ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 2 ਵਾਰ ਦੇ MLA ਹਰਦਿਆਲ ਸਿੰਘ ਕੰਬੋਜ BJP ਵਿੱਚ ਸ਼ਾਮਲ
ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ।
ਹਰਦਿਆਲ ਕੰਬੋਜ ਨਾਲ ਰਾਜਪੁਰਾ ਇਲਾਕੇ ਦੇ ਕਈ ਕੌਂਸਲਰਾਂ, ਕਾਂਗਰਸੀ ਵਰਕਰਾਂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਜਾਣਕਾਰੀ ਅਨੁਸਾਰ, ਹਰਦਿਆਲ ਸਿੰਘ ਕੰਬੋਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਵਿਖੇ ਪਹੁੰਚੇ, ਜਿੱਥੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਹਰਦਿਆਲ ਸਿੰਘ ਕੰਬੋਜ ਦਾ ਸਿਆਸੀ ਸਫ਼ਰ
ਹਰਦਿਆਲ ਸਿੰਘ ਕੰਬੋਜ ਪੰਜਾਬ ਦੀ ਸਿਆਸਤ ਦਾ ਜਾਣਿਆ-ਪਛਾਣਿਆ ਨਾਮ ਹਨ। ਉਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਦੋ ਵਾਰ ਵਿਧਾਇਕ ਚੁਣੇ ਗਏ ਸਨ। 2012 ਵਿੱਚ ਪਹਿਲੀ ਵਾਰ ਰਾਜਪੁਰਾ ਤੋਂ ਵਿਧਾਇਕ ਚੁਣੇ ਗਏ। 2017 'ਚ ਦੂਜੀ ਵਾਰ ਵਿਧਾਨ ਸਭਾ ਚੋਣ ਜਿੱਤ ਕੇ ਉਹ ਫਿਰ ਵਿਧਾਇਕ ਬਣੇ।
ਉਹ ਪਾਰਟੀ ਦੇ ਸੀਨੀਅਰ ਆਗੂ ਰਹੇ ਹਨ ਅਤੇ ਕਾਂਗਰਸ ਵੱਲੋਂ ਬਣਾਈ ਗਈ ਚੋਣ ਮੈਨੀਫੈਸਟੋ ਕਮੇਟੀ ਦੇ ਉਪ-ਮੁਖੀ ਵੀ ਰਹਿ ਚੁੱਕੇ ਹਨ।
ਕਾਂਗਰਸ ਨੂੰ ਕਿਉਂ ਕਿਹਾ ਅਲਵਿਦਾ?
ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਆਪਣਾ ਪੱਖ ਰੱਖਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਮੁਤਾਬਕ, ਉਨ੍ਹਾਂ ਨੇ ਇਹ ਫੈਸਲਾ ਕਾਫ਼ੀ ਸੋਚ-ਵਿਚਾਰ ਤੋਂ ਬਾਅਦ ਲਿਆ ਹੈ। ਹਰਦਿਆਲ ਸਿੰਘ ਕੰਬੋਜ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਰਾਜਪੁਰਾ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂਆਂ ਅਤੇ ਕੌਂਸਲਰਾਂ ਦੇ ਭਾਜਪਾ ਵਿੱਚ ਜਾਣ ਨੂੰ ਪੰਜਾਬ ਦੀ ਆਉਣ ਵਾਲੀ ਸਿਆਸੀ ਸਰਗਰਮੀ ਦੇ ਪੱਖੋਂ ਅਹਿਮ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਸਿਆਸੀ ਬਦਲਾਅ ਦਾ ਰਾਜਪੁਰਾ ਅਤੇ ਪਟਿਆਲਾ ਜ਼ਿਲ੍ਹੇ ਦੀ ਸਿਆਸਤ 'ਤੇ ਆਖਿਰ ਕਿੰਨਾ ਕੁ ਅਸਰ ਪੈਂਦਾ ਹੈ।


Click it and Unblock the Notifications
