DIG ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਜਾਂਚ ਕੀਤੀ ਤੇਜ਼, ਅਦਾਲਤ ਤੋਂ ਬਾਹਰ ਆ ਕੇ ਬੋਲੇ -''ਅਜੇ ਕੁੱਝ ਨਹੀਂ ਕਹਿ ਸਕਦਾ''
ਪੰਜਾਬ ਪੁਲਿਸ ਦੇ ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਕਥਿਤ ਰਿਸ਼ਵਤਖੋਰੀ ਨਾਲ ਜੁੜੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਲਈ ਜਾਂਦੇ ਸਮੇਂ ਭੁੱਲਰ ਨੇ ਪਹਿਲੀ ਵਾਰ ਮੀਡੀਆ ਨਾਲ ਗੱਲ ਕਰਦਿਆਂ ਕਿਹਾ, "ਅਜੇ ਮੈਂ ਕੁਝ ਨਹੀਂ ਕਹਿ ਸਕਦਾ।"
ਮਾਮਲੇ ਵਿੱਚ ਕਥਿਤ ਵਿਚੋਲੇ ਵਜੋਂ ਨਾਮਜ਼ਦ ਕ੍ਰਿਸ਼ਨੂੰ ਸ਼ਾਰਦਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਚੋਣਾਂ ਹੋਣ ਕਾਰਨ ਉਸ ਨੂੰ ਅਤੇ ਇੱਕ ਹੋਰ ਵਿਅਕਤੀ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਉਸ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਉਸ ਦਾ ਕੋਈ ਕਸੂਰ ਨਹੀਂ ਹੈ ਅਤੇ ਬਾਕੀ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।

ED ਵੀ ਕਰ ਰਹੀ ਹੈ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ
ਇਸ ਤੋਂ ਪਹਿਲਾਂ ਵੀਰਵਾਰ ਨੂੰ ਹਰਚਰਨ ਸਿੰਘ ਭੁੱਲਰ ਅਤੇ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਆਕਾਸ਼ ਬੱਤਾ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਆਕਾਸ਼ ਬੱਤਾ ਨੇ ਗਵਾਹੀ ਦਿੱਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਅਰਜ਼ੀ ਦੇ ਆਧਾਰ 'ਤੇ ਸੀਬੀਆਈ ਅਦਾਲਤ ਨੇ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਈਡੀ ਨੇ ਹੁਣ ਰਿਸ਼ਵਤ ਦੀ ਕਥਿਤ ਰਕਮ ਨਾਲ ਜੁੜੇ ਮਨੀ ਲਾਂਡਰਿੰਗ ਦੇ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦਾ ਮੁੱਖ ਮਕਸਦ ਇਹ ਪਤਾ ਲਗਾਉਣਾ ਹੈ ਕਿ ਕਥਿਤ ਰਿਸ਼ਵਤ ਰਾਹੀਂ ਹਾਸਲ ਕੀਤੇ ਪੈਸੇ ਦੀ ਵਰਤੋਂ ਕਿੱਥੇ ਅਤੇ ਕਿਸ ਤਰ੍ਹਾਂ ਕੀਤੀ ਗਈ।
ਮਾਮਲੇ ਵਿੱਚ ਕਥਿਤ ਵਿਚੋਲਾ ਕ੍ਰਿਸ਼ਨੂੰ ਸ਼ਾਰਦਾ ਪਹਿਲਾਂ ਹੀ ਈਡੀ ਦੀ ਗ੍ਰਿਫ਼ਤਾਰੀ ਵਿੱਚ ਹੈ। ਹੁਣ ਭੁੱਲਰ ਤੋਂ ਵੀ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਅਦਾਲਤੀ ਕਾਰਵਾਈ ਦੌਰਾਨ ਈਡੀ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਭੁੱਲਰ ਦੀ ਕੋਠੀ ਵਿੱਚੋਂ 5 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਣ ਦਾ ਦਾਅਵਾ
ਕਥਿਤ ਰਿਸ਼ਵਤਖੋਰੀ ਦੇ ਇਸ ਮਾਮਲੇ ਵਿੱਚ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਦੀ ਟੀਮ ਨੇ ਭੁੱਲਰ ਦੇ ਮੋਹਾਲੀ ਸਥਿਤ ਦਫ਼ਤਰ ਅਤੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਕੋਠੀ ਦੀ ਤਲਾਸ਼ੀ ਲਈ ਸੀ। ਤਲਾਸ਼ੀ ਦੌਰਾਨ ਕੋਠੀ ਵਿੱਚੋਂ ਲਗਭਗ 5 ਕਰੋੜ ਰੁਪਏ ਦੀ ਨਕਦੀ, ਵੱਡੀ ਮਾਤਰਾ ਵਿੱਚ ਗਹਿਣੇ, ਮਹਿੰਗੀਆਂ ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਇੱਕ ਰਿਵਾਲਵਰ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ। ਬਰਾਮਦ ਨਕਦੀ ਦੀ ਗਿਣਤੀ ਕਰਨ ਲਈ ਤਿੰਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮੰਗਵਾਉਣੀਆਂ ਪਈਆਂ ਸਨ। ਇਸ ਤੋਂ ਇਲਾਵਾ 15 ਜਾਇਦਾਦਾਂ ਦੇ ਦਸਤਾਵੇਜ਼, ਬੀਐੱਮਡਬਲਯੂ ਅਤੇ ਮਰਸਡੀਜ਼ ਵਰਗੀਆਂ ਲਗਜ਼ਰੀ ਗੱਡੀਆਂ ਦੇ ਕਾਗਜ਼ਾਤ ਅਤੇ ਬੈਂਕ ਲਾਕਰਾਂ ਦੀਆਂ ਚਾਬੀਆਂ ਵੀ ਮਿਲੀਆਂ ਸਨ।
8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਥਿਤ ਵਿਚੋਲਾ ਗ੍ਰਿਫ਼ਤਾਰ
ਸੀਬੀਆਈ ਨੇ ਇਸ ਮਾਮਲੇ ਵਿੱਚ ਕਥਿਤ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਨੂੰ ਚੰਡੀਗੜ੍ਹ ਦੇ ਸੈਕਟਰ-21 ਤੋਂ 8 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਵੱਲੋਂ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਕਥਿਤ ਰਿਸ਼ਵਤ ਦੀ ਰਕਮ ਦੇ ਸਰੋਤ, ਇਸ ਦੀ ਵਰਤੋਂ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਰਹੀਆਂ ਹਨ। ਮਾਮਲੇ ਵਿੱਚ ਲੱਗੇ ਦੋਸ਼ਾਂ ਬਾਰੇ ਅੰਤਿਮ ਫ਼ੈਸਲਾ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਹੋਵੇਗਾ।


Click it and Unblock the Notifications
