"ਪੰਜਾਬ 'ਚ ਬਿਜਲੀ ਦੀ ਨਹੀਂ ਆਵੇਗੀ ਕਮੀ", ਕੇਂਦਰੀ ਮੰਤਰੀ ਨਾਲ ਮੀਟਿੰਗ ਤੋਂ ਬਾਅਦ CM ਮਾਨ ਦਾ ਬਿਆਨ, ਮਾਨਸਾ ਕਤਲ ਕਾਂਡ ਬਾਰੇ ਵੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ CM ਮਾਨ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ।

ਇਸ ਮੁਲਾਕਾਤ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਪੰਜਾਬ ਵਿੱਚ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਸਬੰਧੀ ਅਹਿਮ ਮੁੱਦਿਆਂ 'ਤੇ ਉਸਾਰੂ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਦੇ ਦੇਸ਼ ਦੇ ਅਨਾਜ ਭੰਡਾਰ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ। CM ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ।

bhagwant maan

ਉਨ੍ਹਾਂ ਦੱਸਿਆ ਕਿ ਪਚਵਾੜਾ ਕੋਲਾ ਖਾਣਾਂ ਤੋਂ ਕੋਲੇ ਦੀ ਸਪਲਾਈ ਯਕੀਨੀ ਬਣਾਉਣ ਲਈ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਬਿਜਲੀ ਮੰਤਰੀ ਨੇ ਲੋੜੀਂਦੀ ਮਾਤਰਾ ਵਿੱਚ ਕੋਲੇ ਅਤੇ ਬਿਜਲੀ ਦੀ ਨਿਰੰਤਰ ਸਪਲਾਈ ਦਾ ਭਰੋਸਾ ਦਿੱਤਾ ਹੈ।

ਸ਼ਾਹਪੁਰ ਕੰਢੀ ਡੈਮ ਬਾਰੇ NGT ਦੇ ਨੋਟਿਸਾਂ ਦਾ ਮੁੱਦਾ ਚੁੱਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮਾਨ ਨੇ ਕਿਹਾ ਕਿ ਡੈਮ ਬਣਨ ਤੋਂ ਬਾਅਦ ਸੂਬੇ ਨੂੰ ਵਾਰ-ਵਾਰ ਵਾਤਾਵਰਣ ਸਬੰਧੀ ਨੋਟਿਸਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਲਗਭਗ ਹਰ ਸਾਲ ਇਸ ਪ੍ਰਾਜੈਕਟ ਸਬੰਧੀ ਕੋਈ ਨਾ ਕੋਈ ਨੋਟਿਸ ਮਿਲ ਜਾਂਦਾ ਹੈ, ਜਿਸ ਨਾਲ ਬੇਲੋੜੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ।

ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਬਾਰੇ ਵੀ ਦਿੱਤਾ ਬਿਆਨ

ਬਰਗਾੜੀ ਅਤੇ ਬਹਿਬਲ ਕਲਾਂ ਘਟਨਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਉਸ ਸਮੇਂ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਬਾਅਦ ਆਈ ਕਾਂਗਰਸ ਸਰਕਾਰ ਨੇ ਵੀ ਇਨ੍ਹਾਂ ਮਾਮਲਿਆਂ ਨੂੰ ਕਮਜ਼ੋਰ ਕੀਤਾ, ਜਿਸ ਕਾਰਨ ਹੁਣ ਇਨ੍ਹਾਂ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਪੈ ਰਹੀ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਵੇਂ ਗਵਾਹਾਂ ਨੂੰ ਸਾਹਮਣੇ ਲਿਆ ਕੇ ਅਤੇ ਨਵੀਂ ਪਹੁੰਚ ਅਪਣਾ ਕੇ ਚਲਾਨ ਪੇਸ਼ ਕੀਤੇ ਜਾਣਗੇ, ਤਾਂ ਜੋ ਇਨ੍ਹਾਂ ਮਾਮਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਵਿਦੇਸ਼ ਦੌਰਿਆਂ ਦੀ ਇਜਾਜ਼ਤ ਨਾ ਮਿਲਣ 'ਤੇ ਚੁੱਕੇ ਸਵਾਲ

ਮੁੱਖ ਮੰਤਰੀ ਨੇ ਵਿਦੇਸ਼ ਜਾਣ ਦੀ ਇਜਾਜ਼ਤ ਨਾ ਮਿਲਣ ਬਾਰੇ ਵੀ ਆਪਣੀ ਗੱਲ ਰੱਖੀ। ਉਨ੍ਹਾਂ ਦੱਸਿਆ ਕਿ ਪੈਰਿਸ ਵਿੱਚ ਫੂਡ ਫੈਸਟੀਵਲ ਕਰਵਾਇਆ ਜਾ ਰਿਹਾ ਹੈ, ਜਿੱਥੇ ਮਾਰਕਫੈੱਡ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਆਪਣਾ ਸਟਾਲ ਲਗਾ ਰਿਹਾ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਫਰਾਂਸ ਸਰਕਾਰ ਵੱਲੋਂ ਸੱਦਾ ਵੀ ਮਿਲਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਨਾ ਮਿਲਣਾ ਮੰਦਭਾਗਾ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਦੇਸ਼ਾਂ ਦੇ ਦੌਰੇ ਕਰਦੇ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦਾ ਮਕਸਦ ਸੂਬੇ ਵਿੱਚ ਨਿਵੇਸ਼ ਲਿਆਉਣਾ, ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਉਮੀਦ ਹੈ ਕਿ ਅਗਲੇ ਦਿਨ ਇਜਾਜ਼ਤ ਮਿਲ ਜਾਵੇਗੀ।

ਮਾਨਸਾ ਕਤਲ ਕਾਂਡ 'ਤੇ ਸਖ਼ਤ ਕਾਰਵਾਈ ਦਾ ਭਰੋਸਾ

ਮਾਨਸਾ ਵਿੱਚ ਵਾਪਰੀ ਦੁਖਦਾਈ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਘਟਨਾ ਦੀ ਸਾਜ਼ਿਸ਼ ਰਚਣ ਜਾਂ ਯੋਜਨਾ ਬਣਾਉਣ ਵਿੱਚ ਵੀ ਕੋਈ ਵਿਅਕਤੀ ਸ਼ਾਮਲ ਪਾਇਆ ਗਿਆ, ਤਾਂ ਉਸ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ 'ਤੇ ਇਸ ਦੁਖਾਂਤ ਨੂੰ ਲੈ ਕੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਅਤੇ ਕਿਹਾ ਕਿ ਸਰਕਾਰ ਦੀ ਪਹਿਲ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+