ਝੋਟਾ ਕਤਲ ਮਾਮਲਾ: ਪਰਿਵਾਰ ਨੂੰ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਪਿਤਾ ਦਾ ਬਿਆਨ- 'ਮੈਨੂੰ ਪੈਸਿਆਂ ਦਾ ਲਾਲਚ ਨਹੀਂ''
ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਭਲਕੇ 6 ਨਵੰਬਰ ਨੂੰ ਚੰਡੀਗੜ੍ਹ ਦੇ PGI ਵਿੱਚ ਝੋਟਾ ਦਾ ਪੋਸਟਮਾਰਟਮ ਕੀਤਾ ਜਾਵੇਗਾ। 23ਵੇਂ ਦਿਨ ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋਇਆ ਹੈ, ਹਾਲਾਂਕਿ, ਉਸ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।
ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਕਾਰ ਪੰਜ ਘੰਟੇ ਚੱਲੀ ਮੀਟਿੰਗ ਤੋਂ ਬਾਅਦ, ਕਈ ਮੁੱਖ ਮੰਗਾਂ 'ਤੇ ਸਹਿਮਤੀ ਬਣ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੀ ਮਿਲਿਆ ?
ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਝੋਟਾ ਦੇ ਪਿਤਾ ਅਤੇ ਐਂਟੀ ਡਰੱਗ ਟਾਸਕ ਟੀਮ ਵਿਰੁੱਧ ਦਰਜ ਕੀਤੇ ਗਏ ਕੇਸ ਵੀ ਰੱਦ ਕੀਤੇ ਜਾਣਗੇ। ਮਾਨਸਾ ਵਿੱਚ ਝੋਟਾ ਦੀ ਯਾਦ ਵਿੱਚ ਉਨ੍ਹਾਂ ਦਾ ਬੁੱਤ ਲਗਾਇਆ ਜਾਵੇਗਾ ਅਤੇ ਉਨ੍ਹਾਂ ਦੇ ਨਾਮ 'ਤੇ ਪਿੰਡ ਖਿਆਲਾ ਵਿੱਚ ਟਰੌਮਾ ਸੈਂਟਰ ਬਣਾਇਆ ਜਾਵੇਗਾ।
ਦੂਜੇ ਪਾਸੇ, ਜੇਲ੍ਹ ਵਿੱਚ ਬੰਦ ਲੱਖਾ ਸਿਧਾਣਾ ਸਮੇਤ ਹੋਰ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਵੀ ਕੀਤੀ ਜਾਵੇਗੀ। ਇਨ੍ਹਾਂ ਸਹਿਮਤੀਆਂ ਤੋਂ ਬਾਅਦ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਐਕਸ਼ਨ ਕਮੇਟੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਅੰਤਿਮ ਸੰਸਕਾਰ ਆਗੂਆਂ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੀ ਕੀਤਾ ਜਾਵੇਗਾ।
ਪਰਵਿੰਦਰ ਝੋਟਾ ਦੇ ਪਿਤਾ ਦਾ ਵੱਡਾ ਬਿਆਨ- ਮੈਨੂੰ ਨਹੀਂ ਹੈ ਪੈਸਿਆਂ ਦਾ ਲਾਲਚ
ਇਸ ਸਹਿਮਤੀ ਤੋਂ ਬਾਅਦ ਲੋਕਾਂ ਵੱਲੋਂ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਮੁੱਖ ਮੰਗਣਾ ਨੂੰ ਹੁਣ ਕਿਵੇਂ ਐਕਸ਼ਨ ਕਮੇਟੀ ਅਤੇ ਪਰਿਵਾਰ ਭੁੱਲ ਗਿਆ। ਇਸ ਗੱਲ ਦਾ ਜਵਾਬ ਦਿੰਦਿਆਂ ਪਰਵਿੰਦਰ ਝੋਟਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੀ ਪੈਸੇ ਦਾ ਲਾਲਚ ਨਹੀਂ ਹੈ। ਜੋ ਸਹਿਮਤੀ ਬਣੀ ਹੈ ਉਸਦੇ ਵਿੱਚ ਐਕਸ਼ਨ ਕਮੇਟੀ ਦੇ ਮੈਂਬਰਾਂ ਦੀ ਰਜ਼ਾਮੰਦੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹਿਮਤੀ ਨਾਲ ਹੀ ਝੋਟੇ ਦੇ ਪੋਸਟਮਾਰਟਮ ਦਾ ਫ਼ੈਸਲਾ ਲਿਆ ਗਿਆ ਹੈ। ਇਹ ਉਨ੍ਹਾਂ ਦਾ ਇੱਕਲਿਆਂ ਦਾ ਫ਼ੈਸਲਾ ਨਹੀਂ ਹੈ।


Click it and Unblock the Notifications
