ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਲਾਗੂ ਕਰਨ ਦੀ ਤਿਆਰੀ, CM ਮਾਨ 7 ਮੈਂਬਰੀ ਕਮੇਟੀ ਨਾਲ ਕੱਲ੍ਹ ਅਹਿਮ ਮੀਟਿੰਗ।
ਪੰਜਾਬ ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲਾਗੂ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਬਣੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 27 ਸਤੰਬਰ, ਐਤਵਾਰ ਨੂੰ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ।
ਮੀਟਿੰਗ ਦੌਰਾਨ ਸੋਧੇ ਹੋਏ ਐਕਟ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਾਨੂੰਨ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਪ੍ਰਸਤਾਵਾਂ, ਪ੍ਰਕਿਰਿਆ ਅਤੇ ਸਬੰਧਤ ਧਿਰਾਂ ਵਿਚਕਾਰ ਤਾਲਮੇਲ ਬਾਰੇ ਵੀ ਵਿਚਾਰ-ਵਟਾਂਦਰਾ ਹੋਵੇਗਾ।

ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦਾ ਮੁੱਖ ਕੰਮ ਸੋਧੇ ਹੋਏ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਰਣਨੀਤੀ ਤਿਆਰ ਕਰਨਾ ਅਤੇ ਸਬੰਧਤ ਧਿਰਾਂ ਵਿਚਕਾਰ ਤਾਲਮੇਲ ਕਾਇਮ ਕਰਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਹ ਮੀਟਿੰਗ ਕਾਨੂੰਨ ਦੇ ਅਮਲ ਦੀ ਅਗਲੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਹੋਵੇਗੀ। ਇਹ ਐਕਟ ਪੰਜਾਬ ਵਿਧਾਨ ਸਭਾ ਵੱਲੋਂ 13 ਅਪ੍ਰੈਲ 2026 ਨੂੰ ਪਾਸ ਕੀਤਾ ਗਿਆ ਸੀ। ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਦੇ ਕੁਝ ਪ੍ਰਬੰਧਾਂ 'ਤੇ ਇਤਰਾਜ਼ ਅਤੇ ਸੋਧਾਂ ਦੀ ਮੰਗ ਕੀਤੀ ਗਈ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਮਾਂ ਦਿੱਤਾ ਗਿਆ ਸੀ। 29 ਜੂਨ ਨੂੰ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਕਾਨੂੰਨ ਵਿੱਚ ਇਤਰਾਜ਼ਯੋਗ ਧਾਰਾਵਾਂ ਨੂੰ ਸੋਧਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੱਲੋਂ ਇਸ ਮਾਮਲੇ ਨੂੰ ਲੈ ਕੇ ਇੱਕ ਤਾਲਮੇਲ ਕਮੇਟੀ ਬਣਾਈ ਗਈ ਸੀ।
ਇਸ ਕਾਨੂੰਨ ਵਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸਦੇ ਨਾਲ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ ਕਿਉਂਕਿ ਅਜਿਹਾ ਗ਼ਲਤ ਕੰਮ ਕਰਨ ਵਾਲੇ ਲੋਕਾਂ ਦੇ ਮਨਾਂ 'ਚ ਇਸ ਕਾਨੂੰਨ ਦਾ ਡਰ ਪੈਦਾ ਹੋਵੇਗਾ।


Click it and Unblock the Notifications
