ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਪੂਰੀ ਖੁੱਲ੍ਹ, ਨਸ਼ਿਆਂ ਦਾ ਖ਼ਾਤਮਾ ਕਰਨਾ ਸਬ ਤੋਂ ਵੱਡੀ ਤਰਜੀਹ - CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ ਦਿੱਤੀ ਗਈ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਡੀਐੱਸਪੀਜ਼ (ਡਿਪਟੀ ਸੁਪਰਡੈਂਟ ਆਫ਼ ਪੁਲਿਸ) ਵਾਸਤੇ 117 ਨਵੇਂ ਵਾਹਨਾਂ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਲੋੜ ਹੈ।

ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜੇਗੀ: ਮੁੱਖ ਮੰਤਰੀ
ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਫੋਰਸ ਨੇ ਚੁਣੌਤੀਪੂਰਨ ਹਾਲਾਤਾਂ ਵਿੱਚ ਕਈ ਵਾਰ ਆਪਣੀ ਸਮਰੱਥਾ ਸਾਬਤ ਕੀਤੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਵੀ ਇਤਿਹਾਸ ਸਿਰਜੇਗੀ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਅਤੇ ਹੋਰ ਅਧਿਕਾਰੀਆਂ ਨੂੰ ਇਮਾਨਦਾਰੀ, ਨਿਰਪੱਖਤਾ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਪੇਸ਼ੇਵਰ ਢੰਗ ਨਾਲ ਕੰਮ ਕਰਦੇ ਹਨ, ਕਾਨੂੰਨ ਦੀ ਪਾਲਣਾ ਕਰਦੇ ਹਨ ਅਤੇ ਲੋਕਾਂ ਦੇ ਹਿੱਤ ਵਿੱਚ ਫ਼ੈਸਲੇ ਲੈਂਦੇ ਹਨ, ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਮਦਦ ਮਿਲੀ ਹੈ। ਸਰਕਾਰ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੇਗੀ, ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਰਹੇ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਨਸ਼ੇ ਬਣਾਉਣ, ਤਸਕਰੀ ਕਰਨ ਅਤੇ ਵੇਚਣ ਰਾਹੀਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਕੇਂਦਰ ਸਰਕਾਰ 'ਤੇ ਵਿਨ੍ਹਿਆ ਨਿਸ਼ਾਨਾ
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ, ਪਰ ਪੰਜਾਬ ਨੂੰ ਹੀ ਨਿਸ਼ਾਨਾ ਬਣਾ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਅੰਤਰਰਾਸ਼ਟਰੀ ਸਰਹੱਦ ਅਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਮਾਨਸਾ ਪਰਵਿੰਦਰ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਡ ਦਾ ਮੈਦਾਨ ਨਸ਼ਿਆਂ ਦੇ ਅੱਡੇ ਵਿਰੁੱਧ ਸਭ ਤੋਂ ਮਜ਼ਬੂਤ ਢਾਲ ਬਣ ਸਕਦਾ ਹੈ, ਕਿਉਂਕਿ ਖੇਡਾਂ ਨੌਜਵਾਨਾਂ ਨੂੰ ਇੱਕ ਟੀਚਾ, ਇੱਕ ਟੀਮ ਅਤੇ ਆਪਣੇ ਸੁਪਨੇ ਪੂਰੇ ਕਰਨ ਦਾ ਮੌਕਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਬਜਾਏ ਖੇਡਾਂ ਦੀਆਂ ਕਿੱਟਾਂ ਹੋਣ, ਗਲਾਂ ਵਿੱਚ ਤਮਗੇ ਹੋਣ ਅਤੇ ਦਿਲਾਂ ਵਿੱਚ ਮਾਣ ਦੀ ਭਾਵਨਾ ਹੋਵੇ। ਮੁੱਖ ਮੰਤਰੀ ਨੇ 'ਖੇਡਾਂ ਵਤਨ ਪੰਜਾਬ ਦੀਆਂ' ਪਹਿਲਕਦਮੀ ਦਾ ਜ਼ਿਕਰ ਕਰਦਿਆਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ।
ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲੋਕ
ਮੁੱਖ ਮੰਤਰੀ ਨੇ ਪੰਜਾਬ ਭਰ ਦੇ ਖੇਡ ਪ੍ਰੇਮੀਆਂ ਅਤੇ ਲੋਕਾਂ ਨੂੰ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਡੇ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਪੰਜਾਬ ਦੀ ਸ਼ਾਨਦਾਰ ਖੇਡ ਵਿਰਾਸਤ ਨੂੰ ਮਨਾਉਣ ਅਤੇ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਨ ਦਾ ਮੌਕਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਖੇਡ ਭਾਵਨਾ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਇਕਜੁੱਟ ਕਰੇਗੀ ਅਤੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ।


Click it and Unblock the Notifications
