ਭਗਵਾਨ ਵਾਲਮੀਕਿ ਤੀਰਥ ਸਥਲ ਦੇ ਵਿਕਾਸ ਲਈ 17.72 ਕਰੋੜ ਰੁਪਏ ਖ਼ਰਚੇਗੀ ਮਾਨ ਸਰਕਾਰ, ਰਾਮ ਤੀਰਥ ਦੇ ਵਿਕਾਸ ਲਈ ਸਰਕਾਰ ਵਚਨਬੱਧ
ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਪਹੁੰਚ ਕੇ ਨਤਮਸਤਕ ਹੋਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਵਿੱਤੀ ਸਾਲ 2026-27 ਦੌਰਾਨ 17.72 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਸ ਪਵਿੱਤਰ ਸਮਾਗਮ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਇਸ ਪਵਿੱਤਰ ਦਿਹਾੜੇ 'ਤੇ ਅੰਮ੍ਰਿਤਸਰ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਪਹੁੰਚ ਕੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਅਜਿਹੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦਾ ਸਨਮਾਨ ਅਤੇ ਮੌਕੇ ਮਿਲਣ।

ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸੰਸਕ੍ਰਿਤ ਸਾਹਿਤ ਦੇ ਪਿਤਾਮਾ ਅਤੇ ਆਦਿ ਕਵੀ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਰਚੀ ਗਈ ਮਹਾਨ ਰਚਨਾ ਰਾਮਾਇਣ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਸੱਚਾਈ ਅਤੇ ਨੇਕੀ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਰਾਮਾਇਣ ਬੁਰਾਈ 'ਤੇ ਚੰਗਿਆਈ ਦੀ ਜਿੱਤ, ਸੱਚਾਈ, ਨੈਤਿਕਤਾ, ਦਇਆ ਅਤੇ ਸਹੀ ਆਚਰਨ ਦਾ ਸਦੀਵੀ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਸਮੇਂ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਸਗੋਂ ਸਮੁੱਚੀ ਮਨੁੱਖਤਾ ਲਈ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਰਿਸ਼ੀਆਂ ਅਤੇ ਪੈਗੰਬਰਾਂ ਦੀ ਧਰਤੀ ਹੈ। ਇਹ ਮਾਣ ਵਾਲੀ ਗੱਲ ਹੈ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇਸੇ ਪਵਿੱਤਰ ਧਰਤੀ 'ਤੇ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਪੁੱਤਰਾਂ ਲਵ ਅਤੇ ਕੁਸ਼ ਨੂੰ ਗਿਆਨ ਅਤੇ ਸਿੱਖਿਆ ਪ੍ਰਦਾਨ ਕੀਤੀ।
ਰਾਮ ਤੀਰਥ ਸਥਲ ਦੇ ਵਿਕਾਸ ਲਈ 17.72 ਕਰੋੜ ਰੁਪਏ ਖ਼ਰਚੇਗੀ ਸਰਕਾਰ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਸ੍ਰੀ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਪ੍ਰਾਜੈਕਟ ਨਹੀਂ, ਸਗੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਪ੍ਰਤੀ ਸਤਿਕਾਰ ਅਤੇ ਸ਼ਰਧਾ ਦਾ ਪ੍ਰਗਟਾਵਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਸ ਪਵਿੱਤਰ ਸਥਾਨ ਦੀ ਅਧਿਆਤਮਿਕ ਮਹੱਤਤਾ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਇਸ ਨੂੰ ਦੁਨੀਆ ਭਰ ਵਿੱਚ ਪਛਾਣ ਦਿਵਾਉਣਾ ਹੈ।
ਮੰਦਰ ਵਿੱਚ ਨਵੀਆਂ ਸਹੂਲਤਾਂ ਦਾ ਕੀਤਾ ਜਾ ਰਿਹਾ ਵਿਕਾਸ
ਦੱਸ ਦਈਏ ਕਿ ਤੀਰਥ ਸਥਲ 'ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੰਦਰ ਦੀ ਮੁਰੰਮਤ ਅਤੇ ਸੁੰਦਰੀਕਰਨ, ਨਵੇਂ ਸਾਊਂਡ ਸਿਸਟਮ ਦੀ ਸਥਾਪਨਾ, ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਉਣਾ ਅਤੇ ਪਵਿੱਤਰ ਸਰੋਵਰ ਦੀ ਸਫ਼ਾਈ ਵਰਗੇ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ, ਸੀਵਰੇਜ ਟ੍ਰੀਟਮੈਂਟ ਪਲਾਂਟ ਚਾਲੂ ਕਰਨ ਅਤੇ ਮੰਦਰ ਤੇ ਸਰਾਂ ਵਿੱਚ ਏਅਰ ਕੰਡੀਸ਼ਨਰ ਲਗਾਉਣ ਲਈ 2.60 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਤੀਰਥ ਸਥਲ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੋੜ ਅਨੁਸਾਰ ਹੋਰ ਕੰਮ ਵੀ ਕਰਵਾਏ ਜਾਣਗੇ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮਿਲ ਰਹੀ ਸਹੂਲਤ
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਸ੍ਰੀ ਭਗਵਾਨ ਵਾਲਮੀਕਿ ਤੀਰਥ ਸਥਲ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਪਵਿੱਤਰ ਸਥਾਨਾਂ 'ਤੇ ਨਤਮਸਤਕ ਹੋਣ ਦਾ ਮੌਕਾ ਮਿਲ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਸਮਾਜ ਵਿੱਚ ਬਰਾਬਰੀ, ਦਇਆ, ਨਿਆਂ, ਸਦਭਾਵਨਾ ਅਤੇ ਆਪਸੀ ਸਤਿਕਾਰ ਨੂੰ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਵਿਅਕਤੀ ਨਾਲ ਵਿਤਕਰਾ ਨਾ ਹੋਵੇ ਅਤੇ ਹਰ ਕਿਸੇ ਨੂੰ ਸਨਮਾਨ ਨਾਲ ਜੀਣ ਦਾ ਮੌਕਾ ਮਿਲੇ।


Click it and Unblock the Notifications
