Punjab Cabinet Meeting: ਪਿਕਟਸ ਮੁਲਾਜ਼ਮਾਂ ਨੂੰ ਵੱਡੀ ਰਾਹਤ, ਨਾਨ-ਟੀਚਿੰਗ ਸਟਾਫ਼ ਹੋਵੇਗਾ ਰੈਗੂਲਰ
ਪੰਜਾਬ ਸਰਕਾਰ ਨੇ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਕੰਮ ਕਰ ਰਹੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਨ੍ਹਾਂ ਮੁਲਾਜ਼ਮਾਂ ਨੂੰ ਹੁਣ ਸੁਸਾਇਟੀ ਅਧੀਨ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ ਜਿਸਦੇ ਵਿੱਚ ਪੰਜਾਬ ਨਾਲ ਸੰਬੰਧਤ ਕਈ ਅਹਿਮ ਫੈਸਲੇ ਲਏ ਗਏ। ਅੱਜ ਦੀ ਮੀਟਿੰਗ ਵਿੱਚ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ 'ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ' ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਇਸ ਬਿੱਲ ਤਹਿਤ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ' (ਆਰਡੀਏ) ਦੀ ਸਥਾਪਨਾ ਕੀਤੀ ਜਾਵੇਗੀ। ਇਹ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੰਮ ਕਰੇਗੀ। ਅਥਾਰਟੀ ਨੂੰ ਖੇਤਰ ਦੇ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।
ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਸਰਕਾਰ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬ ਕੈਬਨਿਟ ਵੱਲੋਂ ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਆਪਣੇ ਐਕਸ ਖਾਤੇ 'ਤੇ ਸਾਂਝੀ ਕੀਤੀ। ਮੁਲਾਜ਼ਮਾਂ ਨਾਲ ਸਬੰਧਤ ਫੈਸਲੇ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਪਿਕਟਸ ਅਧੀਨ ਕੰਮ ਕਰ ਰਹੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਗਪਗ 1400 ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਨਵੀਆਂ ਅਸਾਮੀਆਂ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਸੂਬੇ ਦੇ ਵਿਕਾਸ ਅਤੇ ਮੁਲਾਜ਼ਮਾਂ ਦੀ ਭਲਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, ''ਸਾਡੀ ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ।''
ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰਾਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰਨ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016' ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਲਈ ਡਾਇਰੈਕਟਰ, ਮੈਡੀਕਲ ਸਿੱਖਿਆ ਅਤੇ ਖੋਜ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ 'ਤੇ ਕੰਮ ਕਰ ਰਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿਚੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।


Click it and Unblock the Notifications
