ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਡਰੱਗ-ਹਥਿਆਰ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ ਨਾਜਾਇਜ਼ ਅਸਲਾਹ ਬਰਾਮਦ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਪਿਸਤੌਲਾਂ, 3.267 ਕਿੱਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ 'ਚ ਸ਼ਾਮਲ ਹਨ। ਇਸ ਮਾਮਲੇ 'ਚ ਅੰਮ੍ਰਿਤਸਰ ਦੇ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ FIR ਦਰਜ ਕੀਤੀ ਗਈ ਹੈ। ਇਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਰਦਾਫ਼ਾਸ਼ ਕਰਨ ਅਤੇ ਨੈੱਟਵਰਕ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਖੁਦ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। DGP ਪੰਜਾਬ ਨੇ ਸੋਸ਼ਲ ਮੀਡੀਆ ਹੈਂਡਲ x 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਤੇ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।
ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਨ੍ਹਾਂ ਨੈੱਟਵਰਕਾਂ ਦੇ ਅਗਲੇ-ਪਿਛਲੇ ਸਾਰੇ ਲਿੰਕ ਪਤਾ ਲਗਾਉਣ ਦੇ ਨਾਲ-ਨਾਲ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿੱਚ ਵਿਦੇਸ਼ਾਂ ਵਿੱਚ ਬੈਠੇ ਕਥਿਤ ਹੈਂਡਲਰਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ 'ਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


Click it and Unblock the Notifications
