੇ ਕਰ ਰਿਹਾ ਹੈ। ਬਹਿਰਹਾਲ ਚੰਦੂਮਾਜਰਾ ਮੁੜ ਬਾਦਲਾਂ ਨਾਲ ਆਉਣਗੇ ਯਾਂ ਨਹੀਂ ਇਹ ਆਉਣ ਵਾਲੇ ਦਿਨਾਂ ਵਿੱਚ ਸਾਫ਼ ਹੋ ਜਾਏਗਾ।


Click it and Unblock the Notifications
