ਛੱਠ ਪੂਜਾ ਸਮਾਗਮ 'ਚ ਪਹੁੰਚੇ CM ਭਗਵੰਤ ਮਾਨ, ਪ੍ਰਵਾਸੀ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਛੱਠ ਪੂਜਾ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਭ ਦੀ ਖੁਸ਼ੀ, ਖੁਸ਼ਹਾਲੀ, ਚੰਗੀ ਸਿਹਤ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਭਾਈਚਾਰਕ ਸਾਂਝ ਉਸ ਸਮੇਂ ਹੋਰ ਮਜ਼ਬੂਤ ਹੁੰਦੀ ਹੈ, ਜਦੋਂ ਲੋਕ ਇੱਕ-ਦੂਜੇ ਦੇ ਤਿਉਹਾਰਾਂ ਨੂੰ ਮਿਲਜੁਲ ਕੇ ਉਤਸ਼ਾਹ ਨਾਲ ਮਨਾਉਂਦੇ ਹਨ। ਛੱਠ ਪੂਜਾ ਦੇ ਕੁਝ ਪਲ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਮੈਂ ਧੂਰੀ ਵਿਖੇ ਛੱਠ ਪੂਜਾ ਦੇ ਸਮਾਗਮ ਵਿੱਚ ਸ਼ਾਮਲ ਹੋਇਆ ਅਤੇ ਛੱਠੀ ਮਈਆ ਦਾ ਆਸ਼ੀਰਵਾਦ ਪ੍ਰਾਪਤ ਕੀਤਾ।"

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਬੇਹੱਦ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਛੱਠ ਪੂਜਾ ਮਨਾ ਰਹੇ ਹਨ। ਉਨ੍ਹਾਂ ਕਿਹਾ, "ਮੈਂ ਛੱਠੀ ਮਈਆ ਅਤੇ ਸੂਰਜ ਦੇਵਤਾ ਅੱਗੇ ਸਾਰਿਆਂ ਦੀ ਸ਼ਾਂਤੀ, ਚੰਗੀ ਸਿਹਤ, ਖੁਸ਼ੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ। ਉਮੀਦ ਹੈ ਕਿ ਸਾਡੇ ਵਿਚਕਾਰ ਪਿਆਰ, ਆਪਸੀ ਸਤਿਕਾਰ ਅਤੇ ਭਾਈਚਾਰੇ ਦੇ ਰਿਸ਼ਤੇ ਹੋਰ ਮਜ਼ਬੂਤ ਹੁੰਦੇ ਰਹਿਣਗੇ।"
ਤਿਉਹਾਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਛੱਠ ਪੂਜਾ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ, ਸਗੋਂ ਇਹ ਆਸਥਾ, ਤਪੱਸਿਆ, ਅਨੁਸ਼ਾਸਨ, ਪਰਿਵਾਰਕ ਸਮਰਪਣ ਅਤੇ ਕੁਦਰਤ ਪ੍ਰਤੀ ਸ਼ੁਕਰਾਨੇ ਦਾ ਪਵਿੱਤਰ ਮੌਕਾ ਹੈ। ਇਸ ਦਿਨ ਸੂਰਜ ਦੀ ਪੂਜਾ ਜੀਵਨ, ਊਰਜਾ, ਰੌਸ਼ਨੀ ਅਤੇ ਚੰਗੀ ਸਿਹਤ ਦੇ ਸਰੋਤ ਵਜੋਂ ਕੀਤੀ ਜਾਂਦੀ ਹੈ। ਇਹ ਤਿਉਹਾਰ ਸਾਨੂੰ ਸਾਡੇ ਜੀਵਨ ਵਿੱਚ ਕੁਦਰਤ ਦੇ ਅਨਮੋਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ।"
ਉਨ੍ਹਾਂ ਅੱਗੇ ਕਿਹਾ, "ਛੱਠ ਪੂਜਾ ਦੌਰਾਨ ਡੁੱਬਦੇ ਅਤੇ ਚੜ੍ਹਦੇ ਸੂਰਜ ਨੂੰ ਅਰਘ ਦੇਣ ਦੀ ਪਰੰਪਰਾ ਇਸ ਤਿਉਹਾਰ ਦੀਆਂ ਸਭ ਤੋਂ ਵਿਲੱਖਣ ਰਸਮਾਂ ਵਿੱਚੋਂ ਇੱਕ ਹੈ। ਇਹ ਸਾਨੂੰ ਜੀਵਨ ਦੇ ਹਰ ਪੜਾਅ ਅਤੇ ਹਰ ਵਿਅਕਤੀ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਇਹ ਤਿਉਹਾਰ ਸਾਨੂੰ ਸਫ਼ਾਈ, ਸੰਜਮ, ਅਨੁਸ਼ਾਸਨ ਅਤੇ ਕੁਦਰਤ ਨਾਲ ਡੂੰਘਾ ਰਿਸ਼ਤਾ ਬਣਾਈ ਰੱਖਣ ਦੀ ਪ੍ਰੇਰਣਾ ਵੀ ਦਿੰਦਾ ਹੈ।"
ਸਾਡੇ ਪ੍ਰਵਾਸੀ ਭੈਣ-ਭਰਾ ਪੰਜਾਬ ਦੀ ਤਰੱਕੀ ਵਿੱਚ ਪਾ ਰਹੇ ਯੋਗਦਾਨ- CM ਮਾਨ
CM ਮਾਨ ਨੇ ਕਿਹਾ ਕਿ ਬਿਹਾਰ ਅਤੇ ਪੂਰਵਾਂਚਲ ਤੋਂ ਪੰਜਾਬ ਆ ਕੇ ਵੱਸੇ ਲੋਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਪ੍ਰਵਾਸੀ ਭੈਣ-ਭਰਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਨਮੋਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਲਗਨ ਖੇਤੀਬਾੜੀ, ਉਦਯੋਗ, ਵਪਾਰ ਅਤੇ ਕਈ ਹੋਰ ਖੇਤਰਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸੂਬੇ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ।"
ਮੁੱਖ ਮੰਤਰੀ ਨੇ ਅੱਗੇ ਕਿਹਾ, "ਬਿਹਾਰ ਅਤੇ ਪੂਰਵਾਂਚਲ ਤੋਂ ਆਏ ਸਾਡੇ ਭੈਣਾਂ-ਭਰਾਵਾਂ ਨਾਲ ਸਾਡਾ ਰਿਸ਼ਤਾ ਸਿਰਫ਼ ਰੁਜ਼ਗਾਰ ਤੱਕ ਸੀਮਤ ਨਹੀਂ ਹੈ। ਇਹ ਸੱਭਿਆਚਾਰਕ ਅਦਾਨ-ਪ੍ਰਦਾਨ, ਆਪਸੀ ਵਿਸ਼ਵਾਸ, ਪਿਆਰ ਅਤੇ ਭਾਈਚਾਰੇ 'ਤੇ ਆਧਾਰਿਤ ਮਜ਼ਬੂਤ ਰਿਸ਼ਤਾ ਹੈ। ਪੰਜਾਬ ਵਿੱਚ ਰਹਿਣ ਵਾਲਾ ਹਰ ਵਿਅਕਤੀ ਸਾਡੇ ਵੱਡੇ ਪਰਿਵਾਰ ਦਾ ਹਿੱਸਾ ਹੈ ਅਤੇ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਸਮਾਜ ਦੇ ਹਰ ਵਰਗ ਦਾ ਸਤਿਕਾਰ ਕੀਤਾ ਜਾਵੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਆਪਸੀ ਸਾਂਝ, ਭਾਈਚਾਰਕ ਸਦਭਾਵਨਾ, ਏਕਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਵਿੱਚ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਹਰ ਭਾਈਚਾਰੇ, ਧਰਮ ਅਤੇ ਸਮਾਜ ਦੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਸਾਡਾ ਉਦੇਸ਼ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਨਾਗਰਿਕ ਨੂੰ ਬਰਾਬਰ ਦੇ ਮੌਕੇ, ਸੁਰੱਖਿਆ ਅਤੇ ਸਨਮਾਨ ਮਿਲੇ। ਸਾਰੇ ਧਰਮਾਂ ਅਤੇ ਸੱਭਿਆਚਾਰਾਂ ਦੇ ਤਿਉਹਾਰ ਮਿਲਜੁਲ ਕੇ ਮਨਾਉਣਾ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ।"
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਛੱਠ ਪੂਜਾ ਲਈ ਪੰਜਾਬ ਭਰ ਵਿੱਚ 104 ਥਾਵਾਂ ਦੀ ਪਛਾਣ ਕੀਤੀ ਗਈ ਸੀ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਵੱਖ-ਵੱਖ ਭਾਈਚਾਰਿਆਂ ਵਿਚਕਾਰ ਰਿਸ਼ਤਿਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਆਸਥਾ, ਸ਼ਰਧਾ, ਏਕਤਾ ਤੇ ਸਮੂਹਿਕ ਭਾਗੀਦਾਰੀ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਦਾ ਹੈ।
ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸਾਰੀ, ਵਪਾਰ, ਫਲਾਂ ਦੀਆਂ ਰੇਹੜੀਆਂ ਅਤੇ ਹੋਰ ਆਰਥਿਕ ਗਤੀਵਿਧੀਆਂ ਸਮੇਤ ਕਈ ਖੇਤਰਾਂ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਇੱਕ ਸਾਂਝਾ ਉਪਰਾਲਾ ਹੈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੰਮ ਕਰਨ ਵਾਲੇ ਹਰ ਵਿਅਕਤੀ ਨੂੰ ਸਤਿਕਾਰ ਅਤੇ ਮਾਨਤਾ ਮਿਲਣੀ ਚਾਹੀਦੀ ਹੈ।
ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਸਾਰੇ ਪ੍ਰਵਾਸੀ ਪਰਿਵਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਜ਼ਰੂਰ ਦਿਵਾਉਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ। ਪੰਜਾਬ ਸਰਕਾਰ ਚੰਗੇ ਸਕੂਲ ਸਥਾਪਿਤ ਕਰ ਰਹੀ ਹੈ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ, ਉਹ ਅਫ਼ਸਰ ਬਣਨ ਦੇ ਸੁਪਨੇ ਦੇਖ ਸਕਣ ਅਤੇ ਸਮਾਜ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ।"
ਅੰਤ ਵਿੱਚ ਮੁੱਖ ਮੰਤਰੀ ਨੇ ਸਾਰਿਆਂ ਨੂੰ ਛੱਠ ਪੂਜਾ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਰਧਾਲੂਆਂ ਨੂੰ ਇਹ ਤਿਉਹਾਰ ਖੁਸ਼ੀ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਭਾਈਚਾਰੇ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।


Click it and Unblock the Notifications
