ਸਿੱਖ ਸੰਗਤਾਂ ਲਈ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ: CM ਮਾਨ ਦੀ ਕੇਂਦਰ ਨੂੰ ਅਪੀਲ, ਪੰਜਾਬ ਵਿਧਾਨਸਭਾ 'ਚ ਵੀ ਮਤਾ ਪਾਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਨਿਰਵਿਘਨ ਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੀ ਜ਼ੋਰਦਾਰ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਵਿਚਾਰਾਂ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਧਾਰਮਿਕ ਆਸਥਾ ਨੂੰ ਛੋਟੀ ਸਿਆਸਤ ਦੀ ਭੇਟ ਨਹੀਂ ਚੜ੍ਹਨ ਦੇਣਾ ਚਾਹੀਦਾ। ਪੰਜਾਬ ਵਿਧਾਨ ਸਭਾ ਨੇ ਵੀ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਸਹੂਲਤ ਦੇਣ ਦੀ ਅਪੀਲ ਕੀਤੀ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਧਾਰਮਿਕ ਅਕੀਦੇ ਅਨੁਸਾਰ ਦਰਸ਼ਨ ਕਰ ਸਕਣ।

ਧਰਮ ਦੇ ਮਸਲੇ 'ਤੇ ਨਾ ਹੋਵੇ ਛੋਟੀ ਸਿਆਸਤ -CM ਮਾਨ
ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਆਸਥਾ ਨੂੰ ਤੰਗ ਸਿਆਸੀ ਹਿੱਤਾਂ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ, "ਲੋਕਾਂ ਦੀਆਂ ਧਾਰਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਧਾਰਮਿਕ ਸ਼ਰਧਾ ਦੇ ਮਾਮਲੇ ਵਿੱਚ ਛੋਟੀ ਸਿਆਸਤ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੀਆਂ ਧਾਰਮਿਕ ਇੱਛਾਵਾਂ ਪੂਰੀਆਂ ਕਰ ਸਕਣ।"
'ਸਰਬੱਤ ਦਾ ਭਲਾ' ਦੇ ਸੰਦੇਸ਼ ਦਾ ਦਿੱਤਾ ਹਵਾਲਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦਾ ਭਲਾ' ਦੇ ਸੰਦੇਸ਼ ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਮਤੇ ਨੂੰ ਪਾਸ ਕੀਤਾ। ਇਸ ਮਤੇ ਰਾਹੀਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਇਸ ਨੂੰ ਨਿਯਮਤ ਤੌਰ 'ਤੇ ਚਾਲੂ ਰੱਖਣ ਦੀ ਅਪੀਲ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਇਹ ਲਾਂਘਾ ਲੱਖਾਂ ਸਿੱਖ ਸ਼ਰਧਾਲੂਆਂ ਲਈ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਪ੍ਰਤੀਕ ਹੈ।
ਕੇਂਦਰ ਸਰਕਾਰ ਤੋਂ ਤੁਰੰਤ ਕਦਮ ਚੁੱਕਣ ਦੀ ਮੰਗ
ਮਤੇ ਵਿੱਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਦਰਸ਼ਨਾਂ ਲਈ ਲੋੜੀਂਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸੰਗਤ ਦੀ ਸੁਰੱਖਿਅਤ, ਸੁਖਾਲੀ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ, ਤਾਂ ਜੋ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਨਤਮਸਤਕ ਹੋ ਸਕਣ।
ਵਿਧਾਨ ਸਭਾ ਨੇ ਕੇਂਦਰ ਸਰਕਾਰ ਨੂੰ ਦਰਸ਼ਨਾਂ ਦੀ ਪ੍ਰਕਿਰਿਆ ਹੋਰ ਸਰਲ ਬਣਾਉਣ ਦੀ ਅਪੀਲ ਵੀ ਕੀਤੀ, ਖ਼ਾਸ ਤੌਰ 'ਤੇ ਬਜ਼ੁਰਗਾਂ ਅਤੇ ਸਰੀਰਕ ਤੌਰ 'ਤੇ ਅਸਮਰੱਥ ਸ਼ਰਧਾਲੂਆਂ ਲਈ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ, ਤਾਂ ਜੋ ਵੱਧ ਤੋਂ ਵੱਧ ਸੰਗਤ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।


Click it and Unblock the Notifications
