SGPC ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਹਾਈਕੋਰਟ ਨੇ ਕੇਂਦਰ ਤੋਂ ਪੁੱਛਿਆ- ਕਦੋਂ ਤੱਕ ਹੋਵੇਗੀ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਲਈ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਜਵਾਬ ਦੇਣ ਲਈ ਸਮਾਂ ਮੰਗ ਲਿਆ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਕੇਂਦਰ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਦਾ ਆਖਰੀ ਮੌਕਾ ਦਿੱਤਾ ਹੈ।
ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਸਪੱਸ਼ਟ ਤੌਰ 'ਤੇ ਪੁੱਛਿਆ ਹੈ ਕਿ SGPC ਚੋਣਾਂ ਕਰਵਾਉਣ ਲਈ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਵਿਅਕਤੀ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ। ਹੁਣ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ ਤੋਂ ਪਹਿਲਾਂ ਨਿਯੁਕਤੀ ਸਬੰਧੀ ਸਥਿਤੀ ਸਪੱਸ਼ਟ ਕਰਨੀ ਹੋਵੇਗੀ।

30 ਸਤੰਬਰ ਨੂੰ ਵੀ ਕੇਂਦਰ ਤੋਂ ਮੰਗਿਆ ਸੀ ਜਵਾਬ
SGPC ਚੋਣਾਂ ਕਰਵਾਉਣ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਲੈ ਕੇ ਕਈ ਪਟੀਸ਼ਨਾਂ ਪਿਛਲੇ ਕੁਝ ਸਾਲਾਂ ਤੋਂ ਹਾਈਕੋਰਟ ਵਿੱਚ ਵਿਚਾਰ ਅਧੀਨ ਹਨ। 30 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਵੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਦੱਸੇ ਕਿ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਉਸ ਸੁਣਵਾਈ ਦੌਰਾਨ ਆਪਣਾ ਜਵਾਬ ਦੇਣਾ ਸੀ, ਪਰ ਇਸ ਵਾਰ ਵੀ ਸਰਕਾਰ ਨੇ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗ ਲਿਆ।
ਵੋਟਰ ਸੂਚੀ ਤਿਆਰ, ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਇੰਤਜ਼ਾਰ
SGPC ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ, ਪਰ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਖਾਲੀ ਹੋਣ ਕਾਰਨ ਚੋਣ ਪ੍ਰਕਿਰਿਆ ਅੱਗੇ ਨਹੀਂ ਵਧ ਰਹੀ। ਇਸ ਤੋਂ ਪਹਿਲਾਂ ਸੇਵਾਮੁਕਤ ਜੱਜ ਐੱਸ.ਐੱਸ. ਸਾਰੋਂ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਹੈ। ਹੁਣ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਤੋਂ ਬਾਅਦ ਹੀ SGPC ਚੋਣਾਂ ਕਰਵਾਉਣ ਦੀ ਪ੍ਰਕਿਰਿਆ ਅੱਗੇ ਵਧਣ ਦੀ ਉਮੀਦ ਹੈ।


Click it and Unblock the Notifications
