ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, 4 ਦਸੰਬਰ ਤੋਂ ਸ਼ੁਰੂ ਹੋਣਗੇ ਸਮਾਗਮ

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਏਗੀ। ਇਸਦਾ ਐਲਾਨ ਖ਼ੁਦ ਮੁੱਖਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਸਬੰਧੀ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਕ ਅਤੇ ਸੱਭਿਆਚਾਰਕ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ।

ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਮੌਕੇ ਨੂੰ ਸੂਬਾ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ, ਤਾਂ ਜੋ ਮਹਾਨ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਨਕਲਾਬੀ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸਿਰਫ਼ ਧਾਰਮਿਕ ਸਮਾਗਮ ਨਹੀਂ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰਤਾ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਅਮਰ ਫਲਸਫੇ ਨਾਲ ਮੁੜ ਜੋੜਨ ਦਾ ਇਤਿਹਾਸਕ ਮੌਕਾ ਹੈ।

guru ravidas celebration

4 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸ਼ੁਰੂ ਹੋਵੇਗਾ ਸਮਾਗਮ

ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਵੱਲੋਂ ਦਿੱਤਾ ਗਿਆ ਬੇਗਮਪੁਰਾ ਦਾ ਸੰਕਲਪ ਅਜਿਹੇ ਸਮਾਜ ਦੀ ਕਲਪਨਾ ਕਰਦਾ ਹੈ, ਜਿੱਥੇ ਕਿਸੇ ਨਾਲ ਵੀ ਭੇਦਭਾਵ, ਸ਼ੋਸ਼ਣ ਅਤੇ ਅਸਮਾਨਤਾ ਨਾ ਹੋਵੇ ਅਤੇ ਹਰ ਵਿਅਕਤੀ ਨੂੰ ਸਨਮਾਨ, ਬਰਾਬਰ ਹੱਕ ਅਤੇ ਮੌਕੇ ਮਿਲਣ। ਮੁੱਖ ਮੰਤਰੀ ਨੇ ਸਮਾਗਮਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਸਮੇਤ ਹੋਰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।

5 ਦਸੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਸਮਾਗਮ ਦੀ ਸ਼ੁਰੂਆਤ ਦੇ ਅਗਲੇ ਦਿਨ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਬੰਧੀ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਗਤੀਵਿਧੀਆਂ ਹੋਣਗੀਆਂ।

ਇਸੇ ਤਰ੍ਹਾਂ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3ਡੀ ਪ੍ਰੋਜੈਕਸ਼ਨ ਸਮੇਤ ਹੋਰ ਪ੍ਰੋਗਰਾਮਾਂ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਹੋਵੇਗੀ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਹ ਸ਼ੋਭਾ ਯਾਤਰਾਵਾਂ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋਣਗੀਆਂ ਅਤੇ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਪਹੁੰਚ ਕੇ ਇਕੱਠੀਆਂ ਹੋਣਗੀਆਂ। ਇਨ੍ਹਾਂ ਧਾਰਮਿਕ ਯਾਤਰਾਵਾਂ ਰਾਹੀਂ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਨੂੰ ਸ਼ਰਧਾ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦੇ ਧਾਗੇ ਵਿੱਚ ਜੋੜਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੋਭਾ ਯਾਤਰਾਵਾਂ ਲਈ ਸੁਰੱਖਿਆ, ਸਹੂਲਤਾਂ ਅਤੇ ਆਪਸੀ ਤਾਲਮੇਲ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਰਬ-ਵਿਆਪਕ ਸਿੱਖਿਆਵਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਸੀਮਤ ਨਹੀਂ ਰਹਿਣਗੇ, ਸਗੋਂ ਸੂਬਾ ਸਰਕਾਰ ਵੱਲੋਂ ਪੂਰਾ ਸਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰ 'ਤੇ ਮੁਕਾਬਲੇ, 13 ਹਜ਼ਾਰ ਪਿੰਡਾਂ ਵਿੱਚ ਡਾਕੂਮੈਂਟਰੀ ਦੀ ਸਕ੍ਰੀਨਿੰਗ, 90 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਗਈਆਂ ਹਨ। ਇਨ੍ਹਾਂ ਗਤੀਵਿਧੀਆਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਦੇ ਯੋਗਦਾਨ ਅਤੇ ਇਨਕਲਾਬੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿ ਉਸ ਨੂੰ ਇਸ ਪਵਿੱਤਰ ਮੌਕੇ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਸਮੁੱਚੇ ਮੰਤਰੀ ਮੰਡਲ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਨਗੇ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+