ਹੋ ਗਿਆ ਐਲਾਨ: 2027 ਚੋਣਾਂ ਲਈ BJP ਤੇ ਅਕਾਲੀ ਦਲ ਮੁੜ ਹੋਏ ਇਕੱਠੇ, ਸੀਟਾਂ ਦੀ ਵੰਡ 'ਤੇ ਬਾਅਦ 'ਚ ਹੋਵੇਗੀ ਚਰਚਾ
ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ 2027 ਦੀਆਂ ਚੋਣਾਂ ਤੋਂ ਪਹਿਲਾਂ ਆਖ਼ਿਰਕਾਰ ਇਕਜੁੱਟ ਹੋ ਗਏ ਹਨ। ਅੱਜ ਦਿੱਲੀ ਵਿਖੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਾਂਝ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪੰਜਾਬ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀ। ਗਠਜੋੜ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨਗੀਆਂ। ਉਨ੍ਹਾਂ ਇਸ ਸਾਂਝ ਨੂੰ ਬੇਹੱਦ ਅਹਿਮ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮੁੜ ਗੱਠਜੋੜ ਹੋਣ ਨਾਲ ਹੁਣ ਐੱਨ.ਡੀ.ਏ. (NDA) ਮੁਕੰਮਲ ਹੋ ਗਿਆ ਹੈ।

ਸੀਟਾਂ ਦੀ ਵੰਡ 'ਤੇ ਬਾਅਦ 'ਚ ਹੋਵੇਗੀ ਗੱਲ - ਨਿਤਿਨ ਨਬੀਨ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਐੱਨਡੀਏ ਵਿੱਚ ਸ਼ਾਮਲ ਹੋਣ ਨਾਲ ਗੱਠਜੋੜ ਦੀ ਤਾਕਤ ਵਧੇਗੀ। ਦੋਵੇਂ ਪਾਰਟੀਆਂ ਦਾ ਕੁਦਰਤੀ ਗੱਠਜੋੜ ਹੈ। ਜਨਤਾ ਅਤੇ ਪਾਰਟੀ ਵਰਕਰਾਂ ਵਿਚਾਲੇ ਵੀ ਇਹ ਇੱਕ ਸੁਭਾਵਿਕ ਸਾਂਝ ਹੈ। ਉਨ੍ਹਾਂ ਕਿਹਾ ਕਿ 1675 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਪਰਿਵਰਤਨ ਨੂੰ ਰੋਕਣ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਦੇ ਦਿਨ ਅਸੀਂ ਗੁਰੂ ਸਾਹਿਬ ਦੇ ਸੰਦੇਸ਼ਾਂ ਨੂੰ ਲੈ ਕੇ ਸਮਾਜ ਵਿੱਚ ਜਾਵਾਂਗੇ। ਨਿਤਿਨ ਨਬੀਨ ਨੇ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਬਾਅਦ ਵਿੱਚ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਨੂੰ ਮਹਿਜ਼ ਸਿਆਸੀ ਸਮਝੌਤਾ ਨਾ ਦੱਸਦਿਆਂ 'ਨਹੁੰ-ਮਾਸ ਦਾ ਰਿਸ਼ਤਾ' ਕਰਾਰ ਦਿੱਤਾ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਗਠਜੋੜ ਸਦਕਾ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੀ ਇਹ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਪੱਧਰਾ ਕਰੇਗੀ।


Click it and Unblock the Notifications
