ਪੰਜਾਬ ਬਣੇਗਾ ਨਿਵੇਸ਼ਕਾਂ ਦੀ ਪਹਿਲੀ ਪਸੰਦ, CM ਭਗਵੰਤ ਮਾਨ ਨੇ HUNAR Punjab ਤੇ Fast-Track Punjab ਪੋਰਟਲ ਕੀਤੇ ਲਾਂਚ
ਨਿਵੇਸ਼ਕਾਂ ਲਈ ਪੰਜਾਬ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਰ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕਾਰੋਬਾਰ ਕਰਨ ਵਿੱਚ ਆਸਾਨੀ, ਪਾਰਦਰਸ਼ਤਾ ਅਤੇ ਰੁਜ਼ਗਾਰ ਸਿਰਜਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ 'HUNAR Punjab' ਅਤੇ 'Fast-Track Punjab' ਪੋਰਟਲ ਲਾਂਚ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਪੋਰਟਲਾਂ ਰਾਹੀਂ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ਪ੍ਰਣਾਲੀ ਤਹਿਤ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਮਿਲਣਗੀਆਂ। ਇਸ ਤੋਂ ਇਲਾਵਾ ਨਿਵੇਸ਼ਕ ਆਪਣੇ ਵਿੱਤੀ ਪ੍ਰੋਤਸਾਹਨਾਂ ਅਤੇ ਸਹੂਲਤਾਂ ਨੂੰ ਪਾਰਦਰਸ਼ੀ ਢੰਗ ਨਾਲ ਟਰੈਕ ਕਰ ਸਕਣਗੇ। ਦੂਜੇ ਪਾਸੇ, ਉਦਯੋਗਾਂ ਨੂੰ ਸੂਬੇ ਦੇ ਹੁਨਰਮੰਦ ਨੌਜਵਾਨਾਂ ਨਾਲ ਸਿੱਧਾ ਜੋੜਨ ਦੀ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਪੰਜਾਬ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ HUNAR Punjab ਉਦਯੋਗਾਂ ਅਤੇ ਹੁਨਰਮੰਦ ਨੌਜਵਾਨਾਂ ਵਿਚਕਾਰ ਪੈਦਾ ਹੋਏ ਗੈਪ ਨੂੰ ਖਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਪਲੇਟਫਾਰਮ ਰਾਹੀਂ ਕੰਪਨੀਆਂ ਹੁਣ ਸਿੱਧੇ ਤੌਰ 'ਤੇ ਹੁਨਰਮੰਦ ਨੌਜਵਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਭਰਤੀ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 1,750 ਸੰਸਥਾਵਾਂ HUNAR Punjab ਪੋਰਟਲ 'ਤੇ ਰਜਿਸਟਰ ਹੋ ਚੁੱਕੀਆਂ ਹਨ। ਉਦਯੋਗਿਕ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਲਈ ਸਥਾਨਕ ਹੁਨਰਮੰਦ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦਾ ਦਾਅਵਾ
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ e-Office ਅਤੇ ਆਨਲਾਈਨ ਪ੍ਰਣਾਲੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ, ਬੇਲੋੜੀਆਂ ਦੇਰੀਆਂ ਘਟਾਉਣਾ ਅਤੇ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੀ ਪ੍ਰਤਿਭਾ ਨੂੰ ਪੰਜਾਬ ਵਿੱਚ ਹੀ ਮੌਕੇ ਦੇਣਾ ਹੈ ਤਾਂ ਜੋ ਨੌਜਵਾਨ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।
ਪਿਛਲੀਆਂ ਸਰਕਾਰਾਂ 'ਤੇ ਵੀ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਹਿਲਾਂ ਨਿਵੇਸ਼ ਸੰਮੇਲਨ ਕਰਵਾਏ ਜਾਂਦੇ ਸਨ ਅਤੇ MoU ਸਾਈਨ ਹੁੰਦੇ ਸਨ, ਪਰ ਕੰਪਨੀਆਂ ਵੱਲੋਂ ਅਸਲ ਵਿੱਚ ਪੰਜਾਬ ਵਿੱਚ ਨਿਵੇਸ਼ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਅਤੇ ਬਿਹਤਰ ਮਾਹੌਲ ਕਾਰਨ ਹੁਣ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ।


Click it and Unblock the Notifications
