ਮੁੱਖ ਮੰਤਰੀ ਸਿਹਤ ਯੋਜਨਾ: CM ਮਾਨ ਨੇ ਲਾਭਪਾਤਰੀਆਂ ਨੂੰ ਵੰਡੇ ਬੀਮਾ ਕਾਰਡ, 10 ਲੱਖ ਤੱਕ ਹੋਵੇਗਾ ਕੈਸ਼ਲੈਸ ਇਲਾਜ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ।
ਇਸ ਸਬੰਧੀ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਬਾਅਦ ਦੁਪਹਿਰ 2:30 ਵਜੇ ਸਿਹਤ ਬੀਮਾ ਯੋਜਨਾ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ।

54 ਲੱਖ ਪਰਿਵਾਰਾਂ ਨੂੰ ਮਿਲੇ ਸਿਹਤ ਬੀਮਾ ਕਾਰਡ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 54 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਜਾ ਚੁੱਕੇ ਹਨ। ਇਸ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕੈਸ਼ਲੈਸ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਮੁਤਾਬਕ 24 ਹਜ਼ਾਰ ਤੋਂ ਵੱਧ ਡਾਇਲਾਸਿਸ ਕੀਤੇ ਜਾ ਚੁੱਕੇ ਹਨ, ਜਦਕਿ ਦਿਲ ਦੀਆਂ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ 121 ਕਰੋੜ ਰੁਪਏ ਤੋਂ ਵੱਧ ਦੇ ਸਟੰਟ ਪਾਏ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਦੇ ਹਰ ਘਰ ਵਿੱਚ ਤੰਦਰੁਸਤੀ ਹੋਵੇ। ਇਸੇ ਮੰਤਵ ਨਾਲ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਕੇ ਘਰ-ਘਰ ਤਰੱਕੀ ਦੇ ਦੀਵੇ ਜਗਾਉਣਾ ਚਾਹੁੰਦੀ ਹੈ।
1 ਅਕਤੂਬਰ ਤੋਂ ਮੁੜ ਮਿਲੇਗਾ ਮਹਿਲਾਵਾਂ ਨੂੰ ਯੋਜਨਾ ਦਾ ਲਾਭ
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੀ ਇੱਕ ਵਾਰ ਫਿਰ ਤੋਂ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 1 ਅਕਤੂਬਰ ਤੋਂ ਮੁੜ ਔਰਤਾਂ ਦੇ ਫੋਨਾਂ 'ਤੇ ਇਸ ਯੋਜਨਾ ਨਾਲ ਸਬੰਧਤ ਸੁਨੇਹੇ ਆਉਣਗੇ ਅਤੇ ਪੰਜਾਬ ਦੀ ਕੋਈ ਵੀ ਯੋਗ ਔਰਤ ਇਸ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਚਲਾਈਆਂ ਜਾ ਰਹੀਆਂ ਹੋਰ ਯੋਜਨਾਵਾਂ ਅਤੇ ਅਹਿਮ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸਮਾਗਮ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ, ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਸਮੇਤ ਹੋਰ ਵਲੰਟੀਅਰ ਅਤੇ ਆਗੂ ਮੌਜੂਦ ਸਨ


Click it and Unblock the Notifications
