ਨਹੀਂ ਹੋਵੇਗਾ ਅਕਾਲੀਆਂ ਨਾਲ ਗਠਜੋੜ! ਚੰਡੀਗੜ੍ਹ ਪਹੁੰਚੇ CR ਪਾਟਿਲ ਦਾ ਆ ਗਿਆ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ
ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਸੀ ਆਰ ਪਾਟਿਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਬੀਜੇਪੀ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਬ੍ਰੇਕ ਲਾਉਂਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ।
ਹਾਲਾਂਕਿ ਉਨ੍ਹਾਂ ਗੱਠਜੋੜ ਬਾਰੇ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਕੀਤੇ ਜਾਣ ਦੀ ਗੱਲ ਕਹੀ ਅਤੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਪਾਟਿਲ ਦੇ ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਤੋਂ ਲੋਕਾਂ ਲਈ ਭੰਬਲਭੂਸੇ ਦੀ ਸਥਿਤੀ ਬਣ ਗਈ ਹੈ ਕਿਉਂਕਿ ਪੰਜਾਬ ਦੇ ਲੋਕ ਜਲਦੀ ਸਾਰੀ ਸਥਿਤੀ ਸਾਫ਼ ਸਮਝਣਾ ਚਾਹੁੰਦੇ ਹਨ ਕਿ ਆਖਿਰ ਸਿਆਸੀ ਆਗੂ ਆਉਣ ਵਾਲੇ ਚੋਣਾਂ ਨੂੰ ਲੈ ਕੇ ਕੀ ਰਣਨੀਤੀ ਤਿਆਰ ਕਰੀ ਬੈਠੇ ਹਨ।

ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਟਿਲ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ, "ਜਿਵੇਂ ਹੋਰਨਾਂ ਸੂਬਿਆਂ ਵਿੱਚ ਭਾਜਪਾ ਜਿੱਤ ਰਹੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵਿਧਾਨ ਸਭਾ ਚੋਣਾਂ ਜਿੱਤੇਗੀ।
"ਸੁਖਬੀਰ ਬਾਦਲ ਨਾਲ ਮੀਟਿੰਗ ਤੋਂ ਕੀਤਾ ਇਨਕਾਰ
ਭਾਜਪਾ-ਅਕਾਲੀ ਗੱਠਜੋੜ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਫ਼ੈਸਲਾ ਕਰੇਗੀ, ਉਸ ਬਾਰੇ ਸਭ ਨੂੰ ਪਤਾ ਲੱਗ ਜਾਵੇਗਾ। ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਮੁਲਾਕਾਤ ਨਹੀਂ ਹੋਈ। ਉਨ੍ਹਾਂ ਕਿਹਾ, "ਮੈਂ ਭਾਜਪਾ ਦਾ ਇਕ ਆਮ ਵਰਕਰ ਹਾਂ। ਜੇ ਕੋਈ ਮੀਟਿੰਗ ਹੋਣੀ ਹੈ ਤਾਂ ਸਾਡੇ ਸੀਨੀਅਰ ਆਗੂ ਕਰਨਗੇ। ਮੈਂ ਇਸ ਵਿੱਚ ਸ਼ਾਮਲ ਨਹੀਂ ਹਾਂ।"
ਪਾਟਿਲ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਦਫ਼ਤਰ ਵਿੱਚ ਕੋਈ ਮੀਟਿੰਗ ਕਰਨ ਨਹੀਂ ਆਏ ਸਗੋਂ ਵਰਕਰਾਂ ਨੂੰ ਮਿਲਣ ਆਏ ਹਨ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਢਿੱਲੋਂ, ਮੀਡੀਆ ਇੰਚਾਰਜ ਵਿਨੀਤ ਜੋਸ਼ੀ ਅਤੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੌਜੂਦ ਸਨ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਉਨ੍ਹਾਂ ਨੂੰ ਦਫ਼ਤਰ ਲੈ ਕੇ ਆਏ।
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉਮੀਦ
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਯਤਨਾਂ ਬਾਰੇ ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਇਸ ਨੂੰ ਖੁਲ੍ਹਵਾਉਣ ਲਈ ਯਤਨ ਕੀਤੇ ਸਨ ਅਤੇ ਉਹ ਇਸ ਵਿੱਚ ਸਫ਼ਲ ਰਹੇ ਸਨ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੜ ਯਤਨ ਕਰਨਗੇ।
ਕੈਪਟਨ ਵਾਰੇ ਵੀ ਕੀਤੀ ਟਿੱਪਣੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਦੀ ਕਿਤਾਬ ਦੇ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਸੋਨੀਆ ਗਾਂਧੀ ਦੀ ਕਿਤਾਬ ਵਿੱਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਨਾ ਹੋਣ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਤਾਬ ਪੜ੍ਹੀ ਨਹੀਂ, ਇਸ ਲਈ ਕੋਈ ਟਿੱਪਣੀ ਨਹੀਂ ਕਰ ਸਕਦੇ।


Click it and Unblock the Notifications
