LPU ਮਾਮਲਾ : CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ਚ ਪਟੀਸ਼ਨ ਦਾਖ਼ਲ, ਕੱਲ੍ਹ ਹੋਵੇਗੀ ਸੁਣਵਾਈ
ਪੰਜਾਬ ਦੇ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਪੂਰੇ ਘਟਨਾਕ੍ਰਮ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਮੰਗਲਵਾਰ ਨੂੰ ਇਸ ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਸਾਹਮਣੇ ਪੇਸ਼ ਕੀਤਾ ਗਿਆ। ਬੈਂਚ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਕਰਨ ਲਈ ਸਹਿਮਤੀ ਦਿੱਤੀ ਹੈ।

ਪਟੀਸ਼ਨਕਰਤਾ ਵੱਲੋਂ ਸੀਨੀਅਰ ਐਡਵੋਕੇਟ ਗੌਰਵ ਚੋਪੜਾ ਨੇ ਐਡਵੋਕੇਟ ਅਰਜੁਨ ਸ਼ਿਓਰਾਣ ਦੇ ਨਾਲ ਅਦਾਲਤ ਨੂੰ ਦੱਸਿਆ ਕਿ ਯੂਨੀਵਰਸਿਟੀ ਕੈਂਪਸ ਵਿੱਚ ਹੋਈ ਹਿੰਸਾ ਦੌਰਾਨ ਕਥਿਤ ਤੌਰ 'ਤੇ ਦੰਗਾ, ਅੱਗਜ਼ਨੀ ਅਤੇ ਲੁੱਟਪਾਟ ਦੀਆਂ ਘਟਨਾਵਾਂ ਵਾਪਰੀਆਂ। ਪਟੀਸ਼ਨ ਵਿੱਚ ਘਟਨਾਕ੍ਰਮ ਨੂੰ ਗੰਭੀਰ ਦੱਸਦਿਆਂ ਹਾਈਕੋਰਟ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ।
ਯੂਨੀਵਰਸਿਟੀ ਵਿੱਚ ਵੱਡੇ ਪੱਧਰ 'ਤੇ ਨੁਕਸਾਨ ਦਾ ਦਾਅਵਾ
ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਵੱਡੇ ਪੱਧਰ 'ਤੇ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ। ਵੱਖ-ਵੱਖ ਦੁਕਾਨਾਂ ਵਿੱਚ ਲੁੱਟਪਾਟ ਅਤੇ ਅੱਗਜ਼ਨੀ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਪਟੀਸ਼ਨਕਰਤਾ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਲਈ CBI ਜਾਂਚ ਦੀ ਮੰਗ ਕੀਤੀ ਹੈ। ਹਿੰਸਾ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ ਕਲਾਸਾਂ ਅਤੇ ਹੋਰ ਅਕਾਦਮਿਕ ਗਤੀਵਿਧੀਆਂ ਨੂੰ 10 ਦਿਨਾਂ ਲਈ ਮੁਲਤਵੀ ਵੀ ਕਰ ਦਿੱਤਾ ਹੈ।
2 ਦਿਨ, 22 ਘੰਟੇ ਚੱਲਿਆ ਹੰਗਾਮਾ
ਦੱਸਿਆ ਜਾ ਰਿਹਾ ਹੈ ਕਿ LPU ਵਿੱਚ 26 ਅਤੇ 27 ਸਤੰਬਰ ਨੂੰ ਕਰੀਬ 22 ਘੰਟਿਆਂ ਤੱਕ ਹੰਗਾਮਾ ਹੋਇਆ। ਇਸ ਦੌਰਾਨ ਯੂਨੀਵਰਸਿਟੀ ਵਿੱਚ ਅੱਗਜ਼ਨੀ ਅਤੇ ਭੰਨਤੋੜ ਦੀਆਂ ਘਟਨਾਵਾਂ ਵਾਪਰੀਆਂ। ਯੂਨੀਵਰਸਿਟੀ ਦੇ ਅੰਦਰ ਸਥਿਤ ਯੂਨੀਮਾਲ ਵਿੱਚ ਲੁੱਟਪਾਟ ਹੋਣ ਦੀ ਵੀ ਗੱਲ ਵੀ ਸਾਹਮਣੇ ਆਈ ਹੈ। ਇਸ ਹੰਗਾਮੇ ਦਾ ਅਸਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੀ ਪਿਆ ਅਤੇ ਹਾਈਵੇ ਕਰੀਬ 18 ਘੰਟਿਆਂ ਤੱਕ ਬੰਦ ਰਿਹਾ।


Click it and Unblock the Notifications
