ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 1822 ਸ਼ਰਧਾਲੂਆਂ ਦਾ ਜਥਾ ਜਾਏਗਾ ਪਾਕਿਸਤਾਨ, ਕੱਲ੍ਹ ਹੋਵੇਗੀ ਰਵਾਨਗੀ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਾਣ ਵਾਲੇ ਜਥੇ ਵਿੱਚ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਛੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਵੀ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਗੇ।

ਧਾਮੀ ਨੇ ਦੱਸਿਆ ਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂ 21 ਅਤੇ 22 ਨਵੰਬਰ ਨੂੰ ਐੱਸਜੀਪੀਸੀ ਦਫ਼ਤਰ ਤੋਂ ਆਪਣੇ ਪਾਸਪੋਰਟ ਲੈ ਸਕਦੇ ਹਨ। ਤੈਅ ਪ੍ਰੋਗਰਾਮ ਮੁਤਾਬਕ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ 1 ਦਸੰਬਰ ਨੂੰ ਭਾਰਤ ਪਰਤੇਗਾ।
557ਵੇਂ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ 24 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ, ਸ੍ਰੀ ਨਨਕਾਣਾ ਸਾਹਿਬ ਵਿਖੇ ਹੋਵੇਗਾ।ਸੰਗਤ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਹੋਰ ਗੁਰਧਾਮਾਂ ਦੇ ਦਰਸ਼ਨ ਕਰੇਗੀ।


Click it and Unblock the Notifications
