2030 ਹਾਕੀ ਵਰਲਡ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ - CM ਭਗਵੰਤ ਸਿੰਘ ਮਾਨ
ਪੰਜਾਬ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਜੋੜਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ 2030 ਵਿੱਚ ਹੋਣ ਵਾਲੇ ਵੱਕਾਰੀ ਹਾਕੀ ਵਰਲਡ ਕੱਪ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਸਫਲਤਾ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਨਾਲ ਪੰਜਾਬ ਦਾ ਅਟੁੱਟ ਰਿਸ਼ਤਾ, ਸੂਬੇ ਦੇ 77 ਓਲੰਪੀਅਨ ਅਤੇ 48 ਓਲੰਪਿਕ ਤਮਗਾ ਜੇਤੂ ਖਿਡਾਰੀਆਂ ਦੀ ਵਿਰਾਸਤ ਅਤੇ ਲਗਾਤਾਰ ਮਜ਼ਬੂਤ ਹੋ ਰਿਹਾ ਖੇਡ ਬੁਨਿਆਦੀ ਢਾਂਚਾ ਪੰਜਾਬ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਇੱਕ ਢੁੱਕਵੀਂ ਥਾਂ ਬਣਾਉਂਦੇ ਹਨ।

ਮੁੱਖ ਮੰਤਰੀ ਦੇ ਕਿਹਾ ਕਿ ਸੂਬੇ ਵਿੱਚ ਛੇ ਨਵੇਂ ਹਾਕੀ ਐਸਟਰੋਟਰਫ ਮੈਦਾਨ ਬਣਾਏ ਜਾ ਚੁੱਕੇ ਹਨ, ਜਦਕਿ ਦੋ ਹੋਰ ਮੈਦਾਨਾਂ ਦਾ ਨਿਰਮਾਣ ਜਾਰੀ ਹੈ। ਇਸ ਤੋਂ ਇਲਾਵਾ ਖੇਡਾਂ ਲਈ ਵਿਸ਼ੇਸ਼ ਤੌਰ 'ਤੇ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਖੇਡ ਵਿਰਾਸਤ ਨੂੰ ਹੋਰ ਉੱਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ।
ਫ਼ਾਈਨਲ 'ਚ ਭਾਰਤ ਨੇ ਜਪਾਨ ਨੂੰ 4-1 ਨਾਲ ਹਰਾਇਆ
ਭਾਰਤ ਨੇ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਮੁੜ ਆਪਣੇ ਨਾਮ ਕਰ ਲਿਆ। ਇਸ ਦੌਰਾਨ ਮੋਹਾਲੀ ਦੇ ਖਚਾਖਚ ਭਰੇ ਸਟੇਡੀਅਮ ਵਿੱਚ ਗਤਕਾ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕੀਤੀ।
CM ਮਾਨ ਨੇ X 'ਤੇ ਸਾਂਝੀ ਕੀਤੀ ਪੋਸਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੋਹਾਲੀ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਰੋਮਾਂਚਕ ਫਾਈਨਲ ਦੇਖਣ ਦਾ ਮੌਕਾ ਮਿਲਿਆ।
ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀਆਂ ਗਤਕਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਮਾਹੌਲ ਨੂੰ ਜੋਸ਼ ਅਤੇ ਉਤਸ਼ਾਹ ਨਾਲ ਭਰ ਦਿੱਤਾ। ਉਨ੍ਹਾਂ ਨੇ ਭਾਰਤੀ ਟੀਮ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੀ ਸਫਲ ਮੇਜ਼ਬਾਨੀ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤੀ ਖਿਡਾਰੀ ਟਰਾਫੀ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਦੇ ਸ਼ਾਨਦਾਰ ਇਤਿਹਾਸ ਦੀ ਕਲਪਨਾ ਵੀ ਪੰਜਾਬੀ ਖਿਡਾਰੀਆਂ ਦੇ ਯੋਗਦਾਨ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤ ਪਾਲ ਸਿੰਘ ਅਤੇ ਸੁਰਜੀਤ ਸਿੰਘ ਵਰਗੇ ਮਹਾਨ ਓਲੰਪੀਅਨਾਂ ਤੋਂ ਲੈ ਕੇ ਮੌਜੂਦਾ ਸਮੇਂ ਦੇ ਸਿਤਾਰੇ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਤੱਕ ਪੰਜਾਬ ਨੇ ਭਾਰਤੀ ਹਾਕੀ ਨੂੰ ਬੇਮਿਸਾਲ ਖਿਡਾਰੀ ਦਿੱਤੇ ਹਨ।
ਪੰਜਾਬ ਨੇ ਪੈਦਾ ਕੀਤੇ 77 ਹਾਕੀ ਓਲੰਪੀਅਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 1928 ਦੀਆਂ ਐਮਸਟਰਡਮ ਓਲੰਪਿਕ ਖੇਡਾਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕ ਖੇਡਾਂ ਤੱਕ ਪੰਜਾਬ ਨੇ 77 ਹਾਕੀ ਓਲੰਪੀਅਨ ਪੈਦਾ ਕੀਤੇ ਹਨ, ਜਦਕਿ ਸੂਬੇ ਦੇ 48 ਖਿਡਾਰੀ ਓਲੰਪਿਕ ਤਮਗੇ ਜਿੱਤ ਚੁੱਕੇ ਹਨ। ਇਹ ਪੰਜਾਬ ਵਿੱਚ ਹਾਕੀ ਪ੍ਰਤੀ ਡੂੰਘੇ ਜਨੂੰਨ ਅਤੇ ਖੇਡ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਖਿਡਾਰੀ 10 ਵਾਰ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰ ਚੁੱਕੇ ਹਨ। ਭਾਰਤ ਦੀਆਂ ਹਾਲੀਆ ਓਲੰਪਿਕ ਪ੍ਰਾਪਤੀਆਂ ਵਿੱਚ ਵੀ ਪੰਜਾਬ ਦਾ ਯੋਗਦਾਨ ਬੇਹੱਦ ਸ਼ਾਨਦਾਰ ਰਿਹਾ ਹੈ। ਟੋਕੀਓ 2020 ਓਲੰਪਿਕ ਵਿੱਚ ਪੰਜਾਬ ਦੇ ਅੱਠ ਖਿਡਾਰੀਆਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ ਸੀ, ਜਦਕਿ ਪੈਰਿਸ 2024 ਓਲੰਪਿਕ ਵਿੱਚ ਸੂਬੇ ਦੇ ਨੌਂ ਖਿਡਾਰੀ ਭਾਰਤੀ ਟੀਮ ਦਾ ਹਿੱਸਾ ਸਨ। ਇਨ੍ਹਾਂ ਦੋਵਾਂ ਟੀਮਾਂ ਦੀ ਕਪਤਾਨੀ ਕ੍ਰਮਵਾਰ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਕੀਤੀ ਸੀ। ਮੌਜੂਦਾ ਭਾਰਤੀ ਹਾਕੀ ਟੀਮ ਵਿੱਚ ਵੀ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ ਅੱਠ ਖਿਡਾਰੀ ਸ਼ਾਮਲ ਹਨ।
ਜਲੰਧਰ ਦਾ ਹਾਕੀ ਵਿੱਚ ਵਿਸ਼ੇਸ਼ ਸਥਾਨ
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਹਾਕੀ ਵਿੱਚ ਜਲੰਧਰ ਦਾ ਵਿਸ਼ੇਸ਼ ਸਥਾਨ ਹੈ। ਜਲੰਧਰ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਨੇ ਕਈ ਪੀੜ੍ਹੀਆਂ ਤੋਂ ਅੰਤਰਰਾਸ਼ਟਰੀ ਖਿਡਾਰੀ ਅਤੇ ਓਲੰਪੀਅਨ ਪੈਦਾ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਆਪਣੀ ਸ਼ਾਨਦਾਰ ਹਾਕੀ ਪਰੰਪਰਾ ਕਾਰਨ ਦੁਨੀਆ ਭਰ ਵਿੱਚ ਪਛਾਣ ਬਣਾਈ ਹੈ। ਇਨ੍ਹਾਂ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਓਲੰਪੀਅਨ ਪੈਦਾ ਕੀਤੇ ਹਨ।
ਉਨ੍ਹਾਂ ਕਿਹਾ ਕਿ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਪੰਜਾਬ ਦੀ ਸ਼ਾਨਦਾਰ ਖੇਡ ਵਿਰਾਸਤ ਦਾ ਪ੍ਰਤੀਕ ਹੈ। ਇਸ ਸਟੇਡੀਅਮ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਸੈਂਟਰ ਅਤੇ ਖੇਲੋ ਇੰਡੀਆ ਸੈਂਟਰ ਰਾਹੀਂ ਨੌਜਵਾਨ ਖਿਡਾਰੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਇੱਥੇ ਕ੍ਰਮਵਾਰ 102 ਅਤੇ 33 ਹਾਕੀ ਖਿਡਾਰੀ ਵਿਸ਼ੇਸ਼ ਸਿਖਲਾਈ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਪੰਜਾਬ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵਿਸ਼ਵ ਪੱਧਰੀ ਸਹੂਲਤਾਂ, ਪੇਸ਼ੇਵਰ ਕੋਚਿੰਗ ਅਤੇ ਲੋੜੀਂਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।


Click it and Unblock the Notifications
