154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ: ਭਗਵੰਤ ਮਾਨ ਸਰਕਾਰ ਦਾ ਸਿਹਤ ਸੇਵਾਵਾਂ ਵੱਲ ਵੱਡਾ ਕਦਮ
ਪੰਜਾਬ ਵਿੱਚ ਸਿਹਤ ਸੇਵਾਵਾਂ ਹਰ ਨਾਗਰਿਕ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਹੋਰ ਕਦਮ ਚੁੱਕਿਆ ਹੈ। ਸੂਬੇ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਕਰਦਿਆਂ ਸਰਕਾਰ ਨੇ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ।
ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 1,245 ਹੋ ਗਈ ਹੈ। ਇਹ ਪਹਿਲ ਸੂਬਾ ਸਰਕਾਰ ਦੀ ਉਸ ਯੋਜਨਾ ਦਾ ਹਿੱਸਾ ਹੈ, ਜਿਸ ਤਹਿਤ ਸ਼ਹਿਰਾਂ ਤੋਂ ਲੈ ਕੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਹਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਮਰੀਜ਼ 6.5 ਕਰੋੜ ਤੋਂ ਵੱਧ ਵਾਰ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਡਾਕਟਰੀ ਸਲਾਹ ਦੇ ਨਾਲ-ਨਾਲ ਕਈ ਜ਼ਰੂਰੀ ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਜਾਂਚਾਂ ਦੀ ਸਹੂਲਤ ਵੀ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾਂਦੀ ਹੈ। ਇਸ ਨਾਲ ਆਮ ਲੋਕਾਂ ਨੂੰ ਇਲਾਜ ਦੇ ਖਰਚਿਆਂ ਤੋਂ ਰਾਹਤ ਮਿਲ ਰਹੀ ਹੈ।
ਸਿਹਤ ਸਹੂਲਤਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਆਪਣੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਮੁਹੱਲਿਆਂ ਅਤੇ ਪਿੰਡਾਂ ਵਿੱਚ ਹੀ ਮੁੱਢਲੇ ਇਲਾਜ ਦੀ ਸਹੂਲਤ ਮਿਲ ਰਹੀ ਹੈ।ਇਸ ਨਾਲ ਨਾ ਸਿਰਫ਼ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ, ਸਗੋਂ ਵੱਡੇ ਸਰਕਾਰੀ ਹਸਪਤਾਲਾਂ ਦੀਆਂ ਓਪੀਡੀਜ਼ ਵਿੱਚ ਮਰੀਜ਼ਾਂ ਦੀ ਭੀੜ ਅਤੇ ਦਬਾਅ ਘਟਾਉਣ ਵਿੱਚ ਵੀ ਮਦਦ ਮਿਲ ਸਕਦੀ ਹੈ।
ਪੰਜਾਬ ਸਰਕਾਰ ਦੀ ਇਸ ਪਹਿਲ ਨੂੰ ਸੂਬੇ ਦੇ ਮੁੱਢਲੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਖਰਚਿਆਂ ਤੋਂ ਰਾਹਤ ਦੇਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।


Click it and Unblock the Notifications
