LPU 'ਚ ਅੱਧੀ ਰਾਤ ਨੂੰ ਇਕੱਠੇ ਹੋ ਗਏ ਵਿਦਿਆਰਥੀ, ਕੈਂਪਸ 'ਚ ਕੀਤੀ ਭੰਨਤੋੜ - ਲਾਈ ਅੱਗ, ਹਾਈਵੇ ਵੀ ਕੀਤਾ ਜਾਮ
ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਵਿਦਿਆਰਥੀਆਂ ਨੇ ਜ਼ਬਰਦਸਤ ਹੰਗਾਮਾ ਕੀਤਾ। ਇੱਥੇ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਕਥਿਤ ਰੇਪ ਦੀ ਸੂਚਨਾ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਮਾਹੌਲ ਭੜਕ ਗਿਆ।
ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਨੇ ਇਕੱਠੇ ਹੋਕੇ ਪ੍ਰਦਰਸ਼ਨ ਕੀਤਾ। ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਇੱਕ ਹਿੱਸੇ ਵਿੱਚ ਅੱਗ ਵੀ ਲਗਾ ਦਿੱਤੀ। ਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਹੰਗਾਮੇ ਤੋਂ ਬਾਅਦ ਵਿਦਿਆਰਥੀਆਂ ਨੇ ਚੰਡੀਗੜ੍ਹ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਰਾਤ ਕਰੀਬ ਢਾਈ ਵਜੇ ਲਗਾਇਆ ਗਿਆ ਜਾਮ ਅਜੇ ਵੀ ਜਾਰੀ ਦੱਸਿਆ ਜਾ ਰਿਹਾ ਹੈ।

ਗਰਲਜ਼ ਹੋਸਟਲ ਤੋਂ ਸ਼ੁਰੂ ਹੋਇਆ ਮਾਮਲਾ
ਮਾਮਲੇ ਦੀ ਸ਼ੁਰੂਆਤ ਸ਼ਨੀਵਾਰ ਦੇਰ ਰਾਤ ਗਰਲਜ਼ ਹੋਸਟਲ ਤੋਂ ਹੋਈ, ਜਿੱਥੇ ਸੋਸ਼ਲ ਮੀਡੀਆ 'ਤੇ ਇੱਕ ਸ਼ੱਕੀ ਮੈਸੇਜ ਤੇਜ਼ੀ ਨਾਲ ਫੈਲਣ ਲੱਗਾ। ਇਸ ਮੈਸੇਜ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਿਸੇ ਬਾਹਰੀ ਵਿਅਕਤੀ ਨੇ ਹੋਸਟਲ ਵਿੱਚ ਦਾਖ਼ਲ ਹੋ ਕੇ ਇੱਕ ਵਿਦਿਆਰਥਣ ਨਾਲ ਰੇਪ ਕੀਤਾ ਹੈ। ਮੈਸੇਜ ਵਾਇਰਲ ਹੋਣ ਤੋਂ ਬਾਅਦ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ ਅਤੇ ਉਹ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਚੁੱਕਦੇ ਹੋਏ ਹੋਸਟਲ ਦੇ ਬਾਹਰ ਇਕੱਠੇ ਹੋਣ ਲੱਗੇ।
ਦੇਖਦੇ ਹੀ ਦੇਖਦੇ ਵਿਦਿਆਰਥੀਆਂ ਵੱਲੋਂ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਹੋ ਗਈ। ਵਿਦਿਆਰਥੀਆਂ ਦਾ ਦੋਸ਼ ਸੀ ਕਿ ਕੈਂਪਸ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਹੀਂ ਹਨ, ਜਿਸ ਕਾਰਨ ਬਾਹਰੀ ਲੋਕ ਆਸਾਨੀ ਨਾਲ ਅੰਦਰ ਦਾਖ਼ਲ ਹੋ ਸਕਦੇ ਹਨ। ਗੁੱਸਾ ਇੰਨਾ ਵੱਧ ਗਿਆ ਕਿ ਵਿਦਿਆਰਥੀਆਂ ਨੇ ਕੈਂਪਸ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਅਤੇ ਇੱਕ ਥਾਂ 'ਤੇ ਅੱਗ ਵੀ ਲਗਾ ਦਿੱਤੀ।
ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਵਿਦਿਆਰਥੀ ਨੇ ਚੰਡੀਗੜ੍ਹ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਦਿੱਤਾ। ਹਾਈਵੇ ਜਾਮ ਹੋਣ ਕਾਰਨ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਦੇਰ ਰਾਤ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।
LPU ਪ੍ਰਸ਼ਾਸਨ ਨੇ ਰੇਪ ਦੇ ਦੋਸ਼ਾਂ ਨੂੰ ਦੱਸਿਆ ਅਫਵਾਹ
ਵਿਦਿਆਰਥੀਆਂ ਦੇ ਹੰਗਾਮੇ ਤੋਂ ਬਾਅਦ LPU ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਲੈ ਬਿਆਨ ਜਾਰੀ ਕੀਤਾ ਗਿਆ ਹੈ । ਪ੍ਰਸ਼ਾਸਨ ਨੇ ਕਿਹਾ ਕਿ ਸਾਰੇ ਵਿਦਿਆਰਥੀ ਕੈਂਪਸ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫਵਾਹਾਂ ਨੂੰ ਝੂਠਾ ਅਤੇ ਗੁੰਮਰਾਹਕੁੰਨ ਦੱਸਦਿਆਂ ਕਿਹਾ ਗਿਆ ਕਿ ਇਹ ਅਫਵਾਹਾਂ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਹਨ। ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਨਾ ਹੀ ਅਜਿਹੇ ਪ੍ਰਦਰਸ਼ਨਾਂ ਦਾ ਹਿੱਸਾ ਬਣਨ।
ਪੁਲਿਸ ਨੇ ਰੇਪ ਦੀ ਘਟਨਾ ਤੋਂ ਕੀਤਾ ਇਨਕਾਰ
ਦੂਜੇ ਪਾਸੇ ਮਾਮਲੇ ਨੂੰ ਕੰਟਰੋਲ ਕਰਨ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਰੇਪ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


Click it and Unblock the Notifications
