ਅਗਲੇ 4 ਦਿਨ ਪੰਜਾਬ ’ਚ ਭਾਰੀ ਮੀਂਹ! ਪੰਜਾਬ ’ਚ ਮੁੜ ਸਰਗਰਮ ਮਾਨਸੂਨ, ਜਾਣੋ ਕਿਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਮੀਂਹ
ਪੰਜਾਬ ਵਿੱਚ ਅੱਜ 13 ਸਤੰਬਰ ਤੋਂ ਮਾਨਸੂਨ ਇੱਕ ਵਾਰ ਫਿਰ ਰਫ਼ਤਾਰ ਫੜ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਯਾਨੀ 17 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਅਸਮਾਨ ਬੱਦਲਵਾਈ ਵਾਲਾ ਰਹਿਣ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪਠਾਨਕੋਟ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਉੱਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਵਿੱਚ 0.6 ਐੱਮਐੱਮ ਮੀਂਹ ਦਰਜ ਕੀਤਾ ਗਿਆ ਸੀ। ਜੇਕਰ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮਾਨਸੂਨ ਸੀਜ਼ਨ ਦੌਰਾਨ ਰਹੀ ਮੀਂਹ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦ ਮਿਲ ਸਕਦੀ ਹੈ।
ਉੱਤਰੀ ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਵਿਗਾੜ ਸਰਗਰਮ ਹੈ। ਉੱਤਰੀ ਪਾਕਿਸਤਾਨ ਅਤੇ ਇਸ ਨਾਲ ਲੱਗਦੇ ਜੰਮੂ ਖੇਤਰ ਵਿੱਚ ਬਣਿਆ ਚੱਕਰਵਾਤੀ ਚੱਕਰ ਹੁਣ ਉੱਤਰੀ ਪੰਜਾਬ ਅਤੇ ਨੇੜਲੇ ਇਲਾਕਿਆਂ ਵਿੱਚ 3.1 ਤੋਂ 5.8 ਕਿਲੋਮੀਟਰ ਦੀ ਉਚਾਈ 'ਤੇ ਸਥਿਤ ਹੈ। ਇਸ ਦੇ ਪ੍ਰਭਾਵ ਕਾਰਨ ਇਲਾਕੇ ਵਿੱਚ ਬੱਦਲਵਾਈ ਵਧਣ ਦੇ ਨਾਲ-ਨਾਲ ਮੀਂਹ ਪੈਣ ਦੀਆਂ ਗਤੀਵਿਧੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸੂਬੇ 'ਚ ਗਰਮੀ ਨਾਲ ਲੋਕ ਬੇਹਾਲ ਹਨ, ਦੂਜੇ ਪਾਸੇ ਤੇਜ਼ ਗਰਮੀ 'ਚ ਬਿਜ਼ਲੀ ਦੇ ਕੱਟਾਂ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਹੈ , ਅਜਿਹੇ 'ਚ ਜੇਕਰ ਆਉਣ ਵਾਲੇ ਦਿਨਾਂ 'ਚ ਚੰਗੀ ਬਰਸਾਤ ਹੁੰਦੀ ਹੈ ਤਾਂ ਲੋਕਾਂ ਨੂੰ ਗਰਮੀ ਤੋਂ ਕੁੱਝ ਹੱਦ ਤੱਕ ਰਾਹਤ ਜ਼ਰੂਰ ਮਿਲੇਗੀ।


Click it and Unblock the Notifications
