ਖਡੂਰ ਸਾਹਿਬ ਦੀ ਸਿਆਸਤ ’ਚ ਵੱਡੀ ਹਲਚਲ, ਸਾਬਕਾ ਅਕਾਲੀ ਆਗੂ ਰਵਿੰਦਰ ਬ੍ਰਹਮਪੁਰਾ ‘ਆਪ’ ’ਚ ਸ਼ਾਮਲ
ਪੰਜਾਬ ਦੇ ਵਿਧਾਨ ਸਭਾ ਹਲਕੇ ਖਡੂਰ ਸਾਹਿਬ ਤੋਂ ਸਾਬਕਾ ਅਕਾਲੀ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਤੋਂ ਬਾਅਦ 'ਆਪ' ਦੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਦੇ ਨਾਲ ਕੁਝ ਸਾਥੀ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਹਮਪੁਰਾ ਦੇ 'ਆਪ' ਵਿੱਚ ਸ਼ਾਮਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਦਲ ਹੁਣ ਪਹਿਲਾਂ ਵਾਲੀ ਪੰਥਕ ਪਛਾਣ ਵਾਲੀ ਪਾਰਟੀ ਨਹੀਂ ਰਹੀ ਸਗੋਂ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ।

ਦੱਸ ਦਈਏ ਕਿ ਪਿਛਲੀ 15 ਸਤੰਬਰ ਨੂੰ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ। ਅਕਾਲੀ ਦਲ ਵੱਲੋਂ ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਏ ਗਏ ਸਨ। ਪਿਛਲੇ ਕੁਝ ਸਮੇਂ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਵਿਚਾਲੇ ਮਤਭੇਦ ਸਾਹਮਣੇ ਆ ਰਹੇ ਸਨ। 13 ਸਤੰਬਰ ਨੂੰ ਖਡੂਰ ਸਾਹਿਬ ਵਿੱਚ ਹੋਈ ਅਕਾਲੀ ਦਲ ਦੀ ਰੈਲੀ ਵਿੱਚ ਵੀ ਉਹ ਸ਼ਾਮਲ ਨਹੀਂ ਹੋਏ ਸਨ।
ਬ੍ਰਹਮਪੁਰਾ ਨੇ 'ਆਪ' ਵਿੱਚ ਸ਼ਾਮਲ ਹੋ ਕੇ ਕੀ ਕਿਹਾ?
ਮਾਝਾ ਖੇਤਰ ਵਿੱਚ ਬ੍ਰਹਮਪੁਰਾ ਪਰਿਵਾਰ ਦਾ ਚੰਗਾ ਜਨ-ਆਧਾਰ ਹੈ। ਆਪ ਨੂੰ ਇਸਦਾ ਫ਼ਾਇਦਾ ਮਿਲ ਸਕਦਾ ਹੈ ਤੇ ਅਕਾਲੀ ਦਲ ਨੂੰ ਇਸਦਾ ਖਾਮਿਆਜ਼ਾ ਆਉਣ ਵਾਲੀਆਂ ਚੋਣਾਂ 'ਚ ਭੁਗਤਣਾ ਪੈ ਸਕਦਾ ਹੈ। ਪਾਰਟੀ ਵਿੱਚ ਸ਼ਾਮਲ ਹੁੰਦਿਆਂ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਧਾਰਮਿਕ ਬੇਅਦਬੀ ਦੇ ਮਾਮਲੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਕਾਨੂੰਨ ਵਿੱਚ ਸੋਧ ਕਰਕੇ ਸਿੱਖ ਕੌਮ ਦੇ ਦਿਲ ਜਿੱਤੇ ਹਨ।
ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਵਿੱਚ ਕੋਈ ਟਕਸਾਲੀ ਨਹੀਂ ਰਿਹਾ। ਹਰਚੰਦ ਸਿੰਘ ਲੌਂਗੋਵਾਲ, ਜਗਦੇਵ ਸਿੰਘ ਤਲਵੰਡੀ, ਪ੍ਰੇਮ ਸਿੰਘ ਲਾਲਪੁਰਾ, ਮੋਹਨ ਸਿੰਘ ਤੁੜ, ਕੈਪਟਨ ਕੰਵਲਜੀਤ ਸਿੰਘ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਸਮੇਤ ਕਈ ਟਕਸਾਲੀ ਪਰਿਵਾਰ ਹੁਣ ਅਕਾਲੀ ਦਲ ਨਾਲੋਂ ਨਾਤਾ ਤੋੜ ਚੁੱਕੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਹੰਕਾਰ ਕਾਰਨ ਬਿੱਲਾ ਪਰਿਵਾਰ ਨੂੰ ਖਡੂਰ ਸਾਹਿਬ ਦਾ ਇੰਚਾਰਜ ਬਣਾਇਆ, ਜਿਸ ਦੇ ਨਤੀਜੇ ਸਮੁੱਚੇ ਅਕਾਲੀ ਦਲ ਨੂੰ ਭੁਗਤਣੇ ਪੈਣਗੇ।
ਬਿੱਲਾ ਮਾਮਲੇ ਨੂੰ ਲੈ ਕੇ ਵੀ ਹੋਇਆ ਸੀ ਵਿਵਾਦ
ਖਡੂਰ ਸਾਹਿਬ ਇਲਾਕੇ ਵਿੱਚ ਅਕਾਲੀ ਦਲ ਦੀ ਸਥਾਨਕ ਸਿਆਸਤ ਨੂੰ ਲੈ ਕੇ ਬ੍ਰਹਮਪੁਰਾ ਅਤੇ ਪਾਰਟੀ ਲੀਡਰਸ਼ਿਪ ਵਿਚਕਾਰ ਮਤਭੇਦ ਸਾਹਮਣੇ ਆਏ ਸਨ। ਰਿਪੋਰਟਾਂ ਮੁਤਾਬਕ, ਅਵਤਾਰ ਸਿੰਘ ਬਿੱਲਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਅਤੇ ਬਾਅਦ ਵਿੱਚ ਉਨ੍ਹਾਂ ਦੀ ਪਤਨੀ ਰਮਨਦੀਪ ਕੌਰ ਸ਼ੇਰੋਂ ਨੂੰ ਖਡੂਰ ਸਾਹਿਬ ਦਾ ਇੰਚਾਰਜ ਬਣਾਏ ਜਾਣ ਦਾ ਬ੍ਰਹਮਪੁਰਾ ਨੇ ਖੁੱਲ੍ਹ ਕੇ ਵਿਰੋਧ ਕੀਤਾ ਸੀ। ਬ੍ਰਹਮਪੁਰਾ ਨੇ ਜਨਤਕ ਤੌਰ 'ਤੇ ਕਿਹਾ ਸੀ ਕਿ ਬਿੱਲਾ ਦੀਆਂ ਤਿੰਨ ਪੀੜ੍ਹੀਆਂ ਨਸ਼ਿਆਂ ਨਾਲ ਜੁੜੀਆਂ ਹਨ। ਪਰ ਬ੍ਰਹਮਪੁਰਾ ਦੀ ਗੱਲ ਨੂੰ ਦਰਕਿਨਾਰ ਕਰਦਿਆਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਬਿੱਲਾ ਪਰਿਵਾਰ 'ਤੇ ਭਰੋਸਾ ਜਤਾਇਆ ਸੀ।


Click it and Unblock the Notifications
