ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ 10 ਮੈਂਬਰੀ ਟੀਮ ਪੰਜਾਬ ਪਹੁੰਚੀ, ਫਰਵਰੀ 'ਚ ਹੋ ਸਕਦੀ ਹੈ ਵੋਟਿੰਗ!
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨਿਕ ਪੱਧਰ 'ਤੇ ਤਿਆਰੀਆਂ ਲਗਭਗ ਆਖਰੀ ਪੜਾਅ 'ਤੇ ਪਹੁੰਚ ਗਈਆਂ ਹਨ। ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ECI) ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਪੰਜਾਬ ਦੇ ਦੌਰੇ 'ਤੇ ਪਹੁੰਚ ਗਈ ਹੈ।
ਚੋਣ ਕਮਿਸ਼ਨ ਦੀ ਇਹ 10 ਮੈਂਬਰੀ ਟੀਮ ਅੱਜ ਅਤੇ ਭਲਕੇ (28 ਅਕਤੂਬਰ) ਸੂਬੇ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਏਗੀ। ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ ਅਤੇ ਡਾਇਰੈਕਟਰ ਜਨਰਲ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪਹੁੰਚੀ ਇਹ ਟੀਮ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਅਤੇ ਸੂਬੇ ਦੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕਰੇਗੀ।

ਚੰਡੀਗੜ੍ਹ ਦਫ਼ਤਰ ਵਿੱਚ ਸਮੀਖਿਆ ਮੀਟਿੰਗ
ਚੰਡੀਗੜ੍ਹ ਸਥਿਤ ਮੁੱਖ ਦਫ਼ਤਰ 'ਚ ਸਮੀਖਿਆ ਮੀਟਿੰਗ ਤੋਂ ਬਾਅਦ ਚੋਣ ਕਮਿਸ਼ਨ ਦੇ ਅਧਿਕਾਰੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ, ਵੋਟਰ ਸੂਚੀਆਂ ਦੀ ਸੁਧਾਈ ਅਤੇ ਪੋਲਿੰਗ ਬੂਥਾਂ 'ਤੇ ਉਪਲਬਧ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕਰਨਗੇ। ਚੋਣਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਇਸ ਟੀਮ ਦੇ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨਾਲ ਹੋਣ ਵਾਲੀ ਮੀਟਿੰਗ ਵਿੱਚ CEO ਆਨੰਦਿਤਾ ਮਿਸ਼ਰਾ ਵੱਲੋਂ ਵਿਸਥਾਰਪੂਰਵਕ ਪ੍ਰੈਜ਼ੈਂਟੇਸ਼ਨ ਦਿੱਤੀ ਜਾਵੇਗੀ।
ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ:
ਚੰਡੀਗੜ੍ਹ ਵਿੱਚ ਹੋਣ ਵਾਲੀਆਂ ਮੀਟਿੰਗਾਂ ਵਿੱਚ ਸੂਬੇ ਦੇ ਗ੍ਰਹਿ ਸਕੱਤਰ, ਪੁਲਿਸ ਡਾਇਰੈਕਟਰ ਜਨਰਲ (DGP) ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਮੁਖੀ ਸ਼ਾਮਲ ਹੋਣਗੇ। ਇਨ੍ਹਾਂ ਮੀਟਿੰਗਾਂ ਦੌਰਾਨ ਸੰਵੇਦਨਸ਼ੀਲ ਇਲਾਕਿਆਂ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਚਰਚਾ ਕੀਤੀ ਜਾਵੇਗੀ।
ਜ਼ਿਲ੍ਹਾ ਪੱਧਰ 'ਤੇ ਪ੍ਰਬੰਧਾਂ ਦੀ ਜਾਂਚ:
ਕੇਂਦਰੀ ਟੀਮ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਅਤੇ ਐੱਸਐੱਸਪੀਜ਼ ਨਾਲ ਸਿੱਧਾ ਸੰਵਾਦ ਕਰੇਗੀ। ਇਸ ਮਕਸਦ ਲਈ ਟੀਮਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਜਾਵੇਗਾ। ਚੋਣ ਕਮਿਸ਼ਨ ਦਾ ਮੁੱਖ ਧਿਆਨ ਉਨ੍ਹਾਂ ਜ਼ਿਲ੍ਹਿਆਂ 'ਤੇ ਰਹੇਗਾ, ਜਿੱਥੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਗਿਣਤੀ ਵੱਧ ਹੈ।
ਪਿਛਲੀਆਂ ਚੋਣਾਂ ਵਿੱਚ ਦੌਰੇ ਤੋਂ 24 ਦਿਨ ਬਾਅਦ ਹੋਇਆ ਸੀ ਐਲਾਨ
ਚੋਣ ਕਮਿਸ਼ਨ ਦੀ ਟੀਮ ਦੇ ਦੌਰੇ ਤੋਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਫਿਲਹਾਲ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਜੇਕਰ ਤੈਅ ਸਮਾਂ-ਸਾਰਣੀ ਅਨੁਸਾਰ ਕਾਰਵਾਈ ਹੋਈ ਤਾਂ ਚੋਣਾਂ ਦਾ ਐਲਾਨ 15 ਦਸੰਬਰ ਤੋਂ ਬਾਅਦ ਕੀਤਾ ਜਾ ਸਕਦਾ ਹੈ ਅਤੇ ਫਰਵਰੀ ਵਿੱਚ ਵੋਟਿੰਗ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਦਾ ਮੌਜੂਦਾ ਕਾਰਜਕਾਲ ਮਾਰਚ ਮਹੀਨੇ ਤੱਕ ਹੈ। ਇਸ ਤੋਂ ਪਹਿਲਾਂ ਚੋਣਾਂ ਨਾਲ ਸਬੰਧਤ ਸਾਰੀ ਪ੍ਰਕਿਰਿਆ ਮੁਕੰਮਲ ਕਰਵਾਈ ਜਾਣੀ ਹੈ। ਇਸੇ ਕਾਰਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੇ ਇਸ ਦੌਰੇ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।


Click it and Unblock the Notifications
