ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਮੌਕੇ ਤੋਂ ਹਮਲਾਵਰ ਫ਼ਰਾਰ
ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ 'ਤੇ ਤਾਬੜਤੋੜ ਗੋਲੀਆਂ ਚਲਾ ਕੇ ਉਸ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੇ ਪੂਰੇ ਪੰਜਾਬ 'ਚ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਦੱਸ ਦਈਏ ਕਿ ਲੋਹਾਰਕਾ ਰੋਡ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ 6 ਵਜੇ ਲੋਹਾਰਕਾ ਰੋਡ 'ਤੇ ਵਾਪਰੀ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਇਨਫਲੂਐਂਸਰ ਮੈਡ ਸੰਧੂ 'ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਘਟਨਾ ਤੋਂ ਬਾਅਦ ਮੈਡ ਸੰਧੂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਪੁਲਿਸ ਦੀਆਂ ਕਈ ਟੀਮਾਂ ਕੰਮ ਕਰ ਰਹੀਆਂ ਹਨ। ਪੁਲਿਸ ਨੂੰ ਮੁਲਜ਼ਮਾਂ ਨਾਲ ਜੁੜੇ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
ਕਤਲ ਤੋਂ ਬਾਅਦ ਸਿਆਸਤ ਵੀ ਗਰਮਾਈ
ਇਸ ਸਨਸਨੀਖੇਜ਼ ਹੱਤਿਆਕਾਂਡ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸੀਨੀਅਰ ਕਾਂਗਰਸੀ ਆਗੂ ਡਾ. ਰਾਜਕੁਮਾਰ ਵੇਰਕਾ ਨੇ ਘਟਨਾ 'ਤੇ ਰੋਸ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਡਾ. ਵੇਰਕਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲ ਰਹੀਆਂ ਹਨ ਅਤੇ ਲੋਕ ਆਪਣੀ ਜਾਨ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।
ਫਿਲਹਾਲ ਪੁਲਿਸ ਵੱਲੋਂ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।


Click it and Unblock the Notifications
