LPU ਹਿੰਸਾ ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ, ਰਾਜਸਥਾਨ ਤੇ UP ਤੋਂ ਫੜੇ ਗਏ ਮੁਲਜ਼ਮ, ਰਿਮਾਂਡ 'ਤੇ ਹੋਵੇਗੀ ਪੁੱਛਗਿੱਛ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਜਸਥਾਨ ਦੇ ਮੇਹਰਾਟਾ ਵਾਸੀ ਯੋਗੇਸ਼ ਅਪੂਰਵਾ ਅਤੇ ਉੱਤਰ ਪ੍ਰਦੇਸ਼ ਦੇ ਹਾਜੀਪੁਰ ਵਾਸੀ ਆਦਿਤਿਆ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਦੋਵਾਂ ਨੂੰ ਗੱਡੀਆਂ ਦੀ ਭੰਨ-ਤੋੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੁਲਿਸ ਵੱਲੋਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ 20 ਲੋਕਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਕੁੱਲ 11 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਫਗਵਾੜਾ ਤੋਂ ਇਲਾਵਾ ਜੰਮੂ ਅਤੇ ਮੁੰਬਈ ਤੋਂ ਵੀ ਗ੍ਰਿਫ਼ਤਾਰੀਆਂ
ਕੁਝ ਦਿਨ ਪਹਿਲਾਂ ਡੀਆਈਜੀ ਨਵੀਨ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ LPU ਵਿੱਚ ਹੰਗਾਮਾ ਕਰਨ ਦੇ ਦੋਸ਼ ਵਿੱਚ ਫਗਵਾੜਾ ਤੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੰਮੂ ਅਤੇ ਮੁੰਬਈ ਤੋਂ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਹਿੰਸਾ ਸਮੇਂ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ MiG-23UM ਫਾਈਟਰ ਜੈੱਟ 'ਤੇ ਚੜ੍ਹਨ ਵਾਲੇ ਵਿਅਕਤੀ ਦੀ ਵੀ ਪਛਾਣ ਕਰ ਲਈ ਗਈ ਸੀ। ਪੁਲਿਸ ਨੇ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਗ੍ਰਿਫ਼ਤਾਰ ਕੀਤਾ ਸੀ।
ਜਾਂਚ ਵਿੱਚ ਸਾਹਮਣੇ ਆਇਆ ਕਿ ਫਾਈਟਰ ਜੈੱਟ 'ਤੇ ਚੜ੍ਹਨ ਵਾਲਾ ਵਿਅਕਤੀ ਨਾਬਾਲਗ ਹੈ ਅਤੇ LPU ਦਾ ਹੀ ਵਿਦਿਆਰਥੀ ਹੈ। ਦੱਸਿਆ ਗਿਆ ਹੈ ਕਿ ਨਾਬਾਲਗ ਦੇ ਪਿਤਾ ਮੰਡੀ ਦੇ ਡੀਸੀ ਦਫ਼ਤਰ ਵਿੱਚ ਅਧਿਕਾਰੀ ਵਜੋਂ ਤਾਇਨਾਤ ਹਨ। ਡੀਆਈਜੀ ਨਵੀਨ ਸਿੰਗਲਾ ਮੁਤਾਬਕ LPU ਵਿੱਚ ਹੰਗਾਮੇ ਦੌਰਾਨ ਕੁਝ ਵਿਦਿਆਰਥੀਆਂ ਵੱਲੋਂ ਪੁਲਿਸ ਅਤੇ ਮੀਡੀਆ 'ਤੇ ਪਥਰਾਅ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਿੰਸਾ ਵਿੱਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


Click it and Unblock the Notifications
