ਪੰਜਾਬ 'ਚ ਭਿਆਨਕ Accident, ਸਕਾਰਪੀਓ-ਟਿੱਪਰ ਦੀ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ; ਨੌਜਵਾਨ ਦੀ ਜ਼ਿੰਦਾ ਸੜ ਕੇ ਮੌਤ
ਮਾਨਾਂਵਾਲਾ-ਤਰਨਤਾਰਨ ਬਾਈਪਾਸ 'ਤੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਸਕਾਰਪੀਓ ਗੱਡੀ ਅਤੇ ਲੁੱਕ ਨਾਲ ਭਰੇ ਟਿੱਪਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੌਰਾਨ ਸਕਾਰਪੀਓ ਸਵਾਰ ਨੌਜਵਾਨ ਦੀ ਗੱਡੀ ਦੇ ਅੰਦਰ ਜ਼ਿੰਦਾ ਸੜਨ ਨਾਲ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਕਰੀਬ 24-25 ਸਾਲਾ ਗੁਰਿੰਦਰ ਸਿੰਘ ਵਜੋਂ ਹੋਈ ਹੈ, ਜੋ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਉਹ ਘਰਾਂ ਵਿੱਚ ਪੀਵੀਸੀ ਫਿਟਿੰਗ ਦਾ ਕੰਮ ਕਰਦਾ ਸੀ ਅਤੇ ਕਿਸੇ ਕੰਮ ਦੇ ਸਿਲਸਿਲੇ ਵਿੱਚ ਸਾਮਾਨ ਲੈਣ ਲਈ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਮੌਕੇ 'ਤੇ ਹੀ ਅੱਗ ਲੱਗ ਗਈ।

ਘਟਨਾ ਤੋਂ ਤੁਰੰਤ ਬਾਅਦ ਟਿੱਪਰ ਚਾਲਕ ਆਪਣਾ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਨੇੜਲੇ ਢਾਬਿਆਂ 'ਤੇ ਮੌਜੂਦ ਲੋਕ ਅਤੇ ਰਾਹਗੀਰ ਮਦਦ ਲਈ ਮੌਕੇ 'ਤੇ ਪਹੁੰਚ ਗਏ। ਪੁਲਿਸ ਮੁਲਾਜ਼ਮਾਂ ਅਤੇ ਸਥਾਨਕ ਲੋਕਾਂ ਨੇ ਬਿਨਾਂ ਸਮਾਂ ਗੁਆਏ ਮੋਟਰਾਂ, ਪਾਣੀ ਦੀਆਂ ਪਾਈਪਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਸਕਾਰਪੀਓ ਵਿੱਚ ਫਸੇ ਨੌਜਵਾਨ ਨੂੰ ਬਾਹਰ ਕੱਢਣਾ ਸੰਭਵ ਨਹੀਂ ਹੋ ਸਕਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਦਰਦਨਾਕ ਹਾਦਸੇ ਤੋਂ ਬਾਅਦ ਮੌਕੇ 'ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਹਾਦਸੇ ਤੋਂ ਕਰੀਬ ਇੱਕ ਘੰਟੇ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਨਹੀਂ ਪਹੁੰਚੀ। ਲੋਕਾਂ ਦਾ ਕਹਿਣਾ ਸੀ ਕਿ ਜੇਕਰ ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਸ਼ਾਇਦ ਨੌਜਵਾਨ ਦੀ ਜਾਨ ਬਚਾਈ ਜਾ ਸਕਦੀ ਸੀ।
ਸਥਾਨਕ ਲੋਕਾਂ ਅਤੇ ਮ੍ਰਿਤਕ ਦੇ ਜਾਣਕਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਵਿਅਸਤ ਹਾਈਵੇਅ 'ਤੇ ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਸੇਵਾਵਾਂ ਦੀ ਪੱਕੀ ਵਿਵਸਥਾ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਦਾ ਚਿਰਾਗ ਇਸ ਤਰ੍ਹਾਂ ਨਾ ਬੁਝੇ।


Click it and Unblock the Notifications
