ਨਾਜਾਇਜ਼ ਮਾਇਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ: 5 ਸਾਲਾਂ 'ਚ 1845 FIR ਦਰਜ, 28.70 ਕਰੋੜ ਦੇ ਲਗਾਏ ਜੁਰਮਾਨੇ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ।
ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ। ਪੰਜਾਬ ਭਵਨ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੇ ਸਾਲਾਨਾ ਵੇਰਵੇ ਸਾਂਝੇ ਕਰਦਿਆਂ ਦਰਜ ਕੀਤੀਆਂ ਐੱਫ.ਆਈ.ਆਰ, ਜ਼ਬਤ ਕੀਤੇ ਵਾਹਨ ਤੇ ਮਸ਼ੀਨਾਂ, ਲਗਾਏ ਗਏ ਜੁਰਮਾਨਿਆਂ ਅਤੇ ਵਸੂਲੀ ਗਈ ਰਕਮ ਦੇ ਅੰਕੜੇ ਦਿੱਤੇ।

ਸਾਲਾਨਾ ਕਾਰਗੁਜ਼ਾਰੀ ਦੇ ਵੇਰਵੇ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਸਾਲ 2022 ਦੌਰਾਨ 735 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 802 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਸ ਦੌਰਾਨ 89 ਲੱਖ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 88 ਲੱਖ ਰੁਪਏ ਵਸੂਲੇ ਗਏ। ਸਾਲ 2023 ਵਿੱਚ 458 ਐੱਫ.ਆਈ.ਆਰ. ਦਰਜ ਹੋਈਆਂ ਅਤੇ 987 ਜ਼ਬਤੀਆਂ ਕੀਤੀਆਂ ਗਈਆਂ। ਇਸ ਸਾਲ 6.64 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਜਦਕਿ 6.17 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।
ਸਾਲ 2026 ਦੇ ਅੰਕੜੇ ਸਾਂਝੇ ਕਰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ ਹੁਣ ਤੱਕ 247 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 668 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੀ ਜਾ ਰਹੀ ਤੇਜ਼ ਅਤੇ ਨਿਰੰਤਰ ਕਾਰਵਾਈ ਨੂੰ ਦਰਸਾਉਂਦੇ ਹਨ।
ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਵਿਭਾਗ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹਰੇਕ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਲਗਾਤਾਰ ਨਿਗਰਾਨੀ, ਸਖ਼ਤ ਲਾਗੂਕਰਨ ਅਤੇ ਹਰ ਪੱਧਰ 'ਤੇ ਜਵਾਬਦੇਹੀ ਰਾਹੀਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"


Click it and Unblock the Notifications
