ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, 40 ਕਾਲਜਾਂ ਵਿੱਚ ਸ਼ੁਰੂ ਹੋਏ ‘SANGAT’ ਮੈਂਟਲ ਹੈਲਥ ਕਲੱਬ, ਮਾਨਸਿਕ ਸਿਹਤ 'ਤੇ ਫੋਕਸ
ਪੰਜਾਬ ਸਰਕਾਰ ਨੇ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ, ਸਮੇਂ ਸਿਰ ਮਦਦ ਮੁਹੱਈਆ ਕਰਵਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ 'SANGAT' ਮੈਂਟਲ ਹੈਲਥ ਕਲੱਬ ਸ਼ੁਰੂ ਕੀਤੇ ਹਨ। ਇਹ ਪਹਿਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੀਤੀ ਗਈ ਹੈ।
ਉੱਚ ਸਿੱਖਿਆ ਵਿਭਾਗ ਵੱਲੋਂ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ABET) ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦਾ ਉਦੇਸ਼ ਕਾਲਜਾਂ ਵਿੱਚ ਅਜਿਹਾ ਮਾਹੌਲ ਤਿਆਰ ਕਰਨਾ ਹੈ, ਜਿੱਥੇ ਵਿਦਿਆਰਥੀ ਮਾਨਸਿਕ ਤਣਾਅ ਨੂੰ ਪਛਾਣ ਸਕਣ, ਲੋੜ ਪੈਣ 'ਤੇ ਸਹੀ ਮਦਦ ਲੈ ਸਕਣ ਅਤੇ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਗੱਲ ਕਰ ਸਕਣ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਲੱਬਾਂ ਦੇ ਵਿਦਿਆਰਥੀ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਨੌਜਵਾਨਾਂ ਦੇ ਸਸ਼ਕਤੀਕਰਨ, ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਰੋਕਥਾਮ ਵਿੱਚ ਸਿੱਖਿਆ ਸੰਸਥਾਵਾਂ, ਪਰਿਵਾਰਾਂ ਅਤੇ ਦੋਸਤਾਂ ਦੀ ਭੂਮਿਕਾ ਬਾਰੇ ਚਰਚਾ ਕੀਤੀ ਗਈ।
ਪਲਕਸ਼ਾ ਯੂਨੀਵਰਸਿਟੀ ਮੋਹਾਲੀ ਵਿੱਚ ਹੋਇਆ ਉਦਘਾਟਨ
ਮੋਹਾਲੀ ਦੀ ਪਲਕਸ਼ਾ ਯੂਨੀਵਰਸਿਟੀ ਵਿੱਚ ਹੋਏ ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'SANGAT' ਨੌਜਵਾਨਾਂ ਨੂੰ ਮਾਨਸਿਕ ਸਿਹਤ ਦੀਆਂ ਚੁਣੌਤੀਆਂ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜਾਗਰੂਕ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਬੈਂਸ ਨੇ ਕਿਹਾ, "ਨਸ਼ੇ ਕਰਨਾ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਕਿਸੇ ਨੂੰ ਗ਼ਲਤ ਸੰਗਤ ਵਿੱਚੋਂ ਬਾਹਰ ਕੱਢ ਕੇ ਸਹੀ ਰਾਹ 'ਤੇ ਲਿਆਉਣਾ ਮਾਣ ਵਾਲੀ ਗੱਲ ਹੈ।
'SANGAT' ਨੌਜਵਾਨਾਂ ਵੱਲੋਂ ਨੌਜਵਾਨਾਂ ਲਈ ਤਿਆਰ ਕੀਤਾ ਗਿਆ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਆਪਸੀ ਸਹਿਯੋਗ, ਮਾਨਸਿਕ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ।"
ਨੀਰਜਾ ਬਿਰਲਾ ਨੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਦੀ ਲੋੜ 'ਤੇ ਦਿੱਤਾ ਜ਼ੋਰ
ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਅਤੇ ਐਮਪਾਵਰ (Mpower) ਦੀ ਸੰਸਥਾਪਕ ਅਤੇ ਚੇਅਰਪਰਸਨ ਨੀਰਜਾ ਬਿਰਲਾ ਨੇ ਕਿਹਾ ਕਿ ਨੌਜਵਾਨਾਂ ਵਿੱਚ ਭਾਵਨਾਤਮਕ ਤਣਾਅ, ਮਾਨਸਿਕ ਸਿਹਤ ਦੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਵਰਤੋਂ ਵਿਚਕਾਰ ਸਬੰਧ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ, ਸਮਾਜਿਕ ਸੰਸਥਾਵਾਂ, ਸਿੱਖਿਆ ਮਾਹਿਰਾਂ, ਸਿਹਤ ਪੇਸ਼ੇਵਰਾਂ ਅਤੇ ਭਾਈਚਾਰਕ ਆਗੂਆਂ ਦੇ ਸਾਂਝੇ ਯਤਨਾਂ ਨਾਲ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ ਵਸੇਬੇ ਅਤੇ ਸਮਾਜ ਵਿੱਚ ਮੁੜ ਸ਼ਾਮਲ ਕਰਨ ਲਈ ਇੱਕ ਟਿਕਾਊ ਪ੍ਰਣਾਲੀ ਵਿਕਸਤ ਕੀਤੀ ਜਾ ਸਕਦੀ ਹੈ।
ਅਪਰਸ਼ਕਤੀ ਖੁਰਾਣਾ ਨੇ ਕਿਹਾ- ਨੌਜਵਾਨਾਂ ਨੂੰ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਦਾ ਮੌਕਾ ਮਿਲੇ
ਸਮਾਗਮ ਵਿੱਚ ਸ਼ਾਮਲ ਹੋਏ ਬਾਲੀਵੁੱਡ ਅਦਾਕਾਰ ਅਪਰਸ਼ਕਤੀ ਖੁਰਾਣਾ ਨੇ ਮਾਨਸਿਕ ਸਿਹਤ ਬਾਰੇ ਖੁੱਲ੍ਹ ਕੇ ਗੱਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਕਸਰ ਮਜ਼ਬੂਤ ਬਣਨ ਲਈ ਕਿਹਾ ਜਾਂਦਾ ਹੈ, ਪਰ ਮਜ਼ਬੂਤੀ ਦਾ ਮਤਲਬ ਆਪਣੀਆਂ ਮੁਸ਼ਕਲਾਂ ਬਾਰੇ ਇਮਾਨਦਾਰੀ ਨਾਲ ਗੱਲ ਕਰਨਾ ਅਤੇ ਲੋੜ ਪੈਣ 'ਤੇ ਮਦਦ ਮੰਗਣਾ ਵੀ ਹੈ।
ਉਨ੍ਹਾਂ ਮੁਤਾਬਕ, ਨੌਜਵਾਨਾਂ ਨੂੰ ਅਜਿਹਾ ਮਾਹੌਲ ਮਿਲਣਾ ਚਾਹੀਦਾ ਹੈ, ਜਿੱਥੇ ਉਨ੍ਹਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਨੂੰ ਜੱਜ ਕਰਨ ਦੀ ਬਜਾਏ ਸਮਝਣ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 'SANGAT' ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਇੱਕ-ਦੂਜੇ ਦੀ ਮਦਦ ਕਰਨ ਅਤੇ ਮਾਨਸਿਕ ਸਿਹਤ ਬਾਰੇ ਖੁੱਲ੍ਹ ਕੇ ਗੱਲਬਾਤ ਕਰਨ ਲਈ ਉਤਸ਼ਾਹਿਤ ਕਰ ਸਕਦੀਆਂ ਹਨ।
ਹਰ ਕਾਲਜ ਦੇ 25 ਵਿਦਿਆਰਥੀਆਂ ਨੂੰ ਮਿਲੇਗੀ ਵਿਸ਼ੇਸ਼ ਸਿਖਲਾਈ
ਇਸ ਪ੍ਰੋਗਰਾਮ ਤਹਿਤ ਹਿੱਸਾ ਲੈਣ ਵਾਲੇ ਹਰੇਕ ਕਾਲਜ ਦੇ 25 ਵਿਦਿਆਰਥੀਆਂ ਨੂੰ ਯੂਥ ਮੈਂਟਲ ਹੈਲਥ ਫਸਟ ਏਡ (YMHFA) ਦੀ 14 ਘੰਟਿਆਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਕਾਲਜਾਂ ਵਿੱਚ ਇਹ ਕਲੱਬ ਮਾਨਸਿਕ ਸਿਹਤ ਸਬੰਧੀ ਗਤੀਵਿਧੀਆਂ ਕਰਵਾਉਣਗੇ। ਇਸ ਪਹਿਲ ਦਾ ਉਦੇਸ਼ ਸਮੱਸਿਆਵਾਂ ਦੀ ਸ਼ੁਰੂਆਤੀ ਪੜਾਅ 'ਤੇ ਪਛਾਣ ਕਰਨਾ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪੇਸ਼ੇਵਰ ਮਦਦ ਨਾਲ ਜੋੜਨਾ ਹੈ।
Mpower ਦੇ COPE ਪ੍ਰੋਗਰਾਮ ਤਹਿਤ ਹੋਵੇਗਾ ਲਾਗੂ
'SANGAT' ਪ੍ਰੋਗਰਾਮ ਨੂੰ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੀ ਸਹਾਇਕ ਸੰਸਥਾ Mpower ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਇਹ ਪਹਿਲ COPE (ਕਾਊਂਸਲਿੰਗ ਐਂਡ ਆਊਟਰੀਚ ਫਾਰ ਪੀਅਰ ਇੰਪਾਵਰਮੈਂਟ) ਢਾਂਚੇ ਤਹਿਤ ਚਲਾਈ ਜਾਵੇਗੀ। ਪੰਜਾਬ ਸਰਕਾਰ ਮੁਤਾਬਕ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਇਹ ਪਹਿਲ ਨੌਜਵਾਨਾਂ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਣ, ਨਸ਼ਿਆਂ ਦੀ ਰੋਕਥਾਮ ਅਤੇ ਕਾਲਜਾਂ ਵਿੱਚ ਸਹਿਯੋਗੀ ਮਾਹੌਲ ਪੈਦਾ ਕਰਨ ਵੱਲ ਇੱਕ ਕਦਮ ਹੈ।


Click it and Unblock the Notifications
