ਭਗਵੰਤ ਮਾਨ ਸਰਕਾਰ ਦੀ ਖੇਡਾਂ ਲਈ ਵੱਡੀ ਸੌਗਾਤ, CM ਮਾਨ ਨੇ 1,000 ਹੋਰ ਖੇਡ ਮੈਦਾਨ ਕੀਤੇ ਲੋਕਾਂ ਨੂੰ ਸਮਰਪਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ 1,000 ਹੋਰ 'ਪੇਂਡੂ ਖੇਡ ਮੈਦਾਨ' ਲੋਕਾਂ ਨੂੰ ਸਮਰਪਿਤ ਕੀਤੇ। ਇਸ ਨਾਲ ਹੁਣ ਤੱਕ ਕੁੱਲ 1,764 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ, ਜਦਕਿ ਸਰਕਾਰ ਦਾ ਟੀਚਾ ਪੰਜਾਬ ਵਿੱਚ 3,100 ਖੇਡ ਮੈਦਾਨ ਤਿਆਰ ਕਰਨ ਦਾ ਹੈ।
ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਖੇਡ ਪ੍ਰਤਿਭਾ ਦਾ ਕੇਂਦਰ ਬਣਾਉਣ ਲਈ ਨੀਂਹ ਰੱਖੀ ਜਾ ਰਹੀ ਹੈ। ਹਰੇਕ ਖੇਡ ਮੈਦਾਨ ਵਿੱਚ ਫੁੱਟਬਾਲ, ਹਾਕੀ, ਵਾਲੀਬਾਲ ਅਤੇ ਕ੍ਰਿਕਟ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਗਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਮਕਸਦ ਨਾਲ ਅੱਜ 1,000 ਹੋਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਇੰਨੇ ਵੱਡੇ ਪੱਧਰ 'ਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਆਧੁਨਿਕ ਖੇਡ ਸਹੂਲਤਾਂ ਮਿਲ ਸਕਣ।
ਤਿੰਨ ਪੜਾਵਾਂ ਵਿੱਚ ਸਮਰਪਿਤ ਕੀਤੇ ਗਏ ਖੇਡ ਮੈਦਾਨ
ਮੁੱਖ ਮੰਤਰੀ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਭਰ ਵਿੱਚ 3,100 'ਪੇਂਡੂ ਖੇਡ ਮੈਦਾਨ' ਵਿਕਸਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ 4 ਮਈ ਨੂੰ 255 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ। ਇਸ ਤੋਂ ਬਾਅਦ 24 ਅਗਸਤ ਨੂੰ ਦੂਜੇ ਪੜਾਅ ਤਹਿਤ 509 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਹੁਣ ਤੀਜੇ ਪੜਾਅ ਵਿੱਚ 1,000 ਹੋਰ ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 93 ਖੇਡ ਮੈਦਾਨ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹਨ।
ਮੁਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਰਫ਼ ਖੇਡ ਮੈਦਾਨ ਹੀ ਨਹੀਂ ਬਣਾ ਰਹੀ, ਸਗੋਂ ਪੇਂਡੂ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰ ਰਹੀ ਹੈ। ਹਰ ਪਿੰਡ ਵਿੱਚ ਅਜਿਹਾ ਖੇਡ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜਿੱਥੇ ਬੱਚੇ ਅਭਿਆਸ ਕਰ ਸਕਣ ਅਤੇ ਆਪਣੇ ਖੇਡ ਸੁਪਨਿਆਂ ਨੂੰ ਪੂਰਾ ਕਰ ਸਕਣ।
ਖੇਡ ਮੈਦਾਨਾਂ ਵਿੱਚ ਮਿਲਣਗੀਆਂ ਆਧੁਨਿਕ ਸਹੂਲਤਾਂ
ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਕਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਛੇ ਫੁੱਟ ਉੱਚੀ ਚੇਨ-ਲਿੰਕ ਵਾੜ, ਚਾਰਦੀਵਾਰੀ ਦੇ ਨਾਲ ਹਰਿਆਲੀ ਵਧਾਉਣ ਲਈ ਬੂਟੇ ਲਗਾਉਣਾ, ਛੇ ਫੁੱਟ ਚੌੜੇ ਵਾਕਿੰਗ ਟਰੈਕ, ਫੁੱਟਲਾਈਟਾਂ, ਮਰਦਾਂ ਅਤੇ ਔਰਤਾਂ ਲਈ ਵੱਖਰੇ ਪਖਾਨੇ ਅਤੇ ਖੇਡਾਂ ਦਾ ਸਾਮਾਨ ਰੱਖਣ ਲਈ ਸਟੋਰ ਰੂਮ ਸ਼ਾਮਲ ਹਨ।
ਪਿੰਡਾਂ ਨੂੰ ਮੁਫ਼ਤ ਖੇਡ ਕਿੱਟਾਂ ਅਤੇ ਕੋਚਿੰਗ ਦੀ ਸਹੂਲਤ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਨੂੰ ਖੇਡਾਂ ਦਾ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਖੇਡਾਂ ਸ਼ੁਰੂ ਕਰਨ ਲਈ ਆਪਣੀ ਜੇਬ ਵਿੱਚੋਂ ਪੈਸੇ ਖਰਚ ਨਾ ਕਰਨੇ ਪੈਣ। ਹਰੇਕ ਪਿੰਡ ਨੂੰ ਫੁੱਟਬਾਲ ਅਤੇ ਹਾਕੀ ਦੇ ਗੋਲਪੋਸਟ, ਵਾਲੀਬਾਲ ਦੇ ਪੋਲ, ਦੋ ਨੈੱਟ, ਤਿੰਨ ਵਾਲੀਬਾਲ, ਤਿੰਨ ਫੁੱਟਬਾਲ ਅਤੇ ਕ੍ਰਿਕਟ ਕਿੱਟਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਫੁੱਟਬਾਲ ਖੇਡਣ ਲਈ 36 ਜੋੜੇ ਸਟੱਡਸ ਵੀ ਮੁਹੱਈਆ ਕਰਵਾਏ ਜਾਣਗੇ। ਜਿਨ੍ਹਾਂ ਪਿੰਡਾਂ ਵਿੱਚ ਕ੍ਰਿਕਟ ਵਧੇਰੇ ਪ੍ਰਸਿੱਧ ਹੈ, ਉੱਥੇ ਪੂਰੀਆਂ ਕ੍ਰਿਕਟ ਕਿੱਟਾਂ ਦਿੱਤੀਆਂ ਜਾਣਗੀਆਂ।
ਖੇਡ ਮੈਦਾਨਾਂ ਦੀ ਸਾਂਭ-ਸੰਭਾਲ ਕਰਨਗੀਆਂ ਗ੍ਰਾਮ ਪੰਚਾਇਤਾਂ
ਮੁੱਖ ਮੰਤਰੀ ਨੇ ਦੱਸਿਆ ਕਿ ਖੇਡ ਮੈਦਾਨਾਂ ਦੀ ਸਹੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਗ੍ਰਾਮ ਪੰਚਾਇਤਾਂ ਦੀ ਹੋਵੇਗੀ। ਇਸ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਰਪੰਚ, ਯੂਥ ਕਲੱਬ ਦਾ ਪ੍ਰਧਾਨ, ਸਬੰਧਤ ਜੂਨੀਅਰ ਇੰਜੀਨੀਅਰ (JE) ਅਤੇ ਪੰਚਾਇਤ ਸਕੱਤਰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਚਾਇਤ ਵੱਲੋਂ ਇੱਕ ਮਹਿਲਾ ਮੈਂਬਰ ਜਾਂ ਖਿਡਾਰੀ ਨੂੰ ਵੀ ਕਮੇਟੀ ਵਿੱਚ ਨਾਮਜ਼ਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਖੇਡ ਮੈਦਾਨਾਂ ਦੀ ਨਿਯਮਤ ਦੇਖਭਾਲ ਕੀਤੀ ਜਾਵੇ ਅਤੇ ਬੱਚੇ ਤੇ ਨੌਜਵਾਨ ਇਨ੍ਹਾਂ ਦੀ ਲਗਾਤਾਰ ਵਰਤੋਂ ਕਰਦੇ ਰਹਿਣ।
ਪਿਛਲੀਆਂ ਸਰਕਾਰਾਂ 'ਤੇ ਵਿਨ੍ਹਿਆ ਨਿਸ਼ਾਨਾ
ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਤਾਂ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਅਤੇ ਨਾ ਹੀ ਵਿਕਾਸ ਕਾਰਜ ਕਰਵਾਏ। ਇਸ ਦੇ ਉਲਟ ਮੌਜੂਦਾ ਸਰਕਾਰ ਪੇਂਡੂ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਦੇਣ ਵਾਸਤੇ ਖੇਡ ਬੁਨਿਆਦੀ ਢਾਂਚੇ ਨੂੰ ਤਰਜੀਹ ਦੇ ਰਹੀ ਹੈ, ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾ ਸਕਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਖੇਡ ਕੈਲੰਡਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਅਤੇ IPL ਦੀ ਤਰਜ਼ 'ਤੇ 'ਸ਼ੇ-ਏ-ਪੰਜਾਬ ਟੀ-20 ਲੀਗ' ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੀ ਖੇਡ ਪ੍ਰਤਿਭਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਯੋਗਤਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨਾ ਹੈ।


Click it and Unblock the Notifications
