‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250 ਦਿਨ ਪੂਰੇ, ਪੰਜਾਬ ’ਚ ਹੁਣ ਤੱਕ 74,180 ਗ੍ਰਿਫ਼ਤਾਰੀਆਂ
ਪੰਜਾਬ ਸਰਕਾਰ ਦੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ ਅੱਜ 250 ਦਿਨ ਪੂਰੇ ਹੋ ਚੁੱਕੇ ਹਨ। ਇਨ੍ਹਾਂ 250 ਦਿਨਾਂ 'ਚ 74 ਹਜ਼ਾਰ 180 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਵੱਡੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ ਹਨ।
ਇਸਦੀ ਜਾਣਕਰੀ ਖੁਦ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਗੈਂਗਸਟਰਾਂ 'ਤੇ ਵਾਰ ਮੁਹਿੰਮ ਨਾਲ ਜੁੜੀ ਜਾਣਕਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਮੁਤਾਬਕ ਇਸ ਮੁਹਿੰਮ ਤਹਿਤ ਰੋਜ਼ਾਨਾ ਕਰੀਬ 296 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ , ਮਤਲਬ ਕਿ ਹਰ ਘੰਟੇ 'ਚ 6 ਤੋਂ 7 ਗ੍ਰਿਫ਼ਤਾਰੀਆਂ ਹੋਈਆਂ ਹਨ।

ਪੰਜਾਬ ਪੁਲਿਸ ਮੁਤਾਬਕ ਅੱਜ 250 ਵੇਂ ਦਿਨ ਪੁਲਿਸ ਨੇ 264 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸਦੇ ਨਾਲ ਅੱਜ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,180 ਹੈ। ਅੰਕੜਿਆਂ ਮੁਤਾਬਕ ਪੰਜਾਬ ਪੁਲਿਸ ਨੇ ਇਸ ਮੁਹਿੰਮ ਤਹਿਤ 6 ਭਗੌੜੇ ਗੈਂਗਸਟਰਾਂ ਨੂੰ ਵੀ ਕਾਬੂ ਕੀਤਾ ਹੈ , ਜੋ ਪੰਜਾਬ ਅੰਦਰ ਵਾਰਦਾਤਾਂ ਨੂੰ ਅੰਜਾਮ ਦੇ ਕੇ ਇੱਥੋਂ ਫ਼ਰਾਰ ਹੋ ਚੁੱਕੇ ਸਨ।
ਮੁਹਿੰਮ ਦੀ ਸ਼ੁਰੂਆਤ
ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਇਸ ਫੈਸਲਾਕੁੰਨ ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ, ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਇਹ ਕਾਰਵਾਈ 'ਐਂਟੀ-ਗੈਂਗਸਟਰ ਟਾਸਕ ਫੋਰਸ' (AGTF) ਅਤੇ ਜ਼ਿਲ੍ਹਾ ਪੁਲਿਸ ਦੇ ਤਾਲਮੇਲ ਨਾਲ ਚਲਾਈ ਜਾ ਰਹੀ ਹੈ। ਇਸਨੂੰ ਲੈ ਕੇ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ,ਜੋ ਕਿ ਪੰਜਾਬ ਦੇ ਲੋਕਾਂ ਲਈ ਹੈ, ਜਿਸ 'ਤੇ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਗੁਪਤ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ.
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਵਿੱਚ ਆਉਂਦੀਆਂ ਹੀ ਪੰਜਾਬ ਸਰਕਾਰ ਨੇ ਗੈਂਗਸਟਰਾਂ 'ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਹੁਕਮ ਦੇ ਦਿੱਤੇ ਸਨ। ਅੰਕੜਿਆਂ ਮੁਤਾਬਕ 2022 ਤੋਂ ਲੈ ਕੇ ਹੁਣ ਤੱਕ ਕਰੀਬ 350 ਤੋਂ ਵੱਧ ਐਨਕਾਊਂਟਰ ਪੰਜਾਬ ਪੁਲਿਸ ਨੇ ਕੀਤੇ ਹਨ ਜਿਸਦੇ ਵਿੱਚੋਂ 29 ਗੈਂਗਸਟਰਾਂ ਦੀ ਮੌਤ ਹੋਈ ਹੈ ਅਤੇ ਬਾਕੀਆਂ ਨੂੰ ਐਨਕਾਊਂਟਰ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਖ ਮੰਤਰੀ ਭਗਵੰਤ ਮਾਨ ਕਈ ਵਾਰ ਸਟੇਜ਼ਾਂ 'ਤੇ ਕਹਿ ਚੁੱਕੇ ਹਨ ਕਿ ਜੋ ਕੋਈ ਪੰਜਾਬ ਦੇ ਕਿਸੀ ਪੁੱਤ ਨੂੰ ਮਾਰੇਗਾ ਉਹ ਵੀ ਫਿਰ ਆਪਣੀ ਮਾਂ ਦੀ ਗੋਦੀ 'ਚ ਕਦੇ ਸੋ ਨਹੀਂ ਸਕੇਗਾ। CM ਮਾਨ ਮੁਤਾਬਕ ਪੰਜਾਬ ਸਰਕਾਰ ਪੰਜਾਬ 'ਚ ਸ਼ਾਂਤੀ ਅਤੇ ਕਾਨੂੰਨ ਦਾ ਡਰ ਲੋਕਾਂ 'ਚ ਦੇਖਣਾ ਚਾਹੁੰਦੀ ਹੈ ,ਇਸੀ ਕਰਕੇ ਪੰਜਾਬ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਅਪਰਾਧ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਅਪਰਾਧੀ ਨੂੰ ਕੋਈ ਢਿੱਲ ਨਾ ਦਿੱਤੀ ਜਾਵੇ।


Click it and Unblock the Notifications
